Chandigarh News: ਆਖਰ ਤਿੰਨ ਦਹਾਕਿਆਂ ਮਗਰੋਂ ਮਿਲਿਆ ਇਨਸਾਫ, ਫ਼ਰਜ਼ੀ ਪੁਲਿਸ ਮੁਕਾਬਲਾ ਕਰਨ ਵਾਲੇ ਸੇਵਾਮੁਕਤ ਪੁਲਿਸ ਅਫਸਰ ਦੋਸ਼ੀ ਕਰਾਰ
ਫ਼ਰਜ਼ੀ ਪੁਲਿਸ ਮੁਕਾਬਲਾ ਬਾਰੇ ਕੇਸ ਦਾ ਨਿਬੇੜਾ ਕਰਦਿਆਂ ਪੰਜਾਬ ਪੁਲਿਸ ਦੇ ਦੋ ਸੇਵਾਮੁਕਤ ਅਧਿਕਾਰੀਆਂ ਸਬ-ਇੰਸਪੈਕਟਰ ਸ਼ਮਸ਼ੇਰ ਸਿੰਘ ਤੇ ਏਐਸਆਈ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ।
Chandigarh News: ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਫ਼ਰਜ਼ੀ ਪੁਲਿਸ ਮੁਕਾਬਲਾ ਬਾਰੇ ਕੇਸ ਦਾ ਨਿਬੇੜਾ ਕਰਦਿਆਂ ਪੰਜਾਬ ਪੁਲਿਸ ਦੇ ਦੋ ਸੇਵਾਮੁਕਤ ਅਧਿਕਾਰੀਆਂ ਸਬ-ਇੰਸਪੈਕਟਰ ਸ਼ਮਸ਼ੇਰ ਸਿੰਘ ਤੇ ਏਐਸਆਈ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਨੂੰ 2 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿੱਚ ਨਾਮਜ਼ਦ ਦੋ ਹੋਰ ਪੁਲਿਸ ਮੁਲਾਜ਼ਮਾਂ ਇੰਸਪੈਕਟਰ ਪੂਰਨ ਸਿੰਘ ਤੇ ਏਐਸਆਈ ਜਗੀਰ ਸਿੰਘ ਦੀ ਟਰਾਇਲ ਦੌਰਾਨ ਮੌਤ ਹੋ ਚੁੱਕੀ ਹੈ।
ਪੀੜਤ ਪਰਿਵਾਰ ਦੇ ਵਕੀਲ ਸਰਬਜੀਤ ਸਿੰਘ ਨੇ ਦੱਸਿਆ ਕਿ ਅਪਰੈਲ 1993 ਵਿੱਚ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਹਰਬੰਸ ਸਿੰਘ ਵਾਸੀ ਉਬੋਕੇ (ਤਰਨ ਤਾਰਨ) ਨੂੰ ਪੁੱਛ-ਪੜਤਾਲ ਲਈ ਹਿਰਾਸਤ ਵਿੱਚ ਲਿਆ ਸੀ। ਪੁਲਿਸ ਅਨੁਸਾਰ ਹਰਬੰਸ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਨੇ ਚੰਬਲ ਏਰੀਆ ਵਿੱਚ ਹਥਿਆਰ ਛੁਪਾ ਕੇ ਰੱਖੇ ਹੋਏ ਹਨ।
ਨੌਜਵਾਨ ਦੇ ਦੱਸਣ ਅਨੁਸਾਰ 15 ਅਪਰੈਲ 1993 ਨੂੰ ਤਰਨ ਤਾਰਨ ਜ਼ਿਲ੍ਹੇ ਦੀ ਪੁਲਿਸ ਹਥਿਆਰ ਬਰਾਮਦ ਕਰਵਾਉਣ ਲਈ ਹਰਬੰਸ ਸਿੰਘ ਨੂੰ ਆਪਣੇ ਨਾਲ ਲੈ ਕੇ ਜਾ ਰਹੀ ਸੀ ਕਿ ਰਸਤੇ ਵਿੱਚ ਖਾੜਕੂਆਂ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ। ਇਸ ਮੁਕਾਬਲੇ ਵਿੱਚ ਹਰਬੰਸ ਸਿੰਘ ਤੇ ਇੱਕ ਹੋਰ ਅਣਪਛਾਤਾ ਖਾੜਕੂ ਮਾਰਿਆ ਗਿਆ।
ਤਰਨ ਤਾਰਨ ਪੁਲਿਸ ਵੱਲੋਂ ਪੁਲੀਸ ਪਾਰਟੀ ’ਤੇ ਹਮਲਾ ਕਰਨ ਸਬੰਧੀ ਅਣਪਛਾਤੇ ਖਾੜਕੂਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਨੇ ਦੋਸ਼ ਲਾਇਆ ਸੀ ਕਿ ਹਰਬੰਸ ਸਿੰਘ ਨੂੰ ਪੁਲਿਸ ਹਿਰਾਸਤ ’ਚੋਂ ਛੁਡਾਉਣ ਲਈ ਖਾੜਕੂਆਂ ਨੇ ਫਾਇਰਿੰਗ ਕੀਤੀ ਸੀ। ਉੱਚ ਅਦਾਲਤ ਦੇ ਹੁਕਮਾਂ ’ਤੇ ਮ੍ਰਿਤਕ ਨੌਜਵਾਨ ਦੇ ਭਰਾ ਪਰਮਜੀਤ ਸਿੰਘ ਦੀ ਸ਼ਿਕਾਇਤ ’ਤੇ 25 ਜਨਵਰੀ 1999 ਨੂੰ ਉਕਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।
ਕੇਸ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਅਦਾਲਤ ਵਿੱਚ ਚੱਲ ਰਹੀ ਸੀ। ਸੀਬੀਆਈ ਨੇ ਮੁੱਢਲੀ ਜਾਂਚ ਮਗਰੋਂ 13 ਦਸੰਬਰ 2002 ਨੂੰ ਉਕਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸੀਬੀਆਈ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ। ਕੇਸ ਦੀ ਸੁਣਵਾਈ ਦੌਰਾਨ ਸੀਬੀਆਈ ਨੇ 17 ਗਵਾਹ ਪੇਸ਼ ਕੀਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।