ਪੰਜਾਬ ਸਰਕਾਰ ਦੀ 2024-25 (Punjab Government 2024-25) ਦੀ ਆਬਕਾਰੀ ਨੀਤੀ (Excise Policy) ਨੂੰ ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਵਿੱਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਵਿੱਚ ਡਰਾਅ ਰਾਹੀਂ ਅਲਾਟਮੈਂਟ ਲਈ ਅਰਜ਼ੀ ਫੀਸ ਵਧਾ ਕੇ 75,000 ਰੁਪਏ ਕਰਨ ਅਤੇ ਇਸ ਨੂੰ ਨਾ-ਵਾਪਸੀਯੋਗ ਬਣਾਉਣ 'ਤੇ ਸਵਾਲ ਚੁੱਕੇ ਗਏ ਹਨ। ਸ਼ੁੱਕਰਵਾਰ ਨੂੰ ਪਟੀਸ਼ਨ 'ਤੇ ਬਹਿਸ ਤੋਂ ਬਾਅਦ ਹਾਈਕੋਰਟ ਨੇ ਹੁਣ ਸੁਣਵਾਈ 10 ਅਪ੍ਰੈਲ ਤੈਅ ਕੀਤੀ ਹੈ।


ਅਰਜ਼ੀ ਫੀਸ ਵਧਾ ਕੇ ਅਚਾਨਕ ਕੀਤੀ 75000 ਰੁਪਏ 


ਪਟੀਸ਼ਨ ਦਾਇਰ ਕਰਦੇ ਹੋਏ ਮੋਗਾ ਦੇ ਮੈਸਰਜ਼ ਦਰਸ਼ਨ ਸਿੰਘ ਐਂਡ ਕੰਪਨੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਡਰਾਅ ਰਾਹੀਂ 2024-25 ਲਈ ਠੇਕੇ ਅਲਾਟ ਕਰਨ ਦਾ ਫੈਸਲਾ ਕੀਤਾ ਹੈ। ਪਟੀਸ਼ਨਰ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਤੱਕ ਅਰਜ਼ੀ ਦੀ ਫੀਸ ਸਿਰਫ਼ 3500 ਰੁਪਏ ਸੀ, ਪਰ ਇਹ ਅਚਾਨਕ ਵਧਾ ਕੇ 75000 ਰੁਪਏ ਕਰ ਦਿੱਤੀ ਗਈ ਹੈ। ਅਰਜ਼ੀ ਫੀਸ ਸਬੰਧੀ ਨਿਯਮ ਇਹ ਵੀ ਤੈਅ ਕੀਤਾ ਗਿਆ ਹੈ ਕਿ ਜੇ ਅਲਾਟਮੈਂਟ ਨਹੀਂ ਕੀਤੀ ਜਾਂਦੀ ਤਾਂ ਇਹ ਰਕਮ ਵਾਪਸ ਨਹੀਂ ਕੀਤੀ ਜਾਵੇਗੀ।


ਸਰਕਾਰ ਦੀ ਇਸ ਨੀਤੀ ਨੂੰ ਰੱਦ ਕਰਨ ਦੀ ਅਪੀਲ


ਪਟੀਸ਼ਨਕਰਤਾ ਨੇ ਦੱਸਿਆ ਕਿ ਹੁਣ ਤੱਕ ਸਰਕਾਰ ਨੂੰ ਕਰੀਬ 35 ਹਜ਼ਾਰ ਅਰਜ਼ੀਆਂ ਮਿਲ ਚੁੱਕੀਆਂ ਹਨ, ਜਿਸ ਤੋਂ ਸਰਕਾਰ ਨੂੰ 260 ਕਰੋੜ ਰੁਪਏ ਦੀ ਆਮਦਨ ਹੋਈ ਹੈ। ਸਰਕਾਰ ਦੀ ਨੀਤੀ ਕਾਰਨ ਜਿਨ੍ਹਾਂ ਲੋਕਾਂ ਦੇ ਨਾਮ ਡਰਾਅ ਵਿੱਚ ਨਹੀਂ ਆਉਣਗੇ, ਉਨ੍ਹਾਂ ਦੀ ਅਰਜ਼ੀ ਫੀਸ ਵਿੱਚੋਂ 75,000 ਰੁਪਏ ਦਾ ਨੁਕਸਾਨ ਹੋਵੇਗਾ। ਪਟੀਸ਼ਨਰ ਨੇ ਕਿਹਾ ਕਿ ਅਰਜ਼ੀਆਂ ਦੀ ਫੀਸ ਵਿੱਚ ਭਾਰੀ ਵਾਧਾ ਨਾ ਸਿਰਫ਼ ਗ਼ਲਤ ਹੈ ਸਗੋਂ ਨਿਆਂ ਦੇ ਸਿਧਾਂਤਾਂ ਦੇ ਵੀ ਖ਼ਿਲਾਫ਼ ਹੈ। ਅਜਿਹੇ 'ਚ ਹਾਈਕੋਰਟ 'ਚ ਅਪੀਲ ਕੀਤੀ ਗਈ ਹੈ ਕਿ ਸਰਕਾਰ ਦੀ ਇਸ ਨੀਤੀ ਨੂੰ ਰੱਦ ਕੀਤਾ ਜਾਵੇ।