ਚੰਡੀਗੜ੍ਹ ਲੈ ਕੇ ਰਹੇਗੀ 'ਆਪ' ਸਰਕਾਰ, ਹਰਪਾਲ ਚੀਮਾ ਦਾ ਖੱਟਰ ਸਰਕਾਰ 'ਤੇ ਪਲਟਵਾਰ
Punjab News: ਹਰਪਾਲ ਚੀਮਾ ਨੇ ਕਿਹਾ ਕਿ ਕਿਸੇ ਵੀ ਸੂਬੇ ਨੂੰ ਰਾਜਧਾਨੀ ਬਣਾਉਣ ਲਈ ਆਪਣੀ ਜ਼ਮੀਨ ਹੋਣੀ ਚਾਹੀਦੀ ਹੈ। ਜਦੋਂ ਨਵਾਂ ਰਾਜ ਬਣਦਾ ਹੈ ਤਾਂ ਰਾਜਧਾਨੀ ਪੁਰਾਣੇ ਰਾਜ ਕੋਲ ਹੀ ਰਹਿੰਦੀ ਹੈ। ਚੰਡੀਗੜ੍ਹ ਪੰਜਾਬ ਦਾ ਹੈ
Punjab News: ਚੰਡੀਗੜ੍ਹ ਦੇ ਮੁੱਦੇ 'ਤੇ ਹਰਿਆਣਾ ਤੇ ਪੰਜਾਬ ਆਹਮੋ-ਸਾਹਮਣੇ ਹਨ। ਪੰਜਾਬ ਵਿਧਾਨ ਸਭਾ ਵੱਲੋਂ ਚੰਡੀਗੜ੍ਹ ’ਤੇ ਆਪਣਾ ਦਾਅਵਾ ਠੋਕਣ ਦੇ ਮਤੇ ਦਾ ਵਿਰੋਧ ਕਰਦਿਆਂ ਹਰਿਆਣਾ ਵਿਧਾਨ ਸਭਾ ਵਿੱਚ ਇਤਰਾਜ਼ ਮਤਾ ਪਾਸ ਕੀਤਾ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਵਿਧਾਨ ਸਭਾ ਦੇ ਮਤੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਹਰਪਾਲ ਚੀਮਾ ਨੇ ਕਿਹਾ ਹੈ ਕਿ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਹੈ ਤੇ ਉਨ੍ਹਾਂ ਦੀ ਸਰਕਾਰ ਇਸ ਨੂੰ ਲਵੇਗੀ।
ਹਰਪਾਲ ਚੀਮਾ ਨੇ ਕਿਹਾ ਕਿ ਕਿਸੇ ਵੀ ਸੂਬੇ ਨੂੰ ਰਾਜਧਾਨੀ ਬਣਾਉਣ ਲਈ ਆਪਣੀ ਜ਼ਮੀਨ ਹੋਣੀ ਚਾਹੀਦੀ ਹੈ। ਜਦੋਂ ਨਵਾਂ ਰਾਜ ਬਣਦਾ ਹੈ ਤਾਂ ਰਾਜਧਾਨੀ ਪੁਰਾਣੇ ਰਾਜ ਕੋਲ ਹੀ ਰਹਿੰਦੀ ਹੈ। ਚੰਡੀਗੜ੍ਹ ਪੰਜਾਬ ਦਾ ਹੈ ਤੇ ਅਸੀਂ ਇਸ ਨੂੰ ਆਪਣੇ ਨਾਲ ਲੈ ਕੇ ਜਾਵਾਂਗੇ।
ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਧਰਤੀ 'ਤੇ ਚੰਡੀਗੜ੍ਹ ਬਣਾਉਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਹੈ। ਸਾਨੂੰ ਚੰਡੀਗੜ੍ਹ ਦਾ ਘੱਟੋ-ਘੱਟ 60 ਫੀਸਦੀ ਹਿੱਸਾ ਮਿਲਣਾ ਚਾਹੀਦਾ ਹੈ। ਅਸੀਂ ਚੰਡੀਗੜ੍ਹ ਲਈ ਹਰ ਲੜਾਈ ਲੜਾਂਗੇ ਤੇ ਆਪਣਾ ਹੱਕ ਲਵਾਂਗੇ।
ਹਰਿਆਣਾ ਸਰਕਾਰ ਨੇ ਕੀਤਾ ਇਹ ਦਾਅਵਾ
ਦੱਸ ਦੇਈਏ ਕਿ ਚੰਡੀਗੜ੍ਹ ਨੂੰ ਲੈ ਕੇ ਤਾਜ਼ਾ ਵਿਵਾਦ ਪਿਛਲੇ ਹਫਤੇ ਤੋਂ ਸ਼ੁਰੂ ਹੋਇਆ ਹੈ। ਚੰਡੀਗੜ੍ਹ ਵਿੱਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੇ ਫੈਸਲੇ ਦੇ ਵਿਰੋਧ ਵਿੱਚ ਭਗਵੰਤ ਮਾਨ ਦੀ ਸਰਕਾਰ ਨੇ ਪਿਛਲੇ ਹਫ਼ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਪਰ ਭਗਵੰਤ ਮਾਨ ਦੀ ਸਰਕਾਰ ਨੇ ਚੰਡੀਗੜ੍ਹ 'ਤੇ ਦਾਅਵੇਦਾਰੀ ਸਬੰਧੀ ਮਤਾ ਪਾਸ ਕਰ ਦਿੱਤਾ।
ਪੰਜਾਬ ਸਰਕਾਰ ਦੇ ਇਸ ਪ੍ਰਸਤਾਵ ਦਾ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਵਿਰੋਧ ਕੀਤਾ ਸੀ। ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਅਤੇ ਚੰਡੀਗੜ੍ਹ 'ਤੇ ਦਾਅਵੇ ਨੂੰ ਲੈ ਕੇ ਮਤਾ ਪਾਸ ਕੀਤਾ ਗਿਆ।