ਅੰਮ੍ਰਿਤਸਰ: ਚੀਫ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਤੋਂ ਬਾਅਦ ਅੱਜ ਉਨ੍ਹਾਂ ਦੀ ਚੀਫ ਖ਼ਾਲਸਾ ਦੀਵਾਨ ਦੀ ਮੁਢਲੀ ਮੈਂਬਰਸ਼ਿਪ ਵੀ ਖਾਰਜ ਕਰ ਦਿੱਤੀ ਗਈ ਹੈ। ਕਾਰਜਕਾਰੀ ਪ੍ਰਧਾਨ ਧਨਰਾਜ ਸਿੰਘ ਵੱਲੋਂ ਅੱਜ ਸਮੂਹ ਮੈਂਬਰਾਂ ਨਾਲ ਬੈਠਕ ਕਰਨ ਤੋਂ ਬਾਅਦ ਇਹ ਐਲਾਨ ਕੀਤਾ ਗਿਆ।

ਧਨਰਾਜ ਸਿੰਘ ਨੇ ਦੱਸਿਆ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਮੈਨੇਜਮੈਂਟ ਨੂੰ ਆਦੇਸ਼ ਦਿੱਤੇ ਗਏ ਸੀ ਕਿ ਚਰਨਜੀਤ ਸਿੰਘ ਚੱਢਾ ਨੂੰ ਪ੍ਰਧਾਨਗੀ ਸਮੇਤ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕੀਤਾ ਜਾਵੇ। ਇਸੇ ਤਹਿਤ ਅੱਜ ਉਨ੍ਹਾਂ ਦੀ ਮੁਢਲੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਐਗਜ਼ੈਕਟਿਵ ਕਮੇਟੀ ਵੱਲੋਂ ਸਰਬਸੰਮਤੀ ਨਾਲ ਦੀਵਾਨ ਦੇ ਸਾਰੇ ਵਿੱਤੀ ਅਧਿਕਾਰ ਉਨ੍ਹਾਂ ਨੂੰ ਸੌਂਪ ਦਿੱਤੇ ਗਏ ਹਨ। ਕੱਲ੍ਹ ਹੋਣ ਵਾਲੀ ਜਨਰਲ ਹਾਊਸ ਦੀ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ।

ਧਨਰਾਜ ਸਿੰਘ ਨੇ ਦੱਸਿਆ ਕਿ ਵੀਡੀਓ ਵਿੱਚ ਨਜ਼ਰ ਆਉਣ ਵਾਲੀ ਮਹਿਲਾ ਪ੍ਰਿੰਸੀਪਲ ਵੱਲੋਂ ਚੱਢਾ ਖਿਲਾਫ ਸ਼ਿਕਾਇਤ ਕਰਨ ਤੋਂ ਬਾਅਦ ਇੱਕ ਮਹੀਨੇ ਦੀ ਛੁੱਟੀ ਦੀ ਅਰਜ਼ੀ ਦਿੱਤੀ ਗਈ ਸੀ। ਹੁਣ ਇਹ ਸਮਾਂ ਪੂਰਾ ਹੋ ਚੁੱਕਿਆ ਹੈ। ਸਕੂਲ ਦੇ ਇੰਚਾਰਜ ਤੇ ਸਬੰਧਤ ਅਧਿਕਾਰੀਆਂ ਨੂੰ ਇਸ ਦੀ ਰਿਪੋਰਟੁ ਤਿਆਰ ਕਰਕੇ ਸਕੱਤਰ ਨੂੰ ਦੇਣ ਲਈ ਵੀ ਕਿਹਾ ਗਿਆ ਹੈ।