ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਉੱਚ ਅਦਾਲਤ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਦੌਰਾਨ ਬਿਜਲਈ ਵੋਟਿੰਗ ਮਸ਼ੀਨਾਂ ਦੀ ਵਰਤੋਂ ਬਾਰੇ 28 ਮਈ ਤਕ ਆਪਣਾ ਜਵਾਬ ਦੇਣ ਲਈ ਕਿਹਾ ਹੈ।

 

ਦਰਅਸਲ, ਗੁਰਿੰਦਰ ਸਿੰਘ ਤੇ ਚਾਰ ਹੁਰਾਂ ਵੱਲੋਂ ਦਾਇਰ ਕੀਤੀ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਪੰਚਾਇਤੀ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਬਲਾਕ ਤੋਂ ਬਾਹਰ ਕਰਵਾਈ ਜਾਵੇ ਨਾ ਕਿ ਉਸੇ ਪਿੰਡ ਵਿੱਚ। ਪਟੀਸ਼ਨਕਰਤਾਵਾਂ ਦੇ ਵਕੀਲ ਹਰੀ ਚੰਦ ਅਰੋੜਾ ਨੇ ਤਰਕ ਦਿੱਤਾ ਕਿ ਇਸ ਤਰ੍ਹਾਂ ਪਿੰਡਾਂ ਵਿੱਚ ਅਕਸਰ ਹਿੰਸਾ ਤੇ ਹੇਰਫੇਰ ਹੋਣ ਦੀ ਸੰਭਾਵਨਾ ਰਹਿੰਦੀ ਹੈ।

ਇਸ 'ਤੇ ਹਾਈਕੋਰਟ ਨੇ ਪੁੱਛਿਆ ਕਿ ਕੀ ਪੰਚਾਇਤੀ ਚੋਣਾਂ ਵਿੱਚ ਇਲੈਕਟ੍ਰੌਨਿਕ ਵੋਟਿੰਗ ਮਸ਼ੀਨ ਦੀ ਵਰਤੋਂ ਕਿਉਂ ਨਾ ਕੀਤੀ ਜਾਵੇ। ਅਦਾਲਤ ਨੇ ਸੂਬਾਈ ਚੋਣ ਕਮਿਸ਼ਨ ਨੂੰ ਇਸ ਦਾ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ ਹਨ।