Punjab News: : ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਬੁੱਧਵਾਰ ਨੂੰ ਜਾਰੀ ਇੱਕ ਹੁਕਮ ਰਾਹੀਂ ਪੰਜਾਬ ਕੇਡਰ ਦੇ 1992 ਬੈਚ ਦੇ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਦੀ ਜਗ੍ਹਾ ਸਿਨਹਾ ਨੂੰ ਮੁੱਖ ਸਕੱਤਰ ਬਣਾਇਆ ਗਿਆ ਹੈ। ਵਰਮਾ ਨੂੰ ਹੁਣ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਲਈ ਵਧੀਕ ਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਸੂਬੇ ਦੀ ਨੌਕਰਸ਼ਾਹੀ ਦੇ ਸਿਖਰਲੇ ਪਦ ਵਿੱਚ ਆਏ ਬਦਲਾਅ ਨੂੰ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਸਰਕਾਰੀ ਤੰਤਰ 'ਤੇ ਆਪਣੀ ਪਕੜ ਮਜ਼ਬੂਤ ਕਰਨ ਦੇ ਇੱਕ ਹੋਰ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।
ਉਦਾਹਰਣ ਵਜੋਂ, ਮੁੱਖ ਸਕੱਤਰ ਵਜੋਂ ਸਿਨਹਾ ਦੀ ਨਿਯੁਕਤੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਸਹਿਯੋਗੀ ਤੇ ਸੰਚਾਰ ਨਿਰਦੇਸ਼ਕ ਬਲਤੇਜ ਸਿੰਘ ਪੰਨੂ (baltej pannu) ਦੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਇੱਕ ਦਿਨ ਬਾਅਦ ਹੋਈ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਸੰਚਾਰ ਦੇ ਇੱਕ ਹੋਰ ਨਿਰਦੇਸ਼ਕ ਨਵਨੀਤ ਵਧਵਾ ਨੇ ਵੀ ਅਸਤੀਫਾ ਦੇ ਦਿੱਤਾ ਸੀ ਤੇ ਸਤੰਬਰ ਵਿੱਚ ਭਗਵੰਤ ਮਾਨ ਦੇ OSD ਓਂਕਾਰ ਸਿੰਘ ਨੇ ਅਸਤੀਫਾ ਦੇ ਦਿੱਤਾ।
ਪਾਰਟੀ ਦੇ ਉੱਚ-ਅਧਿਕਾਰੀਆਂ ਨੇ ਮੰਨਿਆ ਕਿ ਇਹ ਘਟਨਾਕ੍ਰਮ ਆਪ ਦੀ ਕੌਮੀ ਲੀਡਰਸ਼ਿਪ ਵੱਲੋਂ ਪੰਜਾਬ ਦੇ ਮਾਮਲਿਆਂ ਦੀ ਕਮਾਨ ਸੰਭਾਲਣ ਲਈ ਕੀਤੇ ਗਏ ਠੋਸ ਕਦਮ ਦਾ ਹਿੱਸਾ ਹਨ।
ਸੋਮਵਾਰ ਨੂੰ ਕੇਜਰੀਵਾਲ ਨੇ ਸਰਕਾਰ ਦੇ ਕੰਮਕਾਜ ਬਾਰੇ ਫੀਡਬੈਕ ਲੈਣ ਲਈ ਪੰਜਾਬ ਦੇ ਕੁਝ ਕੈਬਨਿਟ ਮੰਤਰੀਆਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਤਲਬ ਕੀਤਾ ਸੀ। ਪਤਾ ਲੱਗਾ ਹੈ ਕਿ ਉਨ੍ਹਾਂ ਨੇ ਮੰਤਰੀਆਂ ਨਾਲ ਵਨ-ਟੂ-ਵਨ ਮੀਟਿੰਗਾਂ ਕੀਤੀਆਂ। ਸੂਤਰਾਂ ਨੇ ਅੱਗੇ ਕਿਹਾ ਕਿ ਕੇਜਰੀਵਾਲ ਦੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਆਪ ਵਿਧਾਇਕਾਂ ਨੂੰ ਮਿਲਣ ਦੀ ਉਮੀਦ ਹੈ, ਜਦੋਂ ਕਿ ਇਹ ਸੰਕੇਤ ਵੀ ਦਿੱਤਾ ਗਿਆ ਹੈ ਕਿ ਪਾਰਟੀ ਲੀਡਰਸ਼ਿਪ ਵੱਲੋਂ ਮੁੱਖ ਮੰਤਰੀ ਮਾਨ ਦੇ ਨਾਲ ਡਿਪਟੀ ਮੁੱਖ ਮੰਤਰੀ ਨਿਯੁਕਤ ਕਰ ਸਕਦੇ ਹਨ।
ਪਾਰਟੀ ਦੇ ਅੰਦਰੂਨੀ ਸੂਤਰਾਂ ਨੇ ਸੰਕੇਤ ਦਿੱਤਾ ਕਿ ਆਪ ਦੀ ਕੌਮੀ ਲੀਡਰਸ਼ਿਪ ਮਾਨ ਦੀ ਕਾਰਜਸ਼ੈਲੀ ਤੋਂ ਨਾਖੁਸ਼ ਜਾਪਦੀ ਹੈ। ਆਮ ਚੋਣਾਂ ਵਿੱਚ ਪਾਰਟੀ 13 ਲੋਕ ਸਭਾ ਸੀਟਾਂ ਵਿੱਚੋਂ ਸਿਰਫ 3 ਜਿੱਤਣ ਵਿੱਚ ਕਾਮਯਾਬ ਰਹੀ। ਇਹ ਕੁੜੱਤਣ ਉਦੋਂ ਹੋਰ ਸਪੱਸ਼ਟ ਹੋ ਗਈ ਜਦੋਂ ਭਗਵੰਤ ਮਾਨ ਹਸਪਤਾਲ ਵਿੱਚ ਦਾਖ਼ਲ ਸਨ ਤਾਂ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਨਹੀਂ ਆਏ।