Punjab News: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਬਾਅਦ ਵੀ ਅਕਾਲੀ ਦਲ ਦੇ ਚੁੱਲ੍ਹੇ ਇਕੱਠੇ ਹੁੰਦੇ ਵਿਖਾਈ ਨਹੀਂ ਦੇ ਰਹੇ ਹਨ ਕਿਉਂਕਿ ਚਰਨਜੀਤ ਸਿੰਘ ਬਰਾੜ ਨੇ ਹੁਣ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਉੱਤੇ ਵੱਡੇ ਇਲਜ਼ਾਮ ਲਾਏ ਹਨ। ਬਰਾੜ ਨੇ 27 ਤਾਰੀਕ ਨੂੰ ਸੁਖਬੀਰ ਬਾਦਲ ਦੀ ਕੋਠੀ ਵਿੱਚ ਵਰਕਿੰਗ ਕਮੇਟੀ ਦੇ ਮੈਂਬਰਾਂ ਤੇ ਹੋਰਨਾਂ ਲੀਡਰਾਂ ਦੀ ਹੋਈ ਮੀਟਿੰਗ ਬਾਬਤ ਵੀ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬਰਾੜ ਨੇ ਕਿਹਾ ਕਿ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭੱਜ ਰਿਹਾ ਹੈ।
ਬਰਾੜ ਨੇ ਕਿਹਾ ਕਿ ਵਰਕਿੰਗ ਕਮੇਟੀ ਨੂੰ ਪ੍ਰਧਾਨ ਤੇ ਹੋਰਾਂ ਦੇ ਅਸਤੀਫ਼ੇ ਪ੍ਰਵਾਨ ਕਰਨ ਅਤੇ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੂਚਿਤ ਕਰਨ ਦੇ ਹੁਕਮ ਹਨ ਪਰ ਦਲਜੀਤ ਸਿੰਘ ਚੀਮਾ ਕਹਿ ਰਹੇ ਹਨ ਕਿ ਇਸ ਬਾਬਤ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਜਾਵੇਗੀ ਪਰ ਹੁਣ ਉਹ ਦੱਸ ਦੇਣ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਮੰਨਣਾ ਹੈ ਜਾਂ ਨਹੀਂ ?
ਬਰਾੜ ਨੇ ਕਿਹਾ ਕਿ ਜੇ ਪਾਰਟੀ ਦੇ ਸੰਵਿਧਾਨ ਦੀ ਗੱਲ ਕਰੀਏ ਤਾਂ ਬਹੁਤ ਸਾਰੇ ਮੁੱਦੇ ਹਨ, ਸੁਖਬੀਰ ਬਾਦਲ ਵੀ ਰੈਲੀਆਂ ਵਿੱਚ ਇਹੀ ਕਹਿੰਦੇ ਹਨ ਕਿ ਉਹ ਸਿੱਖਾਂ ਦੀ ਪਾਰਟੀ ਹੈ ਤਾਂ ਧਰਮ ਨਿਰਪੱਖ ਸ਼ਬਦ ਕਿੱਥੇ ਹੈ। ਬਰਾੜ ਨੇ ਉਦਾਰਹਣ ਦਿੰਦਿਆਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਸਿਰਫ ਐਸਜੀਪੀਸੀ ਦੇ ਪ੍ਰਧਾਨ ਹੀ ਨਹੀਂ ਸਗੋਂ ਅਕਾਲੀ ਦਲ ਦੀਆਂ ਕਈ ਕਮੇਟੀਆਂ ਦੇ ਮੈਂਬਰ ਵੀ ਹਨ।
ਇਸ ਮੌਕੇ ਚਰਨਜੀਤ ਸਿੰਧ ਬਰਾੜ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਦੀ ਜਾਂਚ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਕਮੇਟੀ ਉੱਤੇ ਸਵਾਲ ਖੜ੍ਹੇ ਕੀਤੇ ਹਨ। ਬਰਾੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਰਿਸ਼ਤੇਦਾਰ ਕਮੇਟੀ ਦੇ ਮੈਂਬਰ ਬਣਾਏ ਗਏ ਹਨ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵਿੱਚ ਹੋਈ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਉੱਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਜਿਤਾਉਣ ਲਈ RSS ਦੀ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਬਾਗ਼ੀ ਧੜਾ ਸ਼੍ਰੋਮਣੀ ਅਕਾਲੀ ਦਲ ਨਾਲ ਮੀਟਿੰਗ ਕਰਨਾ ਚਾਹੁੰਦਾ ਸੀ ਪਰ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਜਵਾਬ ਦੇ ਦਿੱਤਾ।
ਚਰਜੀਤ ਸਿੰਘ ਬਰਾੜ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਵੱਡੇ ਲੀਡਰ ਸ੍ਰੀ ਅਕਾਲ ਤਖਤ ਦੇ ਹੁਕਮਾਂ ਤੋਂ ਭੱਜ ਰਹੇ ਹਨ ਤੇ ਇਸ ਦੌਰਾਨ ਅਕਾਲੀ ਦਲ ਵੱਲੋਂ ਮੁੜ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।