Chandigarh News: ਪਹਾੜਾਂ ਦੀ ਗੋਦ ਵਿੱਚ ਵੱਸੇ ਚੰਡੀਗੜ੍ਹ ਵਿੱਚ ਠੰਢ ਤੇ ਧੁੰਦ ਦਾ ਕਹਿਰ ਜਾਰੀ ਹੈ। ਚੰਡੀਗੜ੍ਹ ਵਿੱਚ ਸ਼ਨੀਵਾਰ ਦਾ ਦਿਨ ਸੀਜ਼ਨ ਦਾ ਸਭ ਤੋਂ ਠੰਢਾ ਦਿਨ ਰਿਹਾ। ਠੰਢੀਆਂ ਹਵਾਵਾਂ ਨੇ ਸਾਰਾ ਦਿਨ ਲੋਕਾਂ ਨੂੰ ਕੰਬਣੀ ਛੇੜੀ ਰੱਖੀ। ਇਸ ਦੌਰਾਨ ਦੋਪਹੀਆ ਵਾਹਨਾਂ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ। ਠੰਢ ਕਾਰਨ ਲੋਕ ਘਰਾਂ ਵਿੱਚ ਹੀ ਰਹੇ। ਇਸ ਕਰਕੇ ਕਾਰੋਬਾਰ ਵੀ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ। ਠੰਢ ਕਰਕੇ ਬੱਚਿਆਂ ਤੇ ਬਜ਼ੁਰਗਾਂ ਨੂੰ ਸਭ ਤੋਂ ਵੱਡੀ ਸਮੱਸਿਆ ਆ ਰਹੀ ਹੈ।


 


ਉਧਰ, ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਦਿਨ ਸਮੇਂ ਵੱਧ ਤੋਂ ਵੱਧ ਤਾਪਮਾਨ 11.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਆਮ ਨਾਲੋਂ 9 ਡਿਗਰੀ ਸੈਲਸੀਅਸ ਘੱਟ ਰਿਹਾ ਹੈ ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸਿਟੀ ਬਿਊਟੀਫੁੱਲ ਵਿੱਚ ਪਿਛਲੇ ਦੋ-ਤਿੰਨ ਇਸ ਸੀਜ਼ਨ ਦੇ ਸਭ ਤੋਂ ਠੰਢੇ ਦਿਨ ਰਹੇ ਹਨ, ਜਿੱਥੇ ਦਿਨ ਸਮੇਂ ਤਾਪਮਾਨ ਆਮ ਨਾਲੋਂ 9 ਤੋਂ 10 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ ਹੈ। 


ਵਿਭਾਗ ਦੇ ਅੰਕੜਿਆਂ ਅਨੁਸਾਰ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਦਿਨ ਸਮੇਂ ਵੱਧ ਤੋਂ ਵੱਧ ਤਾਪਮਾਨ 11.6 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਿਹਾ ਹੈ। ਇਸੇ ਤਰ੍ਹਾਂ ਵੀਰਵਾਰ ਨੂੰ 11.7 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਨਾਲੋਂ 9 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਘੱਟ ਤੋਂ ਘੱਟ ਤਾਪਮਾਨ 5.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਦੇ ਬਰਾਬਰ ਰਿਹਾ ਹੈ।


ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 10 ਜਨਵਰੀ ਨੂੰ ਹਿਮਾਲਿਆ ਖੇਤਰ ਵਿੱਚ ਪੱਛਮੀ ਵਿਗਾੜ ਦੇ ਚਲਦਿਆਂ ਮੌਸਮ ਹੋਰ ਖਰਾਬ ਹੋ ਸਕਦਾ ਹੈ, ਜਿਸ ਕਰਕੇ ਰਾਜਧਾਨੀ ਚੰਡੀਗੜ੍ਹ ਵਿੱਚ ਠੰਢ ਹੋਰ ਵੱਧ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ 11 ਜਨਵਰੀ ਤੱਕ ਠੰਢ ਦਾ ਜ਼ੋਰ ਜ਼ਿਆਦਾ ਦੇਖਣ ਨੂੰ ਮਿਲੇਗਾ।


 




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।