ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਮੁਲਾਜ਼ਮਾਂ ਲਈ ਸਖਤ ਫਰਮਾਨ, ਪ੍ਰਸੋਨਲ ਵਿਭਾਗ ਵੱਲੋਂ ਹੁਕਮ ਜਾਰੀ
ਸਾਰੇ ਪ੍ਰਬੰਧਕੀ ਸਕੱਤਰਾਂ ਤੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਫ਼ਤੇ 'ਚ ਘੱਟੋ-ਘੱਟ 2 ਵਾਰ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਹਾਜ਼ਰੀ ਦੀ ਜਾਂਚ ਕਰਨ।
ਚੰਡੀਗੜ੍ਹ: ਪੰਜਾਬ ਦੀ ਨਵੀਂ ਸਰਕਾਰ ਨੇ ਆਪਣੇ ਕੰਮਕਾਜ 'ਚ ਤੇਜ਼ੀ ਲਿਆਉਣ ਲਈ ਸਾਰੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਵੇਰੇ 9 ਵਜੇ ਦਫ਼ਤਰਾਂ 'ਚ ਆਪਣੀ ਹਾਜ਼ਰੀ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ ਹਨ ਤੇ ਸਪੱਸ਼ਟ ਕਰ ਦਿੱਤਾ ਹੈ ਕਿ ਵਿਭਾਗਾਂ 'ਚ ਕਿਸੇ ਵੀ ਸਮੇਂ ਜਾਂਚ ਕੀਤੀ ਜਾ ਸਕਦੀ ਹੈ।
ਸੂਬੇ ਦੇ ਪ੍ਰਸੋਨਲ ਵਿਭਾਗ ਵੱਲੋਂ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸਡੀਐਮਜ਼ ਨੂੰ ਜਾਰੀ ਪੱਤਰ 'ਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਰੇ ਅਧਿਕਾਰੀ ਤੇ ਮੁਲਾਜ਼ਮ ਸਵੇਰੇ 9 ਵਜੇ ਆਪਣੇ ਦਫ਼ਤਰਾਂ 'ਚ ਪਹੁੰਚ ਜਾਣ ਤੇ ਸ਼ਾਮ ਨੂੰ ਦਫ਼ਤਰ ਸਮੇਂ ਤਕ ਹਾਜ਼ਰ ਰਹਿਣ।
ਇਸ ਦੇ ਨਾਲ ਹੀ ਸਾਰੇ ਪ੍ਰਬੰਧਕੀ ਸਕੱਤਰਾਂ ਤੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਫ਼ਤੇ 'ਚ ਘੱਟੋ-ਘੱਟ 2 ਵਾਰ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਹਾਜ਼ਰੀ ਦੀ ਜਾਂਚ ਕਰਨ। ਨਾਲ ਹੀ ਆਪਣੇ ਅਧੀਨ ਸੰਸਥਾਵਾਂ 'ਚ ਚੱਲ ਰਹੇ ਕੰਮ ਤੇ ਰਿਕਾਰਡਾਂ ਦੀ ਜਾਂਚ ਕਰਨ।
ਸਰਕਾਰ ਨੇ ਪ੍ਰਬੰਧਕੀ ਸਕੱਤਰਾਂ ਨੂੰ ਉਨ੍ਹਾਂ ਦੇ ਅਧੀਨ ਡਾਇਰੈਕਟੋਰੇਟਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਪ੍ਰਮੁੱਖਾਂ ਤੋਂ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਵੀ ਜ਼ਿੰਮੇਵਾਰ ਕਰਾਰ ਦਿੱਤਾ ਹੈ। ਇਸੇ ਤਰ੍ਹਾਂ ਫੀਲਡ 'ਚ ਵਿਭਾਗਾਂ ਦੇ ਕਮਿਸ਼ਨਰ, ਡਿਪਟੀ ਕਮਿਸ਼ਨਰ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਦਫ਼ਤਰੀ ਸਟਾਫ਼ ਦੀ ਜਾਂਚ ਕਰਨ ਲਈ ਜ਼ਿੰਮੇਵਾਰ ਹੋਣਗੇ। ਸਰਕਾਰ ਵੱਲੋਂ ਇਹ ਵੀ ਆਦੇਸ਼ ਦਿੱਤਾ ਗਿਆ ਹੈ ਕਿ ਦਫ਼ਤਰੀ ਕੰਮਾਂ 'ਚ ਪਾਰਦਰਸ਼ਤਾ ਲਿਆਂਦੀ ਜਾਵੇ ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ 'ਤੇ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾਵੇ।
ਇਹ ਵੀ ਪੜ੍ਹੋ: ਖੁਸ਼ਖਬਰੀ! ਭਾਰਤ ਸਰਕਾਰ ਵੰਡੇਗੀ ਪੰਜ ਲੱਖ ਫਰੀ ਵੀਜ਼ੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin