Punjab Politics: ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ।
ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਇੱਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿੱਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ। ਬੀ.ਜੇ.ਪੀ. ਦੇ ਵਫ਼ਦ ਵੱਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵਾਲੇ ਮਿਲ ਕੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਵਾ ਰਹੇ ਹਨ। ਇਹ ਕਿਸਾਨਾਂ ਦਾ ਨਾਂਅ ਬਦਨਾਮ ਕਰਵਾ ਰਹੇ ਹਨ। ਜਾਖੜ ਨੇ ਕਿਹਾ ਕਿ ਜਿਸ ਕਿਸਾਨ ਦੀ ਮੌਤ ਹੋਈ ਹੈ ਉਸ ਦੀ ਮੌਤ ਉੱਤੇ ਦੁੱਖ ਹੈ ਪਰ ਉਹ ਸ਼੍ਰੋਮਣੀ ਅਕਾਲੀ ਦਲ ਦਾ ਮੈਂਬਰ ਸੀ। ਜਾਖੜ ਨੇ ਕਿਹਾ ਇਨ੍ਹਾਂ ਪਾਰਟੀਆਂ ਨੂੰ ਡਰ ਹੈ ਕਿ ਜੇ ਭਾਰਤੀ ਜਨਤਾ ਪਾਰਟੀ ਪਿੰਡਾਂ ਵਿੱਚ ਪ੍ਰਚਾਰ ਕਰਨ ਗਈ ਤਾਂ ਇਨ੍ਹਾਂ ਦਾ ਸੁਪੜਾ ਸਾਫ਼ ਹੋ ਜਾਵੇਗਾ।
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਦਾ ਪ੍ਰਚਾਰ ਦੌਰਾਨ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਜਦੋਂ ਵੀ ਕਿਸੇ ਪੇਂਡੂ ਇਲਾਕੇ ਵਿੱਚ ਭਾਜਪਾ ਦੇ ਉਮੀਦਵਾਰ ਪ੍ਰਚਾਰ ਕਰਨ ਲਈ ਜਾਂਦੇ ਹਨ ਤਾਂ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਇਸ ਪ੍ਰਦਰਸ਼ਨ ਕਾਰਨ ਧੱਕਾਮੁੱਕੀ ਵੀ ਹੋ ਜਾਂਦੀ ਹੈ। ਬੀਤੇ ਦਿਨੀਂ ਪਟਿਆਲਾ ਵਿੱਚ ਪਰਨੀਰ ਕੌਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਦਿਆਂ ਹੋਈ ਧੱਕਾ ਮੁੱਕੀ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।