Chetna March: ਖਾਲਿਸਤਾਨੀ ਸਮਰਥਕ ਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ 9 ਸਾਥੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਕੱਢਿਆ ਜਾ ਰਿਹਾ ਚੇਤਨਾ ਮਾਰਚ ਅੱਜ (ਸੋਮਵਾਰ) ਤੋਂ ਸ਼ੁਰੂ ਹੋ ਰਿਹਾ ਹੈ। ਚੇਤਨਾ ਮਾਰਚ ਤੋਂ ਪਹਿਲਾਂ ਹੀ ਪੁਲਿਸ ਨੇ ਬਠਿੰਡਾ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਜਦੋਂਕਿ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਚਾਚਾ ਸੁਖਚੈਨ ਸਿੰਘ ਤੇ 4 ਹੋਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।
ਦਰਅਸਲ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਬਠਿੰਡਾ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਇਹ ਚੇਤਨਾ ਮਾਰਚ ਕੱਢਿਆ ਜਾਣਾ ਹੈ। ਪ੍ਰਸ਼ਾਸਨ ਵੱਲੋਂ ਇਸ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ ਗਈ ਪਰ ਕੱਲ੍ਹ ਅੰਮ੍ਰਿਤਪਾਲ ਸਿੰਘ ਦੀ ਮਾਤਾ ਆਪਣੇ ਸਮਰਥਕਾਂ ਨਾਲ ਚੇਤਨਾ ਮਾਰਚ ਲਈ ਬਠਿੰਡਾ ਪਹੁੰਚ ਗਏ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੀ ਮਾਤਾ, ਚਾਚਾ ਤੇ 4 ਹੋਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਇਨ੍ਹਾਂ ਸਾਰਿਆਂ ਨੂੰ ਫੜ ਕੇ 4 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ।
ਦੱਸ ਦਈਏ ਕਿ ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ 2024 ਦਾ ਐਲਾਨ ਹੋ ਚੁੱਕਾ ਹੈ ਤੇ ਚੋਣ ਜ਼ਾਬਤਾ ਲਾਗੂ ਹੈ। ਸੁਰੱਖਿਆ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਚਾਚਾ ਸੁਖਚੈਨ ਸਿੰਘ ਤੇ ਚਾਰ ਸਾਥੀਆਂ 'ਤੇ ਪ੍ਰੀਵੈਨਸ਼ਨ ਐਕਟ ਲਾ ਕੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ।
ਯਾਦ ਰਹੇ ਅੰਮ੍ਰਿਤਪਾਲ ਸਿੰਘ ਆਪਣੇ 9 ਸਾਥੀਆਂ ਸਮੇਤ ਪਿਛਲੇ ਸਾਲ ਤੋਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਹਿਰਾਸਤ 'ਚ ਹੈ। ਅਜਨਾਲਾ ਥਾਣੇ 'ਤੇ ਹਮਲੇ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਫੜੇ ਜਾਣ ਤੋਂ ਬਾਅਦ ਸਾਰਿਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।
ਖਾਲਿਸਤਾਨ ਦਾ ਸਮਰਥਨ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ ਪ੍ਰਸ਼ਾਸਨ 'ਤੇ ਆਪਣੇ ਸੈਲ, ਟਾਇਲਟ ਤੇ ਬਾਥਰੂਮ ਵਿੱਚ ਜਾਸੂਸੀ ਕੈਮਰੇ ਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਦੋਸ਼ ਲਗਾਇਆ ਹੈ। ਅੰਮ੍ਰਿਤਪਾਲ ਸਿੰਘ ਨੇ ਇਸ ਸਬੰਧੀ ਇੱਕ ਆਡੀਓ ਵੀ ਜਾਰੀ ਕੀਤਾ ਸੀ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਭੁੱਖ ਹੜਤਾਲ ਕਰ ਦਿੱਤੀ। ਕਰੀਬ ਇੱਕ ਮਹੀਨੇ ਤੋਂ ਭੁੱਖ ਹੜਤਾਲ 'ਤੇ ਰਹਿਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ 'ਤੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ।
ਇਹ ਵੀ ਪੜ੍ਹੋ: IGI Airport Threat: ਦਿੱਲੀ ਏਅਰਪੋਰਟ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ! ਮੱਚੀ ਖਲਬਲੀ, ਸੁਰੱਖਿਆ ਏਜੰਸੀਆਂ ਅਲਰਟ