ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਦੇ ਨਾਲ ਹੀ ਪ੍ਰਾਈਵੇਟ ਨੌਕਰੀਆਂ 'ਚ ਪੰਜਾਬੀਆਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਹਰਿਆਣਾ ਦੀ ਤਰਜ਼ 'ਤੇ ਪੰਜਾਬ ਸਰਕਾਰ ਕਾਨੂੰਨ ਲਿਆਏਗੀ ਜਿਸ ਤਹਿਤ ਸਰਕਾਰੀ ਤੇ ਨਿੱਜੀ ਸੈਕਟਰ ਵਿੱਚ ਕੋਟਾ ਤੈਅ ਹੋਵੇਗਾ। ਇਸ ਬਾਰੇ ਵਿਧਾਨ ਸਭਾ ਸੈਸ਼ਨ ਵਿਚ ਵੀ ਕਾਨੂੰਨ ਲਿਆਂਦਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਇਹ ਐਲਾਨ ਮੀਡੀਆ ਨੂੰ ਦਿੱਤੀ ਇੰਟਰਵਿਊ ਵਿੱਚ ਕੀਤਾ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹਰਿਆਣਾ ਦੀ ਤਰਜ਼ 'ਤੇ ਪੰਜਾਬ 'ਚ ਵੀ ਪੰਜਾਬੀਆਂ ਨੂੰ ਰੁਜ਼ਗਾਰ ਲਈ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਸਰਕਾਰੀ ਤੇ ਨਿੱਜੀ ਖੇਤਰ ਦੀਆਂ ਨੌਕਰੀਆਂ 'ਚ ਸਥਾਨਕ ਲੋਕਾਂ ਲਈ ਲਗਪਗ 100 ਫ਼ੀਸਦ ਰਾਖਵਾਂਕਰਨ ਯਕੀਨੀ ਬਣਾਉਣ ਲਈ ਕਾਨੂੰਨ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਲਈ ਨੌਕਰੀ ਦੇ ਮੌਕਿਆਂ 'ਤੇ ਕਾਨੂੰਨੀ ਟੀਮ ਨਾਲ ਸਲਾਹ-ਮਸ਼ਵਰਾ ਕਰ ਰਹੇ ਹਨ। 

ਦੱਸ ਦਈਏ ਕਿ ਇਸ ਵੇਲੇ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਇੱਥੋਂ ਤੱਕ ਕਿ ਦਿੱਲੀ ਦੇ ਉਮੀਦਵਾਰਾਂ ਨੂੰ ਸਥਾਨਕ ਲੋਕਾਂ ਦੀ ਜਗ੍ਹਾ 'ਤੇ ਨੌਕਰੀ ਦਿੱਤੀ ਜਾਂਦੀ ਹੈ। ਅਜਿਹੇ ਹੀ ਮਾਮਲੇ ਪਿਛਲੇ ਸਮੇਂ ਪੰਜਾਬ ਪੁਲਿਸ ਦੀ ਭਰਤੀ ਵੇਲੇ ਹੋਇਆ ਸੀ। ਇਸ ਮਾਮਲੇ 'ਤੇ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਵੀ ਆਈ ਸੀ। ਮੁੱਖ ਮੰਤਰੀ ਨੇ ਕਿਹਾ ਹੈ ਕਿ ਹੁਣ ਸਥਾਨਕ ਲੋਕਾਂ ਲਈ ਲਗਪਗ 100 ਫ਼ੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ।