Punjab News: ਗੁਰਦਾਸਪੁਰ 'ਚ ਹੜ੍ਹ ਪੀੜਤਾਂ ਨੂੰ ਮੰਤਰੀ ਧਾਲੀਵਾਲ ਨੇ ਤਕਸੀਮ ਕੀਤੇ ਚੈੱਕ, 45 ਲੱਖ ਦਾ ਕੀਤਾ ਭੁਗਤਾਨ
ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਇਲਾਕੇ ਵਿੱਚ ਹੜ੍ਹ ਕਾਰਨ 511 ਘਰਾਂ ਦੇ ਹੋਏ ਨੁਕਸਾਨ ਦਾ 45 ਲੱਖ ਰੁਪਏ ਮੁਆਵਜਾ ਦਿੱਤਾ ਜਾ ਰਿਹਾ ਹੈ ਜਦਕਿ ਜਿਨ੍ਹਾਂ ਰਜਿਸਟਰਡ ਪਸ਼ੂਆਂ ਦੀ ਹੜ੍ਹ ਦੌਰਾਨ ਮੌਤ ਹੋਈ ਸੀ ਉਨ੍ਹਾਂ ਪਸ਼ੂ ਪਾਲਕਾਂ ਨੂੰ ਵੀ ਮੁਆਵਜਾ ਦਿੱਤਾ ਜਾ ਰਿਹਾ ਹੈ।
Punjab News: ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਔਖੀ ਘੜ੍ਹੀ ਵਿੱਚ ਬਾਂਹ ਫੜ੍ਹਦਿਆਂ ਉਨ੍ਹਾਂ ਨੂੰ ਮੁਆਵਜਾ ਦੇਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੁਰਾਣਾ ਸ਼ਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਤ ਵਿਅਕਤੀਆਂ ਨੂੰ ਮੁਆਵਜਾ ਰਾਸ਼ੀ ਦੇ ਚੈੱਕ ਵੰਡੇ ਗਏ।
ਮੁਆਵਜਾ ਰਾਸ਼ੀ ਦੇ ਚੈੱਕ ਤਕਸੀਮ ਕਰਨ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਪ੍ਰਭਾਵਤ ਲੋਕਾਂ ਨੂੰ ਰਾਹਤ ਦੇਣ ਲਈ ਮੁਆਵਜਾ ਰਾਸ਼ੀ ਵੰਡਣੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਇਲਾਕੇ ਵਿੱਚ ਹੜ੍ਹ ਕਾਰਨ 511 ਘਰਾਂ ਦੇ ਹੋਏ ਨੁਕਸਾਨ ਦਾ 45 ਲੱਖ ਰੁਪਏ ਮੁਆਵਜਾ ਦਿੱਤਾ ਜਾ ਰਿਹਾ ਹੈ ਜਦਕਿ ਜਿਨ੍ਹਾਂ ਰਜਿਸਟਰਡ ਪਸ਼ੂਆਂ ਦੀ ਹੜ੍ਹ ਦੌਰਾਨ ਮੌਤ ਹੋਈ ਸੀ ਉਨ੍ਹਾਂ ਪਸ਼ੂ ਪਾਲਕਾਂ ਨੂੰ ਵੀ ਮੁਆਵਜਾ ਦਿੱਤਾ ਜਾ ਰਿਹਾ ਹੈ।
ਧਾਲੀਵਾਲ ਨੇ ਕਿਹਾ ਰਾਜ ਸਰਕਾਰ ਵੱਲੋਂ ਜਲਦੀ ਹੀ ਫਸਲਾਂ ਦੇ ਨੁਕਸਾਨ ਦੀ ਵੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਵੀ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਹੜ੍ਹ ਪੀੜ੍ਹਤ ਨੂੰ ਹੋਏ ਨੁਕਸਾਨ ਦਾ ਮੁਆਵਜਾ ਦੇਵੇਗੀ। ਹੜ੍ਹਾਂ ਦੌਰਾਨ ਚਲਾਏ ਗਏ ਰਾਹਤ ਕਾਰਜਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸ਼ਲਾਘਾ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਸਾਰਿਆਂ ਨੇ ਪੂਰੀ ਸੇਵਾ-ਭਾਵਨਾ ਤੇ ਤਨਦੇਹੀ ਨਾਲ ਕੰਮ ਕੀਤਾ ਹੈ, ਜਿਸ ਕਾਰਨ ਹੜ੍ਹਾਂ ਦੀ ਸਥਿਤੀ ਉੱਪਰ ਜਲਦ ਕਾਬੂ ਪਾਉਣ ਵਿੱਚ ਸਫ਼ਲਤਾ ਮਿਲੀ ਹੈ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਤ ਇਲਾਕੇ ਦੇ ਇਕੱਲੇ-ਇਕੱਲੇ ਘਰ ਵਿੱਚ ਜਾ ਕੇ ਹੋਏ ਨੁਕਾਸਨ ਦਾ ਅਨੁਮਾਨ ਲਗਾਇਆ ਗਿਆ ਹੈ ਅਤੇ 511 ਘਰਾਂ ਨੂੰ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਰਜਿਸਟਰਡ ਪਸ਼ੂਆਂ ਦੇ ਹੋਏ ਨੁਕਸਾਨ ਦੀ ਭਰਪਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਮੁਆਵਜਾ ਰਾਸ਼ੀ ਦੇ ਚੈੱਕ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਅਗਲੇ ਇੱਕ-ਦੋ ਦਿਨਾਂ ਵਿੱਚ ਹਰ ਪ੍ਰਭਾਵਤ ਵਿਅਕਤੀ ਦੇ ਘਰ ਤੱਕ ਮੁਆਵਜਾ ਰਾਸ਼ੀ ਦੇ ਚੈੱਕ ਪਹੁੰਚ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਤਹਿਤ ਫਸਲਾਂ ਦੀ ਗਿਰਦਾਵਰੀ ਵੀ ਜਲਦ ਕਰਕੇ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਹੜ੍ਹ ਪੀੜ੍ਹਤ ਮੁਆਵਜਾ ਲੈਣ ਤੋਂ ਵਾਂਝਾ ਰਹਿ ਜਾਵੇ ਤਾਂ ਉਹ ਐੱਸ.ਡੀ.ਐੱਮ. ਦਫ਼ਤਰ ਗੁਰਦਾਸਪੁਰ ਵਿਖੇ ਸੰਪਰਕ ਕਰ ਸਕਦਾ ਹੈ।