ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ 'ਤੇ ਪੀ.ਆਰ.ਟੀ.ਸੀ. ਬਠਿੰਡਾ ਕਾਊਂਟਰ ਦੇ ਐਡਵਾਂਸ ਬੁੱਕਰਾਂ ਵਿਰੁੱਧ ਬਠਿੰਡਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। 


ਮੰਤਰੀ ਵੱਲੋਂ ਐਡਵਾਂਸ ਬੁਕਿੰਗ ਦੀਆਂ ਟਿਕਟਾਂ ਦੀ ਪ੍ਰਕਿਰਿਆ ਚੈਕ ਕਰਨ ਦੇ ਆਦੇਸ਼ਾਂ ਪਿੱਛੋਂ ਇਹ ਜਾਂਚ ਕੀਤੀ ਜਾ ਰਹੀ ਸੀ ਜਿਸ ਵਿਚ ਪਾਇਆ ਗਿਆ ਕਿ ਬਠਿੰਡਾ ਕਾਊਂਟਰ ਦੇ ਐਡਵਾਂਸ ਬੁੱਕਰ ਰਾਮ ਸਿੰਘ ਅਤੇ ਸੁਖਪਾਲ ਸਿੰਘ ਟਿਕਟ ਮਸ਼ੀਨਾਂ ਰਾਹੀਂ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾ ਰਹੇ ਹਨ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਜਾਂਚ ਦੌਰਾਨ ਮਈ ਦੇ ਪਹਿਲੇ ਪੰਜ ਦਿਨਾਂ ਵਿਚ ਹੀ ਕਰੀਬ 3.25 ਲੱਖ ਰੁਪਏ ਦਾ ਫ਼ਰਕ ਮਿਲਿਆ ਹੈ। ਜਿਸ ਪਿੱਛੋਂ ਐਸ.ਐਸ.ਪੀ. ਬਠਿੰਡਾ ਨੂੰ ਮਾਮਲਾ ਦਰਜ ਕਰਨ ਲਈ ਲਿਖਿਆ ਗਿਆ ਸੀ ਅਤੇ ਦੋਸ਼ੀਆਂ ਵਿਰੁੱਧ ਧਾਰਾ 420 ਅਤੇ 409 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।


ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪਿਛਲੇ ਸਾਰੇ ਅਰਸੇ ਦੌਰਾਨ ਐਡਵਾਂਸ ਟਿਕਟਾਂ ਦੀ ਬੁਕਿੰਗ ਚੈਕ ਕੀਤੀ ਜਾਵੇ। 


ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰੀ ਖਜਾਨੇ ਨੂੰ ਚੂਨਾ ਲਾਉਣ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਸੁਚੇਤ ਕੀਤਾ ਕਿ ਉਹ ਈਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਕਿਉਂਕਿ ਸਰਕਾਰੀ ਖਜ਼ਾਨੇ ਨੂੰ ਖੋਰਾ ਲਾਉਣ ਵਾਲੇ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


ਲੁਧਿਆਣਾ : ਲੁਧਿਆਣਾ ਪੁਲਿਸ ਨੇ ਤਿੰਨ ਬਦਮਾਸ਼ਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ 3 ਪਿਸਤੌਲਾਂ, ਕਾਰਤੂਸਾਂ ਸਮੇਤ 25 ਗ੍ਰਾਮ ਹੈਰੋਇਨ ਅਤੇ ਹੋਰ ਸਮਾਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।  ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ 'ਚ ਪੈਂਦੇ ਪਿੰਡ ਪਵਾ ਦੇ ਕੱਟ ਤੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਪੁਲੀਸ ਕਮਿਸ਼ਨਰ ਡਾ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

 ਇਨ੍ਹਾਂ ਵਿਚੋਂ ਇਕ 32 ਬੋਰ ਦਾ ਪਿਸਤੌਲ, ਦੋ ਜਿੰਦਾ ਕਾਰਤੂਸ, ਇਕ ਮੈਗਜ਼ੀਨ, ਇਕ ਖੋਲ 315 ਬੋਰ, ਦੋ ਜਿੰਦਾ ਕਾਰਤੂਸ 7.64, 25 ਗ੍ਰਾਮ ਹੈਰੋਇਨ, 10 ਛੋਟੀ ਪਾਲੀਥੀਨ, ਇਕ ਇਲੈਕਟ੍ਰਾਨਿਕ ਫੋਰਕ, ਇਕ ਮੋਬਾਈਲ ਫੋਨ ਅਤੇ ਮੋਟਰਸਾਈਕਲ ਤੋਂ ਇਲਾਵਾ ਇਕ ਦੇਸੀ ਪਿਸਤੌਲ 315 ਬੋਰ, 23 ਜਿੰਦਾ ਕਾਰਤੂਸ, ਇਕ ਮੋਬਾਈਲ ਫੋਨ ਅਤੇ ਇਕ ਦੇਸੀ 315 ਬੋਰ ਡਬਲ ਬੈਰਲ ਸਮੇਤ 22 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।  ਹਾਲਾਂਕਿ ਅਜੇ ਤੱਕ ਮੁਲਜ਼ਮਾਂ ਦੇ ਕਿਸੇ ਗੈਂਗ ਨਾਲ ਸਬੰਧ ਸਾਹਮਣੇ ਨਹੀਂ ਆਏ ਹਨ। ਦੋਸ਼ੀਆਂ ਖਿਲਾਫ ਥਾਣਾ ਡਵੀਜ਼ਨ ਨੰ ਛੇ ਚ ਕੇਸ ਦਰਜ ਕੀਤਾ ਗਿਆ ਹੈ।