Illegal Mining in Punjab: ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਨਿਗਰਾਨੀ ਪ੍ਰਣਾਲੀ ਦੀ ਵਧੇਰੇ ਮਜ਼ਬੂਤੀ, ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਅ ਕੇ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਦਿੱਤੀਆਂ।
ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਹੋਰ ਪਾਰਦਰਸ਼ਤਾ ਅਤੇ ਤੇਜ਼ੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਅਧਿਕਾਰੀ ਵਿਭਾਗ ਦੀਆਂ ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਅਤੇ ਇਨ੍ਹਾਂ ਜਾਇਦਾਦਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਤਾਂ ਜੋ ਵਿਭਾਗ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਮਹੀਨੇ ਦੇ ਅੰਦਰ-ਅੰਦਰ ਵਿਭਾਗ ਦੀਆਂ ਸੰਪਤੀਆਂ ਬਾਰੇ ਰਿਪੋਰਣ ਦੇਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਸੰਪਤੀਆਂ ’ਤੇ ਕਬਜ਼ੇ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜਲ ਸਰੋਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਹਿਰੀ ਵਿਭਾਗ ਦੇ ਖਾਲਿਆਂ ਉਪਰ ਹੋਏ ਨਾਜਾਇਜ਼ ਕਬਜ਼ੇ ਹਟਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਤਜਵੀਜ਼ ਤਿਆਰ ਕਰਕੇ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਮੀਨਾਂ ਖ਼ਾਲੀ ਹੋਣ ’ਤੇ ਇਨ੍ਹਾਂ ਖਾਲਿਆਂ ਨੂੰ ਮੁੜ ਤੋਂ ਚਲਾਉਣ।
ਕੈਬਨਿਟ ਮੰਤਰੀ ਨੇ ਉਚੇਚੇ ਤੌਰ ’ਤੇ ਕਿਹਾ ਕਿ ਸੂਇਆਂ ਵਿੱਚ ਡਾਫ ਲੱਗਣ ਅਤੇ ਲੋੜੀਂਦੀਆਂ ਥਾਵਾਂ’ ਤੇ ਸਾਈਫ਼ਨ ਬਣਾਉਣ ਸਬੰਧੀ ਮੰਗਾਂ ਨੂੰ ਖ਼ਾਸ ਤਵੱਜੋ ਦਿੱਤੀ ਜਾਵੇ। ਜੌੜਾਮਾਜਰਾ ਨੇ ਵਿਭਾਗ ਵਿੱਚ ਪੈਂਡਿੰਗ ਪਏ ਕੇਸਾਂ ਦੀ ਸੂਚੀ ਹਫ਼ਤੇ ਦੇ ਅੰਦਰ-ਅੰਦਰ ਸੌਂਪਣ ਦੀ ਹਦਾਇਤ ਕਰਦਿਆਂ ਕੇਸਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰਿਪੋਰਟ ਵਿੱਚ ਉਚੇਚੇ ਤੌਰ ’ਤੇ ਕੇਸ ਪੈਂਡਿੰਗ ਰੱਖਣ ਦਾ ਕਾਰਨ ਦੱਸਿਆ ਜਾਵੇ। ਉਨ੍ਹਾਂ ਭਵਿੱਖ ਵਿੱਚ ਵਿਕਾਸ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਵੀ ਕੀਤੀ।
ਵਿਭਾਗ ਵਿੱਚ ਕਾਰਗਰ ਨਿਗਰਾਨੀ ਪ੍ਰਣਾਲੀ ’ਤੇ ਜ਼ੋਰ ਦਿੰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਕਰਨ ਲਈ ਮੌਨੀਟਰਿੰਗ ਸੈੱਲ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਲਈ ਨਹਿਰਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਹਰ ਖੇਤ ਅਤੇ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ ਤਾਂ ਕਿ ਪੰਜਾਬ ਅੰਦਰ ਸਿੰਜਾਈ ਲਈ ਟਿਊਬਵੈਲਾਂ ਉਪਰ ਨਿਰਭਰਤਾ ਘਟਾਈ ਜਾ ਸਕੇ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮੂਹ ਅਧਿਕਾਰੀਆਂ ਨੂੰ ਫੀਲਡ ਵਿੱਚ ਜਾਣ ਦੇ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਜਲ ਸਰੋਤ ਵਿਭਾਗ ਕੋਲੋਂ ਕੰਮ ਕਰਵਾਉਣ ਸਮੇਂ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਖੇਤਾਂ ਵਿੱਚ ਪਾਣੀ ਲਈ ਲੱਗੇ ਮੋਘੇ ਦੀ ਪੂਰੀ ਵਰਤੋਂ ਯਕੀਨੀ ਬਣਾਈ ਜਾਵੇ।
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਰਵੇਖਣ ਰਿਪੋਰਟਾਂ (ਡੀ.ਐਆਰ) ਵਿੱਚ ਹੋਰ ਸੰਭਾਵਿਤ ਸਾਈਟਾਂ ਨੂੰ ਸ਼ਾਮਲ ਕਰਕੇ ਅਤੇ ਸਾਰੀਆਂ ਮਾਈਨਿੰਗ ਸਾਈਟਾਂ ’ਤੇ ਕਾਰਵਾਈਆਂ ਸ਼ੁਰੂ ਕਰਕੇ ਅਤੇ ਖਣਿਜਾਂ ਦੀ ਨਿਕਾਸੀ ਨੂੰ ਵਧਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਦਮ ਨਾਲ ਬਾਜ਼ਾਰ ਵਿੱਚ ਰੇਤ ਤੇ ਬਜਰੀ ਦੀ ਉਪਲਬਧਤਾ ਵਧੇਗੀ। ਇਸ ਨਾਲ ਜਿੱਥੇ ਬਾਜ਼ਾਰ ਦੀਆਂ ਕੀਮਤਾਂ ਘਟਾਉਣ ਵਿੱਚ ਮਦਦ ਮਿਲੇਗੀ, ਉਥੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਵੀ ਨੱਥ ਪਾਈ ਜਾ ਸਕੇਗੀ।
ਵਿਭਾਗ ਦੀ ਕੁਸ਼ਲਤਾ ਵਧਾਉਣ ਅਤੇ ਲੋਕ-ਪੱਖੀ ਸੇਵਾਵਾਂ ਸੁਖਾਲੇ ਢੰਗ ਨਾਲ ਮੁਹੱਈਆ ਕਰਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਮੂਹ ਜ਼ਿਲ੍ਹਾ ਮਾਈਨਿੰਗ ਅਫ਼ਸਰਾਂ ਨੂੰ ਹਦਾਇਤਾਂ ਕੀਤੀ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੱਲ ਕਰਨ।