ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਵਾਸਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਮਨਾਲੀ ਵਿਖੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 230 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ।
ਦੂਜੇ ਪੜਾਅ ਵਿੱਚ 115 ਨੌਜਵਾਨਾਂ ਨੂੰ ਲਿਜਾਣ ਵਾਲੀਆਂ ਦੋ ਬੱਸਾਂ ਨੂੰ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਹਿਲੇ ਪੜਾਅ ਵਿੱਚ 115 ਨੌਜਵਾਨਾਂ ਨੂੰ 10 ਰੋਜ਼ਾ ਕੈਂਪ ਲਈ ਰਵਾਨਾ ਕੀਤਾ ਗਿਆ ਸੀ।
ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਨੌਜਵਾਨਾਂ ਦਾ ਸਸ਼ਕਤੀਕਰਨ, ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਯੁਵਕ ਸੇਵਾਵਾਂ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਵੀਂ ਯੁਵਾ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਸੂਬੇ ਦੀ ਬਹੁਗਿਣਤੀ ਆਬਾਦੀ ਨੌਜਵਾਨਾਂ ਦੀ ਹੈ, ਇਸ ਲਈ ਸਰਕਾਰ ਨੇ ਨੌਜਵਾਨਾਂ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਹਨ। ਸਰਕਾਰ ਵੱਲੋਂ ਸਿਰਫ਼ ਡੇਢ ਸਾਲ ਦੇ ਸਮੇਂ ਵਿੱਚ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨੂੰ ਸਮਾਜਿਕ ਬੁਰਾਈਆਂ ਖਾਸ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਸਾੜਨ ਕਰਕੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਆਉਣ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ 10-10 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ ਅਤੇ ਕੁੱਲ 230 ਨੌਜਵਾਨਾਂ ਨੂੰ ਦੋ ਗਰੁੱਪਾਂ ਵਿੱਚ ਵੰਡ ਕੇ ਮਨਾਲੀ ਸਥਿਤ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ ਐਂਡ ਅਲਾਈਡ ਸਪੋਰਟਸ ਵਿਖੇ ਭੇਜਿਆ ਜਾ ਰਿਹਾ ਹੈ।