Charanjit Singh Channi Reappointed as Head of Agriculture Committee: ਪੰਜਾਬ ਦੇ ਲਈ ਇੱਕ ਚੰਗੀ ਖਬਰ ਸਾਹਮਣੇ ਆਈ ਹੈ। ਜੀ ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਫਿਰ ਤੋਂ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਨਾਲ ਜੁੜੀ ਸਥਾਈ ਸੰਸਦੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਕਮੇਟੀ ਵਿੱਚ ਲੋਕ ਸਭਾ ਦੇ 21 ਅਤੇ ਰਾਜ ਸਭਾ ਦੇ 10 ਮੈਂਬਰ ਹਨ। ਇਨ੍ਹਾਂ ਵਿੱਚ ਪੰਜਾਬ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਹਨ।
ਚਰਨਜੀਤ ਸਿੰਘ ਚੰਨੀ ਪਹਿਲਾਂ ਵੀ ਇਸ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕ ਵਿੱਚ ਦਿੱਤੀ ਗਈਆਂ ਉਨ੍ਹਾਂ ਦੀਆਂ ਰਿਪੋਰਟਾਂ ਅਤੇ ਸਿਫਾਰਸ਼ਾਂ ਦੇ ਕਾਰਨ ਉਨ੍ਹਾਂ ਨੂੰ ਦੂਜੀ ਵਾਰੀ ਇਹ ਜ਼ਿੰਮੇਵਾਰੀ ਮਿਲੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਐਮਐਸਪੀ ਦੀ ਕਾਨੂੰਨੀ ਗਾਰੰਟੀ, ਪਰਾਲੀ ਪ੍ਰਬੰਧਨ 'ਤੇ ਮੁਆਵਜ਼ਾ ਅਤੇ ਕਿਸਾਨ ਨਿਧੀ ਯੋਜਨਾ ਵਿੱਚ ਖੇਤ ਮਜ਼ਦੂਰਾਂ ਨੂੰ ਸ਼ਾਮਿਲ ਕਰਨ ਦੀ ਸਿਫਾਰਸ਼ ਕੀਤੀ ਸੀ।
ਕੇਂਦਰ ਸਰਕਾਰ ਨਹੀਂ ਕਰ ਪਾਏਗੀ ਆਪਣੀ ਮਨਮਾਨੀਆਂ
ਸਿਆਸੀ ਹਲਕਿਆਂ ਵਿੱਚ ਉਨ੍ਹਾਂ ਦੀ ਨਵੀਂ ਨਿਯੁਕਤੀ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸਿਆਸੀ ਵਿਸ਼ਲੇਸ਼ਕ ਕਹਿੰਦੇ ਹਨ ਕਿ ਇਸ ਕਮੇਟੀ ਦੇ ਪ੍ਰਧਾਨ ਚੰਨੀ ਨੂੰ ਚੁਣਨ ਨਾਲ ਹੁਣ ਕੇਂਦਰ ਸਰਕਾਰ ਖੇਤੀ ਨਾਲ ਜੁੜੇ ਫੈਸਲੇ ਇਕਤਰਫਾ ਨਹੀਂ ਲੈ ਸਕੇਗੀ, ਕਿਉਂਕਿ ਚੰਨੀ ਸਿੱਧਾ ਕਿਸਾਨਾਂ ਅਤੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਕਮੇਟੀ ਵਿੱਚ ਉਠਾ ਸਕਣਗੇ।
ਜਾਣੋ ਇਹ ਕਮੇਟੀ ਕਿੰਨੀ ਮਹੱਤਵਪੂਰਨ ਹੈ
ਲੋਕ ਸਭਾ ਵਿੱਚ ਬਣਾਈ ਗਈ ਖੇਤੀਬਾੜੀ, ਪਸ਼ੂਪਾਲਨ ਅਤੇ ਫੂਡ ਪ੍ਰੋਸੈਸਿੰਗ ਬਾਰੇ ਸਥਾਈ ਕਮੇਟੀ ਦੇਸ਼ ਦੀ ਖੇਤੀ ਨੀਤੀਆਂ ਅਤੇ ਯੋਜਨਾਵਾਂ 'ਤੇ ਨਜ਼ਰ ਰੱਖਣ ਵਾਲੀਆਂ ਸਭ ਤੋਂ ਮਹੱਤਵਪੂਰਨ ਸੰਸਦੀ ਕਮੇਟੀਆਂ ਵਿੱਚੋਂ ਇੱਕ ਹੈ। ਇਹ ਕਮੇਟੀ ਸਰਕਾਰ ਵੱਲੋਂ ਲਿਆਂਦੇ ਖੇਤੀ ਸੰਬੰਧੀ ਪ੍ਰਸਤਾਵਾਂ, ਮੰਤਰਾਲਿਆਂ ਦੀਆਂ ਰਿਪੋਰਟਾਂ ਅਤੇ ਨੀਤਿਗਤ ਦਸਤਾਵੇਜ਼ਾਂ ਦਾ ਅਧਿਐਨ ਕਰਕੇ ਆਪਣੀਆਂ ਸਿਫਾਰਸ਼ਾਂ ਸੰਸਦ ਨੂੰ ਦਿੰਦੀ ਹੈ।
ਕਮੇਟੀ ਸਰਕਾਰ 'ਤੇ ਦਬਾਅ ਬਣਾਉਂਦੀ ਹੈ
ਸੰਸਦੀ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਸਰਕਾਰ ਮੰਨੇ ਇਹ ਜ਼ਰੂਰੀ ਨਹੀਂ ਹੈ, ਪਰ ਫਿਰ ਵੀ ਇਹ ਆਪਣੀਆਂ ਸਿਫਾਰਸ਼ਾਂ ਰਾਹੀਂ ਸਰਕਾਰ 'ਤੇ ਦਬਾਅ ਬਣਾਈ ਰੱਖ ਸਕਦੀ ਹੈ। ਨਾਲ ਹੀ, ਸੰਬੰਧਤ ਮੰਤਰਾਲਿਆਂ ਲਈ ਇਹ ਜ਼ਰੂਰੀ ਹੈ ਕਿ ਉਹ ਤਿੰਨ ਮਹੀਨੇ ਦੇ ਅੰਦਰ ਕਮੇਟੀ ਦੀਆਂ ਸਿਫਾਰਸ਼ਾਂ 'ਤੇ ਰਿਪੋਰਟ ਪੇਸ਼ ਕਰਨ।
ਸੰਬੰਧਤ ਮੰਤਰੀ ਨੂੰ ਸੰਸਦ ਵਿੱਚ ਦੱਸਣਾ ਪੈਂਦਾ ਹੈ ਕਿ ਕਮੇਟੀ ਦੀ ਸਿਫਾਰਸ਼ 'ਤੇ ਵਿਭਾਗ ਨੇ ਕੀ ਕਾਰਵਾਈ ਕੀਤੀ ਹੈ। ਇੰਨਾ ਹੀ ਨਹੀਂ, ਹਰ ਛੇ ਮਹੀਨੇ ਵਿੱਚ ਸੰਬੰਧਤ ਮੰਤਰੀ ਨੂੰ ਸੰਸਦ ਵਿੱਚ ਇਹ ਵੀ ਦੱਸਣਾ ਪੈਂਦਾ ਹੈ ਕਿ ਕਮੇਟੀ ਦੀਆਂ ਸਿਫਾਰਸ਼ਾਂ 'ਤੇ ਕਿੰਨਾ ਕੰਮ ਹੋ ਚੁੱਕਾ ਹੈ ਅਤੇ ਕਿੰਨਾ ਬਾਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।