Panchayat Elections: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ 'ਚ ਦਸਹਿਰੇ ਤੋਂ ਬਾਅਦ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀ ਹੈ। ਲੋਕ ਪਾਰਟੀ ਸਿਆਸਤ ਤੋਂ ਉੱਪਰ ਉੱਠ ਕੇ ਪੰਚਾਇਤਾਂ ਦਾ ਗਠਨ ਕਰਨ। 


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ 'ਚ ਕਿਸੇ ਸਮੇਂ ਵੀ ਪੰਚਾਇਤੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਚੋਣ ਕਮਿਸ਼ਨ ਵੱਲੋਂ ਦੁਸਹਿਰੇ ਤੋਂ ਬਾਅਦ ਅਕਤੂਬਰ ਦੇ ਅੱਧ 'ਚ ਪੰਚਾਇਤੀ ਚੋਣਾਂ ਕਰਵਾਏ ਜਾਣ ਦੀ ਸੰਭਾਵਨਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਵਾਰ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ 'ਤੇ ਨਹੀਂ ਹੋਣਗੀਆਂ। 


ਮਾਨ ਨੇ ਕਿਹਾ  ਇਸ ਲਈ ਲੋਕਾਂ ਕੋਲ ਪਾਰਟੀ ਸਿਆਸਤ ਤੋਂ ਉੱਪਰ ਉੱਠ ਕੇ ਸਿਰਫ਼ ਆਪਣੇ-ਆਪਣੇ ਪਿੰਡ ਦੇ ਵਿਕਾਸ ਲਈ ਵੋਟ ਪਾਉਣ ਦਾ ਇਹ ਸਭ ਤੋਂ ਬਿਹਤਰ ਮੌਕਾ ਹੈ। ਲੋਕ ਬਰੀਰ ਕਿਸੇ ਲਾਲਚ ਦੇ ਪਿੰਡ ਦੇ ਵਿਕਾਸ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤਾਂ ਦਾ ਗਠਨ ਕਰਨ ਵਾਲੇ ਪਿੰਡਾਂ ਨੂੰ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ।


ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਨੂੰ ਸਟੇਡੀਅਮ, ਸਕੂਲ ਜਾਂ ਹਸਪਤਾਲ ਸਮੇਤ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਨੂੰ ਚੁਣਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਕਿ ਸੂਬਾ ਸਰਕਾਰ ਦੇ ਇਨ੍ਹਾਂ ਯਤਨਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਉਣਗੇ ਅਤੇ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ।