ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਚੰਡੀਗੜ੍ਹ ਸਿਰਫ ਪੰਜਾਬ ਦਾ ਹੈ ਤੇ ਹਰਿਆਣਾ ਇਸ 'ਤੇ ਨਜ਼ਰ ਨਾ ਰੱਖੇ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਇੱਕੋ-ਇੱਕ ਸੂਬਾ ਹੈ ਜਿਸ ਕੋਲ ਆਪਣੀ ਰਾਜਧਾਨੀ ਨਹੀਂ। ਪੰਜਾਬ ਦਾ ਚੰਡੀਗੜ੍ਹ ’ਤੇ ਇਤਿਹਾਸਕ ਹੱਕ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਵੱਖ-ਵੱਖ ਇਕਰਾਰਨਾਮਿਆਂ ਵਿੱਚ ਚੰਡੀਗੜ੍ਹ, ਪੰਜਾਬ ਨੂੰ ਦਿੱਤਾ ਗਿਆ ਪਰ ਬਦਕਿਸਮਤੀ ਨਾਲ ਇਸ ਨੂੰ ਅਮਲੀ ਰੂਪ ਨਹੀਂ ਮਿਲਿਆ।   ਉਨ੍ਹਾਂ ਕਿਹਾ ਕਿ ਹਰਿਆਣਾ ਇੱਕ ਨਵਾਂ ਸੂਬਾ ਹੋਣ ਕਰਕੇ ਆਪਣੀ ਰਾਜਧਾਨੀ ਸਥਾਪਤ ਕਰਨ ਵਿੱਚ ਉਸ ਦੀ ਸਹਾਇਤਾ ਕੀਤੀ ਜਾਣੀ ਚਾਹੀਦੀ ਹੈ ਤੇ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਪੰਜਾਬ ਨੂੰ ਦੇ ਦੇਣਾ ਚਾਹੀਦਾ ਹੈ। ਕੈਪਟਨ ਤੇ ਬਦਨੌਰ ਨੇ ਟ੍ਰਾਈਸਿਟੀ ਨੂੰ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਵਜੋਂ ਨੈਸ਼ਨਲ ਕੈਪੀਟਲ ਰਿਜ਼ਨ (ਐਨਸੀਆਰ) ਵਾਂਗ ਗਰੇਟਰ ਚੰਡੀਗੜ੍ਹ ਮੈਟਰੋਪੋਲੀਟਨ ਰਿਜ਼ਨ ਬਣਾਉਣ ਦੇ ਸੁਝਾਅ ਨੂੰ ਵੀ ਰੱਦ ਕਰ ਦਿੱਤਾ। ਦਰਅਸਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਚੰਡੀਗੜ੍ਹ ਤੇ ਨਾਲ ਲੱਗਦੇ ਸ਼ਹਿਰਾਂ ਪੰਚਕੂਲਾ ਤੇ ਮੁਹਾਲੀ ਲਈ ਟ੍ਰਾਈਸਿਟੀ ਯੋਜਨਬੰਦੀ ਬੋਰਡ ਸਥਾਪਤ ਕਰਨ ਦਾ ਸੁਝਾਅ ਦਿੱਤਾ ਗਿਆ ਸੀ। ਇਸ ਨੂੰ ਮੁੱਢੋਂ ਰੱਦ ਕਰਦਿਆਂ ਕੈਪਟਨ ਨੇ ਆਖਿਆ ਕਿ ਚੰਡੀਗੜ੍ਹ ਯਕੀਨੀ ਤੌਰ ਉੱਤੇ ਪੰਜਾਬ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਖੱਟਰ ਦੇ ਪ੍ਰਸਤਾਵ ਨਾਲ ਸਹਿਮਤ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਮਾਮਲੇ ’ਤੇ ਪੰਜਾਬ ਦੇ ਰਾਜਪਾਲ ਵੀਪੀਐਸ ਬਦਨੌਰ ਨੇ ਵੀ ਇਹ ਕਹਿੰਦਿਆਂ ਹਮਾਇਤ ਕੀਤੀ ਕਿ ਤਿੰਨਾਂ ਸ਼ਹਿਰਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ ਉੱਤੇ ਪਹਿਲਾਂ ਹੀ ਤਾਲਮੇਲ ਹੁੰਦਾ ਰਹਿੰਦਾ ਹੈ। ਕੈਪਟਨ ਨੇ ਕਿਹਾ ਕਿ ਹੋਰ ਮੁੱਦੇ ਚੁੱਕਣ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਦਰਮਿਆਨ ਖੇਤਰੀ ਤੇ ਪਾਣੀਆਂ ਦੇ ਮੁੱਦੇ ਹੱਲ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਕੋਲ ਦੋਵਾਂ ਸੂਬਿਆਂ ਦੀ ਸਿਰਫ 40 ਫੀਸਦੀ ਜ਼ਮੀਨ ਹੋਣ ਦੇ ਬਾਵਜੂਦ ਵੱਧ ਪਾਣੀ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਦੀ ਵੰਡ ਕਰ ਦਿੱਤੀ। ਇਸ ਵੰਡ ਨੇ ਪੰਜਾਬ ਦਾ ਬੇਹਿਸਾਬਾ ਨੁਕਸਾਨ ਕੀਤਾ ਹੈ।