Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ਸੂਬਾ ਸਰਕਾਰ ਸਰਹੱਦੀ ਖਿੱਤੇ ਵਿੱਚ ਸਨਅਤ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, ਸਰਹੱਦੀ ਖੇਤਰ ਵਿੱਚ ਬਾਰਡਰ ਆਈਡੈਂਟੀਫਿਕੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇਗਾ ਤੇ ਇਸ ਸਬੰਧੀ ਪ੍ਰਕਿਰਿਆ ਵਿੱਚ ਲੋੜੀਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਖਾਸ ਤੌਰ ਉਤੇ ਸਰਹੱਦੀ ਖੇਤਰ ਵਿੱਚ ਸੂਬੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੀ ਸ਼ੁਰੂਆਤ ਮੌਕੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲੇ ਵਿੱਚ ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਸਮੇਤ ਹੋਰ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, ਚੋਣਾਂ ਦੀ ਤਿਆਰੀ ਦੌਰਾਨ ਉਨ੍ਹਾਂ ਸਨਅਤਕਾਰਾਂ ਨੂੰ ਕਈ ਗਰੰਟੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਬਣੀ ਨੂੰ 18 ਮਹੀਨੇ ਹੋਣ ਮਗਰੋਂ ਉਹ ਵੱਖ-ਵੱਖ ਖੇਤਰਾਂ ਵਿੱਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਣ ਲਈ ਇੱਥੇ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤ ਨੂੰ ਸਹੂਲਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ, ਖੇਤੀਬਾੜੀ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਦੀ ਤਰਜ਼ ਉਤੇ ਸੂਬਾ ਸਰਕਾਰ ਸਨਅਤੀ ਇਕਾਈਆਂ ਲਈ ਨਹਿਰੀ ਪਾਣੀ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਅਤਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸਹੂਲਤ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੀਆਂ ਲੋੜਾਂ ਮੁਤਾਬਕ ਸਨਅਤਾਂ ਲਈ ਨੀਤੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਨਅਤਾਂ ਜੋ ਵੀ ਮੰਗ ਕਰਨਗੀਆਂ, ਸੂਬਾ ਸਰਕਾਰ ਉਹ ਮੰਗਾਂ ਛੇਤੀ ਤੋਂ ਛੇਤੀ ਪੂਰੀਆਂ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਇਹ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰੋਜ਼ਾਨਾ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇਕ ਸਮਰਪਿਤ ਫੋਰਸ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਰੋਜ਼ਾਨਾ ਤਕਰੀਬਨ ਇਕ ਲੱਖ ਸ਼ਰਧਾਲੂ ਆਉਂਦੇ ਹਨ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਫੋਰਸ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇਹ ਸਮਰਪਿਤ ਇਕਾਈ ਦੀ ਵੱਖਰੀ ਵਰਦੀ ਹੋਵੇਗੀ ਤਾਂ ਕਿ ਉਨ੍ਹਾਂ ਦੀ ਆਸਾਨੀ ਨਾਲ ਪਛਾਣ ਹੋ ਸਕੇ।
ਮੁੱਖ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਇਸ ਪਵਿੱਤਰ ਸ਼ਹਿਰ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਪ੍ਰਦੂਸ਼ਣ ਦਾ ਪੱਧਰ ਘਟਾਉਣ ਵਿੱਚ ਮਦਦ ਮਿਲੇਗੀ, ਜਿਸ ਨਾਲ ਸ਼ਰਧਾਲੂਆਂ ਤੇ ਸ਼ਹਿਰ ਵਾਸੀਆਂ ਨੂੰ ਵੱਡਾ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਸੈਰ-ਸਪਾਟੇ ਦੇ ਗੜ੍ਹ ਵਜੋਂ ਹੋਰ ਵਿਕਸਤ ਕਰਨ ਲਈ ਇਹ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬਾ ਸਰਕਾਰ ਪੁਲਿਸ ਤੇ ਟਰੈਫਿਕ ਮੈਨੇਜਮੈਂਟ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਕਰਨ ਦੀ ਤਿਆਰੀ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਭਲਾਈ ਲਈ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਵਿਗਿਆਨਿਕ ਲੀਹਾਂ ਉਤੇ ਢਾਲਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਆਉਣ ਵਾਲੇ ਲੋਕਾਂ ਦੀ ਭਲਾਈ ਲਈ ਹਰੇਕ ਕਦਮ ਚੁੱਕਿਆ ਜਾਵੇਗਾ।