Chandigarh Controversy: ਪੰਜਾਬ ਅਤੇ ਹਰਿਆਣਾ ਵਿਚਾਲੇ ਚੰਡੀਗੜ੍ਹ ਦੇ ਮੁੱਦੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar lal Khattar) ਨੇ ਪ੍ਰਤੀਕਿਰਿਆ ਦਿੱਤੀ ਹੈ। ਹਰਿਆਣਾ ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸੀਐਮ ਖੱਟਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਨੀਅਤ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਖਦਸ਼ਾ ਪ੍ਰਗਟਾਇਆ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ‘ਆਪ’ ਸਰਕਾਰ ਵੱਲੋਂ ਚੰਡੀਗੜ੍ਹ ਸਬੰਧੀ ਪਾਸ ਕੀਤੇ ਮਤੇ ਪਿੱਛੇ ਕੋਈ ‘ਲੁਕਿਆ ਮਨਸੂਬਾ’ ਹੈ।



ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਚੰਡੀਗੜ੍ਹ ਦਾ ਮੁੱਦਾ ਆਪਸ ਵਿੱਚ ਬੈਠ ਕੇ ਹੱਲ ਕਰਨਾ ਹੈ ਨਾ ਕਿ ਵਿਧਾਨ ਸਭਾ ਵਿੱਚ ਇੱਕਪਾਸੜ ਮਤਾ ਪਾਸ ਕੀਤਾ ਜਾਵੇ। ਉਨ੍ਹਾਂ ਨੂੰ ਸੱਤਾ ਵਿੱਚ ਆਏ ਚਾਰ ਦਿਨ ਵੀ ਨਹੀਂ ਹੋਏ ਹਨ ਅਤੇ ਅਜਿਹੇ ਵਿਵਾਦਤ ਮੁੱਦੇ ਉਠਾ ਰਹੇ ਹਨ, ਮੈਨੂੰ ਲੱਗਦਾ ਹੈ ਕਿ ਉਨ੍ਹਾਂ ਦਾ ਕੋਈ ਨਾ ਕੋਈ ਇਰਾਦਾ ਲੁਕਿਆ ਹੋਇਆ ਹੈ।



ਅਰਵਿੰਦ ਕੇਜਰੀਵਾਲ ਤੋਂ ਮੁਆਫੀ ਦੀ ਮੰਗ
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਮਤੇ 'ਤੇ ਸਵਾਲ ਦੇ ਜਵਾਬ 'ਚ ਸੀਐੱਮ ਖੱਟਰ ਨੇ ਕਿਹਾ ਸੀ, 'ਪੰਜਾਬ ਸਰਕਾਰ ਨੇ ਜੋ ਕੀਤਾ ਹੈ, ਉਹ ਨਿੰਦਣਯੋਗ ਹੈ। ਅਜਿਹਾ ਨਹੀਂ ਹੋਣਾ ਚਾਹੀਦਾ ਸੀ। 'ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਹੈ।



ਸੀਐਮ ਖੱਟਰ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੇ ਮੁਖੀ ਹੋਣ ਦੇ ਨਾਤੇ ਅਰਵਿੰਦ ਕੇਜਰੀਵਾਲ ਨੂੰ ਇਸ ਦੀ ਨਿੰਦਾ ਕਰਨੀ ਚਾਹੀਦੀ ਹੈ ਅਤੇ ਹਰਿਆਣਾ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਸੀਐਮ ਨੇ ਪੰਚਕੂਲਾ ਵਿੱਚ ਕਿਹਾ ਸੀ, "ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਹਰਿਆਣਾ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।"
ਉਨ੍ਹਾਂ ਕਿਹਾ ਸੀ ਕਿ ਪੰਜਾਬ ਦੀ 'ਆਪ' ਦੀ ਅਗਵਾਈ ਵਾਲੀ ਸਰਕਾਰ ਨੂੰ ਪਹਿਲਾਂ ਐਸਵਾਈਐਲ ਨਹਿਰ ਦਾ ਨਿਰਮਾਣ ਕਰਵਾਉਣਾ ਚਾਹੀਦਾ ਹੈ ਅਤੇ ਪੰਜਾਬ ਦੇ ਹਿੰਦੀ ਬੋਲਦੇ ਇਲਾਕਿਆਂ ਨੂੰ ਹਰਿਆਣਾ ਵਿੱਚ ਤਬਦੀਲ ਕਰਨਾ ਚਾਹੀਦਾ ਹੈ। ਸੀਐਮ ਖੱਟਰ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਚੰਡੀਗੜ੍ਹ ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਹੈ ਅਤੇ ਰਹੇਗਾ।