ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਭਾਰਤ ਸਰਕਾਰ ਨੇ ਪੰਜਾਬ ਵਿੱਚ ਉੱਤਰੀ ਜ਼ੋਨ ਲਈ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ ਸੈਂਟਰ (ਵਾਇਰਸ-ਵਿਗਿਆਨ ਦਾ ਕੇਂਦਰ) ਦੀ ਸਥਾਪਨਾ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਦੱਸ ਦਈਏ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕੁਝ ਹਫ਼ਤੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਕੋ ਅਜਿਹੀ ਸੰਸਥਾ ਦਾ ਪ੍ਰਸਤਾਵ ਰੱਖਿਆ ਸੀ। ਹੁਣ ਇਸ ਨੂੰ ਮਨਜ਼ੂਰੀ ਮਿਲਣ ਦਾ ਸਵਾਗਤ ਕਰਦਿਆਂ ਸੀਐਮ ਨੇ ਕਿਹਾ ਕਿ ਇਹ ਸੰਸਥਾ ਵਾਇਰੋਲੌਜੀ ਦੇ ਖੇਤਰ ਵਿੱਚ ਖੋਜ ਦੇ ਕੰਮ ਨੂੰ ਹੋਰ ਤੀਬਰਤਾ ਨਾਲ ਅੱਗੇ ਲਿਜਾਣ ਵਿੱਚ ਸਹਾਈ ਹੋਵੇਗੀ ਅਤੇ ਭਵਿੱਖ ਵਿੱਚ ਭਾਰਤ ਨੂੰ ਵਾਇਰਸ ਦਾ ਛੇਤੀ ਤੋਂ ਛੇਤੀ ਪਤਾ ਲਾਉਣ ਦੇ ਵੀ ਸਮਰੱਥ ਬਣਾਏਗੀ

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਹ ਕੇਂਦਰ ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਚੰਡੀਗੜ ਅਤੇ ਜੰਮੂ ਕਸ਼ਮੀਰ ਦੇ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਸਮੇਤ ਪੂਰੇ ਉੱਤਰੀ ਖਿੱਤੇ ਦੀਆਂ ਲੋੜਾਂ ਦਾ ਵੀ ਨਿਪਟਾਰਾ ਕਰਨ ਵਿੱਚ ਵੀ ਮਦਦਗਾਰ ਸਿੱਧ ਹੋਏਗਾ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਨੇ ਇਸ ਸੰਸਥਾ ਨੂੰ ਕੇਂਦਰ ਦੀ ਸਿਧਾਂਤਕ ਮਨਜ਼ੂਰੀ ਦੇਣ ਦਾ ਪੱਤਰ ਭਾਰਤ ਸਰਕਾਰ ਨੇ ਸਿਹਤ ਖੋਜ ਮੰਤਰਾਲੇ ਦੇ ਸਕੱਤਰ-ਕਮ-ਭਾਰਤੀ ਮੈਡੀਕਲ ਖੋਜ ਕੌਂਸਲ ਦੇ ਡਾਇਰੈਕਟਰ ਜਨਰਲ ਪ੍ਰੋਫੈਸਰ (ਡਾਕਟਰ) ਬਲਰਾਮ ਭਾਰਗਵ ਕੋਲੋਂ ਹਾਸਲ ਕੀਤਾ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਲੰਮੇ ਸਮੇਂ ਲਈ ਲੀਜ਼ ’ਤੇ ਲਗ25 ਏਕੜ ਜ਼ਮੀਨ ਦੀ ਸ਼ਨਾਖ਼ਤ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਮੈਡੀਕਲ ਖੋਜ ਕੌਂਸਲ ਛੇਤੀ ਤੋਂ ਛੇਤੀ ਇਸ ਅਹਿਮ ਪ੍ਰੋਜੈਕਟ ਦੀ ਸਥਾਪਨਾ ਕਰ ਸਕੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904