Punjab News: ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਵੀ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਅੱਜ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ ਜਿਸ ਤੋਂ ਸੂਬਾ ਵਾਸੀ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਸ਼ੁਰੂ ਕਰਕੇ ਮਾਨ ਸਰਕਾਰ ਨੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਨਾਲ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਦਾ ਸੁਧਾਰ ਕੀਤਾ ਜਾ ਰਿਹਾ ਹੈ, ਡਾਕਟਰਾਂ ਦੀ ਘਾਟ ਪੂਰੀ ਕੀਤੀ ਜਾ ਰਹੀ ਹੈ ਅਤੇ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 33 ਹੋਰ ਆਮ ਆਦਮੀ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਅਗਲੇ ਮਹੀਨੇ 26 ਜਨਵਰੀ ਨੂੰ ਲੋਕ ਅਰਪਣ ਕਰ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਰਹੱਦੀ ਖੇਤਰਾਂ ਦੇ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਹੇਠਲੇ ਪੱਧਰ ’ਤੇ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਜਰੀਏ ਗਰੀਬ ਤੇ ਲੋੜਵੰਦ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਮਿਲੇਗਾ। ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਹੂਲਤਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਮੌਜੂਦ ਸਨ।