Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ’ਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ।
ਇੱਥੇ ਪੰਜਾਬ ਭਵਨ ’ਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ’ਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਉਤੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ’ਤੇ ਤਸੱਲੀ ਜ਼ਾਹਰ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵੱਡ ਆਕਾਰੀ ਸਕੀਮ ਦਾ ਮੰਤਵ 43 ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣਾ ਹੈ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਸ ਸਕੀਮ ਨੂੰ ਮਿਸ਼ਨਰੀ ਉਤਸਾਹ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ: Raja warring: ਭਾਜਪਾ ਨੇ ਜਿਵੇਂ ਧੋਖਾਧੜੀ ਨਾਲ ਆਪਣਾ ਮੇਅਰ ਬਣਾਇਆ, ਉਸ ਨੂੰ ਪੂਰਾ ਦੇਸ਼ ਦੇਖ ਰਿਹਾ - ਵੜਿੰਗ
ਇਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ’ਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ’ਚੋਂ 98 ਲੱਖ ਦੇ ਕਰੀਬ ਮਰੀਜ਼ ਇਲਾਜ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ 40.50 ਕਰੋੜ ਰੁਪਏ ਦੀਆਂ ਦਵਾਈਆਂ ਅਤੇ 5.77 ਕਰੋੜ ਰੁਪਏ ਦੇ ਲੈਬ ਟੈਸਟਾਂ ਦੀ ਸਹੂਲਤ ਦਾ ਲਾਭ ਮਰੀਜ਼ ਉਠਾ ਚੁੱਕੇ ਹਨ।
ਭਗਵੰਤ ਮਾਨ ਨੇ ਕਿਹਾ ਕਿ 150 ਨਵੇਂ ਆਮ ਆਦਮੀ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਕਲੀਨਿਕਾਂ ਦੀ ਬਾਕਾਇਦਾ ਜਾਂਚ ਯਕੀਨੀ ਬਣਾਉਣ ਲਈ ਆਖਿਆ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ’ਚ ਡਾਕਟਰਾਂ ਵੱਲੋਂ ਲਿਖੀਆਂ ਜਾਣ ਵਾਲੀਆਂ ਸਾਰੀਆਂ ਦਵਾਈਆਂ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰ ਹੀ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲਾਂ ਅਤੇ ਸਬ ਡਿਵੀਜ਼ਨਲ ਹਸਪਤਾਲਾਂ ’ਚ 276 ਦਵਾਈਆਂ ਪਹਿਲਾਂ ਹੀ ਲਾਜ਼ਮੀ ਦਵਾਈਆਂ ਦੀ ਸੂਚੀ ’ਚ ਸ਼ਾਮਲ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Punjab news: ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ - ਸਿਵਲ ਸਰਜਨ ਡਾ. ਔਲਖ