ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਪਾਹ ਉਤਪਾਦਕਾਂ ਨੂੰ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਸੂਬਾ ਸਰਕਾਰ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।
ਇੱਥੇ ਆਪਣੇ ਦਫਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਕਪਾਹ ਦੀ ਫਸਲ ਦੀ ਕਾਸਤ ਲਈ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਮੁਹੱਈਆ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਜਰੂਰ ਯਕੀਨੀ ਬਣਾਈ ਜਾਵੇ ਤਾਂ ਜੋ ਕਪਾਹ ਉਤਪਾਦਕਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਯਕੀਨੀ ਬਣੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਸੀਜਨ ਦੌਰਾਨ ਕਪਾਹ ਉਤਪਾਦਕਾਂ ਲਈ ਪਾਣੀ ਮੁਹੱਈਆ ਕਰਨਾ ਸਮੇਂ ਦੀ ਲੋੜ ਹੈ।
ਇਹ ਵੀ ਪੜ੍ਹੋ: ਕਿਸਾਨ ਜਥੇਬੰਦੀਆਂ ਵੱਲੋਂ 13 ਮਾਰਚ ਨੂੰ ਦਿੱਲੀ ਸੰਸਦ ਭਵਨ ਵੱਲ ਕੀਤਾ ਜਾਵੇਗਾ ਕੂਚ , ਪ੍ਰਧਾਨ ਮੰਤਰੀ ਨੂੰ ਦਿੱਤਾ ਜਾਵੇਗਾ ਮੰਗ ਪੱਤਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਿਲਕੁੱਲ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਵੀ ਕਪਾਹ ਦੀ ਫਸਲ ਲਈ ਢੁਕਵੀਂ ਮਾਤਰਾ ਵਿੱਚ ਪਾਣੀ ਪੁੱਜਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਵਾਰੀ ਸਿਰ ਨਹਿਰੀ ਪਾਣੀ ਮਿਲਣਾ ਯਕੀਨੀ ਬਣੇ, ਜਿਸ ਨਾਲ ਪੂਰੀ ਕਪਾਹ ਪੱਟੀ ਨੂੰ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਦੀ ਚੋਰੀ ਉਤੇ ਨਿਗਰਾਨੀ ਰੱਖਣ ਲਈ ਪੁਲਿਸ ਨੂੰ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੂਰੇ ਨਹਿਰੀ ਸਿਸਟਮ ਦੀ ਢੁਕਵੀਂ ਸਫਾਈ ਵੀ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਕੰਮ ਪੇਸੇਵਰ ਢੰਗ ਨਾਲ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਸਮੁੱਚੀ ਨਹਿਰੀ ਪ੍ਰਣਾਲੀ ਦੀ ਸਫਾਈ 31 ਮਾਰਚ ਤੱਕ ਜਰੂਰ ਮੁਕੰਮਲ ਹੋਵੇ ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।
ਇਹ ਵੀ ਪੜ੍ਹੋ: Ludhiana News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ