ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਮਗਰੋਂ ਹੁਣ ਮੁੱਖ ਮੰਤਰੀ ਚਰਨਜੀਤ ਚੰਨੀ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਤਿੱਖੇ ਨਿਸ਼ਾਨੇ ਦਾਗ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਦਾਅਵਾ ਕੀਤਾ ਹੈ ਕਿ ਕੈਪਟਨ ਅਮਰਿੰਦਰ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਬਚਾਉਣ ਦੇ ਪੂਰੇ ਯਤਨ ਕੀਤੇ ਸਨ। ਉਨ੍ਹਾਂ ਕਿਹਾ ਕਿ ਸੂਬੇ ’ਚ ਨਸ਼ਿਆਂ ਤੇ ਨਸ਼ਾ ਤਸਕਰਾਂ ਖਿਲਾਫ਼ ਜੰਗ ਆਖਰੀ ਦਮ ਤੱਕ ਜਾਰੀ ਰੱਖੀ ਜਾਵੇਗੀ।
ਪੰਜਾਬ ਵਿੱਚ ਵੱਖ-ਵੱਖ ਥਾਈਂ ਸਮਾਗਮਾਂ ਵਿੱਚ ਮੁੱਖ ਮੰਤਰੀ ਚੰਨੀ ਲਗਾਤਾਰ ਕੈਪਟਨ ਤੇ ਮਜੀਠੀਆ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਹੀ ਕੈਪਟਨ ਤੇ ਮਜੀਠੀਆ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਸੀ। ਮੁੱਖ ਮੰਤਰੀ ਚੰਨੀ ਇਸ ਬਾਰੇ ਸੰਭਲ ਕੇ ਹੀ ਟਿੱਪਣੀ ਕਰ ਰਹੇ ਸੀ।
ਮੁੱਖ ਮੰਤਰੀ ਚੰਨੀ ਨੇ ਦਾਅਵਾ ਕੀਤਾ ਹੈ ਕਿ ਨਸ਼ਿਆਂ ਦਾ ਸਕੈਂਡਲ ਜੱਗ ਜ਼ਾਹਿਰ ਹੋਣ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਮਜੀਠੀਆ ਨੂੰ ਬਚਾਉਣ ਲਈ ਸਕੈਂਡਲ ਉਪਰ ਪਰਦਾ ਪਾਉਣ ਦਾ ਪੂਰਾ ਟਿੱਲ ਲਾਇਆ ਸੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਕਾਰਨ ਨਿਰਾਸ਼ ਹੋ ਚੁੱਕੀ ਜਵਾਨੀ ਨੂੰ ਨਸ਼ਿਆਂ ਦੇ ਧੰਦੇ ਦਾ ਸ਼ਿਕਾਰ ਬਣਾ ਕੇ ਉਨ੍ਹਾਂ ਨੂੰ ਗੈਂਗਸਟਰ ਬਣਨ ਲਈ ਮਜਬੂਰ ਕੀਤਾ ਗਿਆ ਤਾਂ ਜੋ ਆਪਣੇ ਸੌੜੇ ਸਿਆਸੀ ਮਨੋਰਥਾਂ ਦੀ ਪੂਰਤੀ ਕੀਤੀ ਜਾ ਸਕੇ।
ਬਾਦਲਾਂ ਉੱਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ,‘‘ਅਕਾਲੀ-ਭਾਜਪਾ ਗੱਠਜੋੜ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਤੇ ਪੰਜਾਬੀਆਂ ਨਾਲ ਜਿਹੜੇ ਧ੍ਰੋਹ ਕਮਾਏ ਗਏ ਹਨ, ਉਨ੍ਹਾਂ ਦਾ ਹਿਸਾਬ ਲਿਆ ਜਾਵੇਗਾ। ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣਾ, ਬੇਅਦਬੀ ਦੀਆਂ ਘਟਨਾਵਾਂ ਸਮੇਤ ਸੂਬੇ ਨੂੰ ਆਰਥਿਕ ਪੱਖੋਂ ਕੰਗਾਲ ਕਰਨ ਵਰਗੇ ਮੁੱਦਿਆਂ ਦਾ ਸੂਬੇ ਦੇ ਲੋਕ ਅਕਾਲੀਆਂ ਕੋਲੋਂ ਜਵਾਬ ਮੰਗਦੇ ਹਨ ਜਿਸ ਦੀ ਸ਼ੁਰੂਆਤ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਨਾਲ ਹੋ ਗਈ ਹੈ।’’
ਚੰਨੀ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਉੱਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਸ ਦੇ ਮਜੀਠੀਆ ਤੋਂ ਲਿਖਤੀ ਮੁਆਫ਼ੀ ਮੰਗਣ ਮਗਰੋਂ ਪੰਜਾਬ ਦੇ ਮਾਫੀਏ ਨਾਲ ਮੱਥਾ ਲਗਾਉਣ ਵਾਲੇ ਅਣਖੀ ਨੌਜਵਾਨਾਂ ਦੇ ਮਨਾਂ ਨੂੰ ਡੂੰਘੀ ਠੇਸ ਪੁੱਜੀ ਸੀ। ਉਨ੍ਹਾਂ ਕਿਹਾ,‘‘ਜੇਕਰ ਕੇਜਰੀਵਾਲ ਅਕਾਲੀਆਂ ਮੂਹਰੇ ਗੋਡੇ ਨਾ ਟੇਕਦਾ ਤਾਂ ਅਕਾਲੀ ਆਗੂ ਹੁਣ ਤੱਕ ਸਲਾਖ਼ਾਂ ਪਿੱਛੇ ਹੋਣਾ ਸੀ।’’ ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਮਜੀਠੀਆ ਤੋਂ ਮੁਆਫ਼ੀ ਮੰਗ ਕੇ ਪੰਜਾਬ ਤੇ ਪੰਜਾਬੀਅਤ ਨਾਲ ਧ੍ਰੋਹ ਕਮਾਇਆ ਹੈ।
ਇਹ ਵੀ ਪੜ੍ਹੋ: Saurav Ganguly Corona Positive: BCCI ਪ੍ਰਧਾਨ ਸੌਰਵ ਗਾਂਗੁਲੀ ਨੂੰ ਹੋਇਆ ਕੋਰੋਨਾ, ਹਸਪਤਾਲ 'ਚ ਦਾਖਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin