ਪਰਾਲੀ ਸਾੜਨ ਤੋਂ ਰੋਕਣ ਵਾਲੇ ਅਫ਼ਸਰਾਂ ਨਾਲ ਪੰਗਾ ਲੈਣ ਵਾਲੇ ਕਿਸਾਨਾਂ 'ਤੇ ਕੇਸ ਦਰਜ
ਪੁਲਿਸ ਨੇ ਅੰਮ੍ਰਿਤਪਾਲ ਗਰਗ ਦੇ ਬਿਆਨ ਦੇ ਆਧਾਰ 'ਤੇ ਕਿਸਾਨ ਯੂਨੀਅਨ ਆਗੂ ਦਰਸ਼ਨ ਸਿੰਘ, ਸੁਖਦੇਵ ਸਿੰਘ ਭੋਤਨਾ ਤੇ ਸੰਦੀਪ ਸਿੰਘ ਚੀਮਾ 'ਤੇ ਧਾਰਾ 186, 188, 34 ਆਈਪੀਸੀ ਐਕਟ ਅਧੀਨ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਰਨਾਲਾ: ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਕਾਰਵਾਈ ਕਰਨ ਆਏ ਅਧਿਕਾਰੀਆਂ ਦਾ ਘਿਰਾਓ ਕਰਨ ਦੇ ਮਾਮਲੇ ਵਿੱਚ ਟੱਲੇਵਾਲ ਪੁਲਿਸ ਨੇ ਤਿੰਨ ਕਿਸਾਨ ਆਗੂਆਂ 'ਤੇ ਪਰਚਾ ਦਰਜ ਕੀਤਾ ਹੈ। ਪੁਲਿਸ ਨੇ ਅੰਮ੍ਰਿਤਪਾਲ ਗਰਗ ਦੇ ਬਿਆਨ ਦੇ ਆਧਾਰ 'ਤੇ ਕਿਸਾਨ ਯੂਨੀਅਨ ਆਗੂ ਦਰਸ਼ਨ ਸਿੰਘ, ਸੁਖਦੇਵ ਸਿੰਘ ਭੋਤਨਾ ਤੇ ਸੰਦੀਪ ਸਿੰਘ ਚੀਮਾ 'ਤੇ ਧਾਰਾ 186, 188, 34 ਆਈਪੀਸੀ ਐਕਟ ਅਧੀਨ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਟੱਲੇਵਾਲ ਦੇ ਐਸਐਚਓ ਜਸਵੀਰ ਸਿੰਘ ਬੁੱਟਰ ਨੇ ਦੱਸਿਆ ਕਿ ਉਨ੍ਹਾਂ ਕੋਲ ਅੰਮ੍ਰਿਤਪਾਲ ਗਰਗ ਐਸਡੀਓ ਪੰਚਾਇਤੀ ਰਾਜ ਬਰਨਾਲਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਨ੍ਹਾਂ ਦੀ ਟੀਮ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਭੋਤਨਾ ਵਿਖੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਦੀ ਜਾਂਚ ਕਰਨ ਪਹੁੰਚੀ ਸੀ। ਜਿੱਥੇ ਕੁਝ ਕਿਸਾਨਾਂ ਵੱਲੋਂ ਉਨ੍ਹਾਂ ਦੀ ਟੀਮ ਦਾ ਘਿਰਾਓ ਕਰਕੇ ਡਿਊਟੀ ਵਿੱਚ ਵਿਘਨ ਪਾਇਆ ਗਿਆ।
ਉਧਰ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਪਰਾਲੀ ਦਾ ਹੱਲ ਕਰਨ ਦੀ ਥਾਂ 'ਤੇ ਕਿਸਾਨਾਂ ਤੇ ਪਰਚੇ ਦਰਜ ਕਰਕੇ ਧੱਕੇਸ਼ਾਹੀ ਕਰ ਰਿਹਾ ਹੈ। ਇਸ ਸਬੰਧੀ ਜਥੇਬੰਦੀ ਵੱਲੋਂ ਸੰਘਰਸ਼ ਲੜਿਆ ਜਾਵੇਗਾ।
ਦੱਸ ਦੇਈਏ ਐਤਵਾਰ ਨੂੰ ਪਿੰਡ ਭੋਤਨਾ ਵਿਖੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਕਾਰਵਾਈ ਕਰਨ ਲਈ ਅਧਿਕਾਰੀਆਂ ਦੀ ਟੀਮ ਪਹੁੰਚੀ ਸੀ, ਜਿਨ੍ਹਾਂ ਦਾ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਘਿਰਾਓ ਕੀਤਾ ਗਿਆ ਸੀ। ਇਸ ਸਬੰਧੀ ਅੱਜ ਥਾਣਾ ਟੱਲੇਵਾਲ ਵਿਖੇ ਕਿਸਾਨ ਆਗੂਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ।