Gurdaspur News: ਪੰਜਾਬ ਸਰਕਾਰ ਦੀ ਤਰਫੋਂ ਅਮਨ-ਕਾਨੂੰਨ ਨੂੰ ਸੁਧਾਰਨ, ਗੈਰ-ਕਾਨੂੰਨੀ ਹਥਿਆਰਾਂ ਅਤੇ ਗੰਨ ਕਲਚਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੂਰੇ ਪੰਜਾਬ ਵਿੱਚ ਲਾਇਸੈਂਸੀ ਹਥਿਆਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। 


ਗੁਰਦਾਸਪੁਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਲਾਇਸੰਸੀ ਹਥਿਆਰਾਂ ਦੀ ਚੈਕਿੰਗ ਦੌਰਾਨ 23 ਲਾਈਸੈਂਸ ਰੱਦ ਕਰ ਦਿੱਤੇ ਗਏ ਹਨ ਅਤੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਵੀਡੀਓ ਪੋਸਟ ਕਰਨ ਵਾਲੇ 13 ਲੋਕਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ।


ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਪੀ ਨਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਨਜਾਇਜ਼ ਹਥਿਆਰਾਂ 'ਤੇ ਪਾਬੰਦੀ ਅਤੇ ਗੰਨ ਕਲਚਰ ਨੂੰ ਖ਼ਤਮ ਕਰਨ ਲਈ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ।


ਉਨ੍ਹਾਂ ਦੱਸਿਆ ਕਿ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉੱਥੇ ਹੀ 23 ਵਿਅਕਤੀਆਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ, ਜਿੰਨ੍ਹਾਂ ਵਿੱਚੋਂ ਥਾਣਾ ਸਿਟੀ ਗੁਰਦਾਸਪੁਰ ਵਿੱਚ 2, ਸਦਰ ਗੁਰਦਾਸਪੁਰ ਥਾਣੇ ਵਿਚ 2, ਧਾਰੀਵਾਲ ਥਾਣੇ ਵਿਚ 2, ਕਾਹਨੂੰਵਾਨ ਥਾਣੇ ਵਿੱਚ 3, ਕਲਾਨੌਰ ਵਿੱਚ 6, ਘੁਮਾਣਕਲਾਂ ਥਾਣੇ ਵਿੱਚ 8 ਦੇ ਲਾਇਸੈਂਸ ਰੱਦ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਹਥਿਆਰ ਵੀ ਜ਼ਬਤ ਕਰ ਲਏ ਗਏ ਹਨ


ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੀ ਨੁਮਾਇਸ਼ ਕਰਨ ਪਿਆ ਮਹਿੰਗਾ


ਪੰਜਾਬ ਸਰਕਾਰ ਨੇ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਲਿਆ ਸਖ਼ਤ ਰੁਖ ਅਪਣਾਇਆ ਹੋਇਆ ਹੈ। ਸਰਕਾਰ ਵੱਲੋਂ ਹੁਕਮ ਦਿੱਤੇ ਗਏ ਹਨ ਕਿ ਪੰਜਾਬ ਵਿਚ ਕੋਈ ਵੀ ਵਿਅਕਤੀ ਬਿਨਾਂ ਕਿਸੇ ਕਾਰਨ ਹਥਿਆਰ ਲੈ ਕੇ ਨਹੀਂ ਜਾ ਸਕਦਾ ਹੈ ਅਤੇ ਨਾ ਹੀ ਇਸ ਨੂੰ ਸੋਸ਼ਲ ਮੀਡੀਆ 'ਤੇ ਪ੍ਰਦਰਸ਼ਿਤ ਕਰ ਸਕਦਾ ਹੈ, ਫਿਰ ਵੀ ਇਨ੍ਹਾਂ ਹਥਿਆਰਾਂ ਦੇ ਸ਼ੌਕੀਨ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ ਹਨ। 


ਸੰਗਰੂਰ ਪੁਲਿਸ ਨੇ ਸਖ਼ਤ ਰੁਖ਼ ਅਖਤਿਆਰ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ 'ਚ ਬੁੱਧਵਾਰ ਨੂੰ ਇੱਕ ਹੀ ਦਿਨ 'ਚ 6 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ। ਲੌਂਗਵਾਲ ਪੁਲਿਸ ਨੇ ਫੇਸਬੁੱਕ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।