Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਅਧਿਆਪਕਾਂ ਤੋਂ ਮਰਦਮਸ਼ੁਮਾਰੀ ਨਹੀਂ ਕਰਵਾਈ ਜਾਏਗੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ 2027 ਵਿੱਚ ਮਰਦਮਸ਼ੁਮਾਰੀ ਕਰਵਾ ਰਹੀ ਹੈ। ਇਹ ਕੰਮ ਅਧਿਆਪਕ ਨਹੀਂ ਕਰਨਗੇ। ਮੈਂ ਉਨ੍ਹਾਂ ਨੂੰ ਜਵਾਬ ਦੇ ਦਿੱਤਾ ਹੈ। ਸਐਮ ਮਾਨ ਨੇ ਕਿਹਾ ਕਿ ਪਹਿਲਾਂ ਟੀਚਰਾਂ ਤੋਂ ਪੜ੍ਹਾਈ ਤੋਂ ਇਲਾਵਾ ਹੋਰ ਫਾਲਤੂ ਦੇ ਕਈ ਕੰਮ ਲਏ ਜਾਂਦੇ ਸੀ, ਜਿਸ ਨੂੰ ਅਸੀਂ ਖ਼ਤਮ ਕੀਤਾ ਤਾਂ ਜੋ ਟੀਚਰ ਸਿਰਫ਼ ਬੱਚਿਆਂ ਨੂੰ ਪੜ੍ਹਾਉਣ ਵੱਲ ਧਿਆਨ ਦੇਣ। ਅਸੀਂ ਸਕੂਲਾਂ 'ਚ ਕੈਂਪਸ ਮੈਨੇਜਰ ਨਿਯੁਕਤ ਕੀਤੇ ਹਨ ਜੋ ਬਾਕੀ ਦੇ ਕੰਮ ਦੇਖਣਗੇ। ਜਨਗਣਨਾ ਕਰਨ ਦਾ ਕੰਮ ਕਰਵਾਉਣਾ ਵੀ ਟੀਚਰਾਂ ਤੋਂ ਬੰਦ ਕੀਤਾ ਜਾਵੇਗਾ।






ਅੱਜ ਲੁਧਿਆਣਾ ਵਿੱਚ ਗੁਰੂ ਨਾਨਕ ਦੇਵ ਭਵਨ ਵਿਖੇ 951 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਵ-ਨਿਯੁਕਤਾਂ ਨੂੰ ਇਹ ਨੌਕਰੀਆਂ ਹਾਸਲ ਕਰਨ ਲਈ ਵਧਾਈ ਦਿੱਤੀ ਜਿਸ ਨਾਲ ਉਹ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਸਰਗਰਮ ਭਾਈਵਾਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਯੋਗ ਨੌਜਵਾਨਾਂ ਦੀ ਲੋੜ ਹੈ। ਸੀਐਮ ਮਾਨ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ 'ਤੇ ਤੋਰਨ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।



ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕਰਕੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਆਧੁਨਿਕ ਅਧਿਆਪਨ ਅਭਿਆਸਾਂ ਨਾਲ ਲੈਸ ਇਹ ਨਵ-ਨਿਯੁਕਤ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਜਿਸ ਨਾਲ ਵਿਦਿਆਰਥੀ ਆਪਣੇ ਜੀਵਨ ਵਿੱਚ ਨਵੀਆਂ ਬੁਲੰਦੀਆਂ ਹਾਸਲ ਕਰ ਸਕਣਗੇ। ਸੀਐਮ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਇਹ ਅਧਿਆਪਕ ਅਸਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਿੱਖਿਆ ਖੇਤਰ ਵਿੱਚ ਬਦਲਾਅ ਲਿਆਉਣ ਲਈ ਅਹਿਮ ਭੂਮਿਕਾ ਨਿਭਾਉਣਗੇ।



ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਅਧਿਆਪਕ ਦੇ ਪੁੱਤਰ ਹਨ ਤੇ ਇਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹੁੰਦੇ ਹਨ ਜੋ ਵਿਦਿਆਰਥੀਆਂ ਨੂੰ ਅਫ਼ਸਰ, ਇੰਜੀਨੀਅਰ, ਡਾਕਟਰ ਤੇ ਹੋਰ ਆਗੂ ਬਣਨ ਲਈ ਤਿਆਰ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਨਿਪੁੰਨ ਹਨ ਕਿਉਂਕਿ ਉਹ ਯੋਗ ਤੇ ਸਮਰੱਥ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਕੁਝ ਗੈਰ-ਅਧਿਆਪਨ ਕੰਮਾਂ ਵਿੱਚ ਵੀ ਲਾਇਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਸਿਰਫ਼ ਅਧਿਆਪਨ ਦੇ ਉਦੇਸ਼ਾਂ ਲਈ ਹੀ ਵਰਤਿਆ ਜਾਵੇ।


ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਕੂਲ ਖਾਲੀ ਸਨ ਪਰ ਸਕੂਲਾਂ ਦੇ ਸਾਹਮਣੇ ਪਾਣੀ ਦੀਆਂ ਟੈਂਕੀਆਂ ਉਤੇ ਅਧਿਆਪਕ ਰਹਿੰਦੇ ਸਨ ਕਿਉਂਕਿ ਅਧਿਆਪਕ ਅੰਦੋਲਨ ਕਾਰਨ ਇਨ੍ਹਾਂ ਟੈਂਕੀਆਂ 'ਤੇ ਚੜ੍ਹ ਜਾਂਦੇ ਸਨ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਸ ਰੁਝਾਨ ਨੂੰ ਬਦਲ ਦਿੱਤਾ ਗਿਆ ਹੈ ਜਿਸ ਸਦਕਾ ਹੁਣ ਉਹ ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ ਅਤੇ ਸੂਬੇ ਦੀ ਤਰੱਕੀ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਿਆਸੀ ਆਗੂਆਂ ਨੇ ਇਸ ਅਹਿਮ ਖੇਤਰ ਨੂੰ ਅਣਗੌਲਿਆ ਕਰ ਦਿੱਤਾ ਸੀ, ਜਿਸ ਕਾਰਨ ਪੰਜਾਬ ਤਰੱਕੀ ਦੀ ਰਾਹ ਤੋਂ ਪਛੜ ਗਿਆ।