Chandigarh News: 2030 ਤੱਕ ਇੰਝ ਬਦਲੇਗਾ ਸਿਟੀ ਬਿਊਟੀਫੁੱਲ ਚੰਡੀਗੜ੍ਹ, ਯੂਐਨਡੀਪੀ ਦੀ ਸਲਾਹ ਨਾਲ ‘ਵਿਜ਼ਨ ਡਾਕੂਮੈਂਟ’ ਤਿਆਰ
City Beautiful Chandigarh: 2030 ਤੱਕ ਚੰਡੀਗੜ੍ਹ ਦੀ ਨੁਹਾਰ ਬਦਲ ਜਾਏਗੀ। ਯੂਟੀ ਪ੍ਰਸ਼ਾਸਨ ਵੱਲੋਂ ਸਾਲ 2030 ਤੱਕ ਕਰਵਾਏ ਜਾਣ ਵਾਲੇ ਕੰਮਾਂ ਦਾ ਖਾਕਾ ਤਿਆਰ ਕਰ ਲਿਆ ਗਿਆ ਹੈ
Chandigarh News: 2030 ਤੱਕ ਚੰਡੀਗੜ੍ਹ ਦੀ ਨੁਹਾਰ ਬਦਲ ਜਾਏਗੀ। ਯੂਟੀ ਪ੍ਰਸ਼ਾਸਨ ਵੱਲੋਂ ਸਾਲ 2030 ਤੱਕ ਕਰਵਾਏ ਜਾਣ ਵਾਲੇ ਕੰਮਾਂ ਦਾ ਖਾਕਾ ਤਿਆਰ ਕਰ ਲਿਆ ਗਿਆ ਹੈ। ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਭਵਿੱਖੀ ਕੰਮਾਂ ਸਬੰਧੀ ਦਸਤਾਵੇਜ਼ ਪੰਜਾਬ ਰਾਜ ਭਵਨ ਵਿੱਚ ਜਾਰੀ ਕੀਤਾ ਹੈ।
ਇਸ ਦਸਤਾਵੇਜ਼ ਨੂੰ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂਐਨਡੀਪੀ) ਨਾਲ ਸਬੰਧਤ ਏਜੰਸੀ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਇਸ ਵਿੱਚ ਚੰਡੀਗੜ੍ਹ ਵਿੱਚ ਸਾਲ 2030 ਤੱਕ ਸ਼ਹਿਰੀ ਵਿਕਾਸ, ਟਰਾਂਸਪੋਰਟ, ਵਾਤਾਵਰਨ ਸੰਭਾਲ, ਸਿੱਖਿਆ, ਰੁਜ਼ਗਾਰ, ਸਿਹਤ ਤੇ ਸਮਾਜਿਕ ਸੁਰੱਖਿਆ ’ਤੇ ਜ਼ੋਰ ਦਿੱਤਾ ਗਿਆ ਹੈ।
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ‘ਵਿਜ਼ਨ ਡਾਕੂਮੈਂਟ’ ਵਿੱਚ ਮੁੱਖ ਤੌਰ ’ਤੇ ਪੰਜ ਖੇਤਰਾਂ ਵਿੱਚ ਵੱਖ-ਵੱਖ ਕੰਮ ਕਰਨ ਨੂੰ ਤਰਜੀਹ ਦਿੱਤੀ ਗਈ ਹੈ। ਇਸ ਲਈ ਯੂਟੀ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤਿਆਰ ਕੀਤੇ ਗਏ ਖਾਕੇ ਦੇ ਆਧਾਰ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਤੈਅ ਕੀਤੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਜਾਵੇ, ਜਿਸ ਨਾਲ ਸਾਲ 2030 ਤੱਕ ਇਨ੍ਹਾਂ ਸਾਰੇ ਕੰਮਾਂ ਨੂੰ ਪੂਰਾ ਕੀਤਾ ਜਾ ਸਕੇ। ਪੁਰੋਹਿਤ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਦਾ ਮੁੱਖ ਮਕਸਦ ਸ਼ਹਿਰ ਨੂੰ ਸੁੰਦਰ ਬਣਾਉਣਾ ਅਤੇ ਹਰ ਕਿਸੇ ਦੀ ਦੇਖਭਾਲ ਕਰਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਵੀ ਸ਼ਹਿਰ ਦੇ ਸੁੰਦਰੀਕਰਨ ਦੇ ਕੰਮ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।
ਗੌਰਤਲਬ ਹੈ ਕਿ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਦੇ ਵਿਕਾਸ ਲਈ ਇਕ ਮਾਸਟਰ ਪਲਾਨ ਵੀ ਤਿਆਰ ਕੀਤਾ ਹੈ, ਜਿਸ ਤਹਿਤ ਸ਼ਹਿਰ ਨੂੰ ਸਾਲ 2030 ਤੱਕ ਨਵਿਆਉਣਯੋਗ ਉਰਜਾ ਦੇ ਖੇਤਰ ਵਿੱਚ ਮੋਹਰੀ ਲਿਆਉਣ ਦਾ ਟੀਚਾ ਮਿੱਥਿਆ ਹੈ।
ਇਸ ਤੋਂ ਇਲਾਵਾ ਵੀ ਯੂਟੀ ਪ੍ਰਸ਼ਾਸਨ ਸ਼ਹਿਰ ਨੂੰ ਵਾਤਾਵਰਨ ਪ੍ਰਦੂਸ਼ਣ ਤੋਂ ਬਚਾਉਣ ਲਈ ਇਲੈਕਟ੍ਰਿਕ ਵਹੀਕਲਾਂ ਨੂੰ ਵੱਡੇ ਪੱਧਰ ’ਤੇ ਚਲਾਉਣ ਲਈ ਵੀ ਜ਼ੋਰ ਦੇ ਰਿਹਾ ਹੈ। ਇਸ ਮੌਕੇ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਧਰਮਪਾਲ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ।