ਚੋਣਾਂ 'ਚ ਕਰਾਰੀ ਹਾਰ ਮਗਰੋਂ ਪਹਿਲੀ ਵਾਰ ਆਹਮੋ-ਸਾਹਮਣੇ ਹੋਏ ਚੰਨੀ ਤੇ ਰਾਹੁਲ ਗਾਂਧੀ,  ਬੋਲੇ ਲੋਕ ਬਦਲਾਅ ਚਾਹੁੰਦੇ ਸੀ, ਬਦਲਾਅ ਆ ਗਿਆ...


ਸ਼ੰਕਰ ਦਾਸ ਦੀ ਰਿਪੋਰਟ



ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਚੰਨੀ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ। ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਇਹ ਮੁਲਾਕਾਤ ਕੀਤੀ ਹੈ।

ਇਸ ਮੁਲਾਕਾਤ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਚੋਣਾਂ ਤੋਂ ਬਾਅਦ ਰਾਹੁਲ ਗਾਂਧੀ ਨੂੰ ਨਹੀਂ ਮਿਲੇ ਸਨ, ਇਸ ਲਈ ਅੱਜ ਉਨ੍ਹਾਂ ਨੂੰ ਮਿਲਣ ਆਏ ਹਨ। ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ 'ਚ ਪਏ ਅੰਦਰੂਨੀ ਕਲੇਸ਼ ਨੂੰ ਲੈ ਕੇ ਵੀ ਵਿਚਾਰ ਚਰਚਾ ਕੀਤੀ ਗਈ ਹੈ।

ਉਥੇ ਹੀ ਉਨ੍ਹਾਂ ਸੁਨੀਲ ਜਾਖੜ ਨੂੰ ਲੈ ਕੇ ਕਿਹਾ ਕਿ ਉਹ ਪਹਿਲਾਂ ਵੀ ਉਨ੍ਹਾਂ ਦੇ ਖਿਲਾਫ਼ ਬਿਆਨ ਦਿੰਦੇ ਆਏ ਹਨ। ਦਲਿਤ ਸਮਾਜ ਦੇ ਲੋਕ ਉਨ੍ਹਾਂ ਨੂੰ ਮੁਆਫ ਨਹੀਂ ਕਰਨਗੇ। ਚੰਨੀ ਨੇ ਪ੍ਰਦੇਸ਼ ਕਾਂਗਰਸ ਦੀ ਚੋਣ 'ਤੇ ਕਿਹਾ ਕਿ ਉਹ ਕਿਸੇ ਅਹੁਦੇ ਲਈ ਨਹੀਂ ਹਨ। ਪੰਜਾਬ 'ਚ ਲਾ ਆਰਡਰ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਲੋਕ ਬਦਲਾਅ ਚਾਹੁੰਦੇ ਸਨ, ਬਦਲਾਅ ਆ ਗਿਆ ਹੈ।

ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ, ਚਮਕੌਰ ਸਾਹਿਬ ਤੇ ਭਦੌੜ ਦੀਆਂ ਦੋਵੇਂ ਸੀਟਾਂ ਤੋਂ ਚੋਣ ਹਾਰ ਗਏ ਸਨ। ਚੰਨੀ ਵਿਧਾਨ ਸਭਾ ਚੋਣਾਂ 'ਚ 'ਆਪ' ਉਮੀਦਵਾਰਾਂ ਤੋਂ ਆਪਣੀਆਂ ਦੋਵੇਂ ਸੀਟਾਂ ਹਾਰ ਗਏ। ਭਦੌੜ ਸੀਟ ਤੋਂ ਚੰਨੀ ਲਾਭ ਸਿੰਘ ਉਗੋਕੇ ਤੋਂ 37,000 ਵੋਟਾਂ ਦੇ ਫਰਕ ਨਾਲ ਹਾਰ ਗਏ ਸਨ। ਚਮਕੌਰ ਸਾਹਿਬ ਤੋਂ ਚੰਨੀ 'ਆਪ' ਉਮੀਦਵਾਰ ਚਰਨਜੀਤ ਸਿੰਘ ਤੋਂ 6000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰ ਗਏ ਸਨ।