Chandigarh News : ਯੂਟੀ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਠੇਕਾ ਆਧਾਰ ’ਤੇ ਅਤੇ ਗੈਸਟ ਲੈਕਚਰਾਰ ਵਜੋਂ ਕੰਮ ਕਰਦੇ ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜੁਆਇੰਟ ਐਕਸ਼ਨ ਕਮੇਟੀ ਆਫ ਟੀਚਰਜ਼ ਐਸੋਸੀਏਸ਼ਨ ਨੇ ਇਸ ਖਿਲਾਫ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਜਥੇਬੰਦੀ ਨੇ ਅਧਿਆਪਕਾਂ ਨੂੰ ਅੱਜ 29 ਨਵੰਬਰ ਨੂੰ ਡਾਇਰੈਕਟਰ ਸਕੂਲ ਐਜੂਕੇਸ਼ਨ ਦੇ ਦਫਤਰ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ। 


ਹਾਸਲ ਜਾਣਕਾਰੀ ਮੁਤਾਬਕ ਯੂਟੀ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਜਲਦੀ ਹੀ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ ਜਿਸ ਲਈ ਵਿਭਾਗ ਨੇ ਪ੍ਰਸਤਾਵ ਤਿਆਰ ਕੀਤਾ ਹੈ। ਇਸ ਤਹਿਤ ਠੇਕਾ ਆਧਾਰ ’ਤੇ ਅਤੇ ਗੈਸਟ ਲੈਕਚਰਾਰ ਵਜੋਂ ਕੰਮ ਕਰਦੇ ਕੁਝ ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕੀਤੀਆਂ ਜਾਣਗੀਆਂ ਤੇ ਉਨ੍ਹਾਂ ਦੀ ਥਾਂ ਨਵੀਂ ਤਾਇਨਾਤੀ ਕੀਤੀ ਜਾਵੇਗੀ। 


ਉਧਰ, ਇਸ ਖ਼ਿਲਾਫ ਅਧਿਆਪਕ ਜਥੇਬੰਦੀ ਨੇ ਸੰਘਰਸ਼ ਕਰਨ ਦਾ ਸੱਦਾ ਦਿੱਤਾ ਹੈ। ਜੁਆਇੰਟ ਐਕਸ਼ਨ ਕਮੇਟੀ ਆਫ ਟੀਚਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਨਵੀਂ ਭਰਤੀ ਹੋਣ ਤੋਂ ਬਾਅਦ ਉਕਤ ਅਧਿਆਪਕਾਂ ਨੂੰ ਘਰ ਬਿਠਾਇਆ ਜਾਵੇਗਾ। ਉਹ ਇਸ ਸਬੰਧੀ ਪ੍ਰਸ਼ਾਸਕ ਤੇ ਉਨ੍ਹਾਂ ਦੇ ਸਲਾਹਕਾਰ ਨੂੰ ਮਸਲਾ ਵਿਚਾਰਨ ਦੀ ਅਪੀਲ ਕਰ ਚੁੱਕੇ ਹਨ ਪਰ ਇਸ ਮਾਮਲੇ ਦਾ ਕੋਈ ਹੱਲ ਨਹੀਂ ਹੋਇਆ। 


ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੂੰ 29 ਨਵੰਬਰ ਨੂੰ ਡਾਇਰੈਕਟਰ ਸਕੂਲ ਐਜੂਕੇਸ਼ਨ ਦੇ ਦਫਤਰ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ ਜਿਸ ਵਿੱਚ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਨੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਹ ਸਕੂਲ ਬੰਦ ਕਰਵਾਉਣ ਲਈ ਪ੍ਰਦਰਸ਼ਨ ਕਰਨਗੇ। 


ਇਸ ਮੁਹਿੰਮ ਦਾ ਯੂਟੀ ਦੀਆਂ ਹੋਰ ਜਥੇਬੰਦੀਆਂ ਨੇ ਸਮਰਥਨ ਕਰਦਿਆਂ ਸੰਘਰਸ਼ ਵਿੱਚ ਜੁਟਣ ਦੀ ਹਾਮੀ ਭਰੀ ਹੈ। ਅਧਿਆਪਕਾਂ ਨੇ ਮੰਗ ਕੀਤੀ ਕਿ ਸਿੱਖਿਆ ਵਿਭਾਗ ਅਧਿਆਪਕਾਂ ਦੀ ਹੋਰ ਮੰਗਾਂ ਤੇ ਮਸਲਿਆਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕਰੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।