ਨਵੀਂ ਦਿੱਲੀ: ਰਾਜ ਸਭਾ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਹੈ ਕਿ ਜੀਐਸਟੀ ਕੁਲੈਕਸ਼ਨ ਵਿੱਚ ਸੂਬਿਆਂ ਨੂੰ ਆਪਣਾ ਹਿੱਸਾ ਨਹੀਂ ਮਿਲ ਰਿਹਾ। ਰਾਜ ਸਭਾ ਵਿੱਚ ਇਸ ਮੁੱਦੇ ਨੂੰ ਉਠਾਉਂਦਿਆਂ, ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਜੀਐਸਟੀ ਲਾਗੂ ਕੀਤਾ ਗਿਆ ਸੀ ਤਾਂ ਕਿਹਾ ਗਿਆ ਸੀ ਕਿ ਸੂਬਿਆਂ ਨੂੰ ਹਰ ਦੋ ਮਹੀਨੇ ਵਿੱਚ ਉਨ੍ਹਾਂ ਦਾ ਹਿੱਸਾ ਦਿੱਤਾ ਜਾਵੇਗਾ ਪਰ ਪਿਛਲੇ 4 ਮਹੀਨਿਆਂ ਤੋਂ ਕੇਂਦਰ ਸਰਕਾਰ ਤੋਂ ਸੂਬਾ ਸਰਕਾਰਾਂ ਨੂੰ ਇਹ ਪੈਸਾ ਨਹੀਂ ਮਿਲਿਆ। ਪੰਜਾਬ ਸਰਕਾਰ ਵੀ ਉਨ੍ਹਾਂ ਵਿੱਚੋਂ ਇੱਕ ਹੈ। ਇਸੇ ਕਰਕੇ ਪੰਜਾਬ 'ਚ ਹਾਲਾਤ ਖਰਾਬ ਚੱਲ ਰਹੇ ਹਨ। ਲੋਕਾਂ ਨੂੰ ਪੈਨਸ਼ਨ ਨਹੀਂ ਦਿੱਤੀ ਜਾ ਰਹੀ ਤੇ ਲੋਕ ਸੜਕਾਂ 'ਤੇ ਉੱਤਰ ਰਹੇ ਹਨ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਜੀਐਸਟੀ ਲਾਗੂ ਕੀਤਾ ਗਿਆ ਸੀ, ਤਾਂ ਰਾਜ ਸਰਕਾਰਾਂ ਨੂੰ ਹਰ ਦੋ ਮਹੀਨਿਆਂ ਵਿੱਚ ਪੈਸੇ ਦੇਣ ਦੀ ਗੱਲ ਹੋਈ ਸੀ। ਪਰ ਹੁਣ ਤੱਕ ਪੰਜਾਬ ਸਰਕਾਰ ਨੂੰ ਅਗਸਤ ਸਤੰਬਰ ਤੱਕ ਪੈਸੇ ਨਹੀਂ ਮਿਲੇ। ਪੰਜਾਬ ਸਰਕਾਰ ਨੂੰ ਹੁਣ ਤੱਕ ਤਕਰੀਬਨ 4100 ਕਰੋੜ ਰੁਪਏ ਮਿਲਣੇ ਸੀ, ਪਰ ਕੇਂਦਰ ਸਰਕਾਰ ਨੇ ਅਜੇ ਤੱਕ ਇਹ ਪੈਸੇ ਨਹੀਂ ਦਿੱਤੇ।
ਮਾਹਰ ਮੰਨਦੇ ਹਨ ਕਿ ਆਰਥਿਕ ਵਿਕਾਸ ਦੀ ਰਫਤਾਰ ਵਿੱਚ ਆਈ ਮੰਦੀ ਕਾਰਨ ਜੀਐਸਟੀ ਕੁਲੈਕਸ਼ਨ ਵਿੱਚ ਗਿਰਾਵਟ ਆ ਰਹੀ ਹੈ। ਇਸ ਦੇ ਕਾਰਨ, ਜੀਐਸਟੀ ਤੋਂ ਰਾਜਾਂ ਨੂੰ ਹੋਣ ਵਾਲੇ ਮਾਲੀਏ ਵਿੱਚ ਵੀ ਗਿਰਾਵਟ ਆਈ ਹੈ। ਇਸ ਕਾਰਨ ਹੁਣ ਕੇਂਦਰ ਸਰਕਾਰ ਵੀ ਜੀਐਸਟੀ ਵਿੱਚ ਆਪਣੇ ਹਿੱਸੇ ਦਾ ਪੈਸਾ ਸਮੇਂ ਸਿਰ ਰਾਜਾਂ ਨੂੰ ਦੇਣ ਤੋਂ ਝਿਜਕ ਰਹੀ ਹੈ।
ਸੂਬਿਆਂ ਦਾ ਤਰਕ ਹੈ ਕਿ ਕੇਂਦਰ ਸਰਕਾਰ ਤੋਂ ਮਿਲਣ ਵਾਲੇ ਪੈਸੇ ਵਿੱਚ ਦੇਰੀ ਹੋ ਰਹੀ ਹੈ। ਇਸ ਕਾਰਨ ਸੂਬਿਆਂ ਨੂੰ ਬਜਟ ਤੇ ਯੋਜਨਾ ਖਰਚਿਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।