ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਮਾਤਾ ਗੁਜਰੀ ਜੀ ਸਮੇਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਵੱਲੋਂ ਦਿੱਤੀ ਸ਼ਹਾਦਤ ਸਦੀਆਂ ਤੋਂ ਪੰਜਾਬੀਆਂ ਨੂੰ ਨਾਇਨਸਾਫੀ, ਜ਼ੁਲਮ ਅਤੇ ਦਮਨ ਵਿਰੁੱਧ ਲੜਨ ਲਈ ਪ੍ਰੇਰ ਰਹੀ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਨਿੱਕੀ ਉਮਰ ਵਿੱਚ ਜੋ ਮਹਾਨ ਕੁਰਬਾਨੀ ਦਿੱਤੀ ਗਈ ਹੈ, ਉਸ ਦੀ ਦੁਨੀਆਂ ਦੇ ਇਤਿਹਾਸ ਵਿੱਚ ਸ਼ਾਇਦ ਹੀ ਕੋਈ ਮਿਸਾਲ ਹੋਵੇ।
ਭਗਵੰਤ ਮਾਨ ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਹੋਵੇ। ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਹਰ ਲੰਘਦੇ ਦਿਨ ਨਾਲ ਹੋਰ ਮਜ਼ਬੂਤ ਹੋਣ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਵੱਡਾ ਫਤਵਾ ਦਿੱਤਾ ਹੈ, ਜਿਸ ਕਰ ਕੇ ਉਨ੍ਹਾਂ ਇਸ ਪਵਿੱਤਰ ਅਸਥਾਨ 'ਤੇ ਅਕੀਦਤ ਭੇਟ ਕੀਤੀ ਅਤੇ ਲੋਕਾਂ ਦੀਆਂ ਸਾਰੀਆਂ ਆਸਾਂ ਪੂਰੀਆਂ ਕਰਨ ਲਈ ਪਰਮਾਤਮਾ ਦਾ ਅਸ਼ੀਰਵਾਦ ਲਿਆ।
ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਅਸਥਾਨ ਦੇ ਦਰਸ਼ਨ ਕਰਨ ਆਉਂਦੇ ਹਨ। ਇਸ ਲਈ ਸੂਬਾ ਸਰਕਾਰ ਇਸ ਨਗਰ ਨੂੰ ਪੂਰਨ ਰੂਪ ਵਿੱਚ ਨਵਾਂ ਰੂਪ ਦੇਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਧਾਲੂ ਨੂੰ ਯਾਤਰਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਨੂੰ ਯਕੀਨੀ ਬਣਾਉਣ ਲਈ ਇਕ ਵਿਹਾਰਕ ਢਾਂਚਾ ਬਣਾਇਆ ਜਾਵੇਗਾ।