Punjab News: ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ।
ਇੱਥੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਛੇਤੀ ਇਨ੍ਹਾਂ ਅਸਾਮੀਆਂ ਉਤੇ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਦਿਸਹੱਦੇ ਕਾਇਮ ਹੋਣਗੇ ਜੋ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲਿਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ ਅੱਠ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ।
ਰੱਖੜੀ ਦੇ ਪਵਿੱਤਰ ਤਿਉਹਾਰ ਦੀ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਦੀ ਗੂੜੀ ਮੁਹੱਬਤ, ਆਪਸੀ ਸਾਂਝ ਅਤੇ ਭੈਣਾਂ ਦੀ ਰਾਖੀ ਕਰਨ ਦੇ ਵਚਨ ਦਾ ਪਵਿੱਤਰ ਤਿਉਹਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਸਾਡੇ ਸਾਰਿਆਂ ਲਈ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੀਆਂ ਰਵਾਇਤੀ ਸਮਾਜਿਕ ਕਦਰਾਂ-ਕੀਮਤਾਂ ਵਾਲਾ ਖੁਸ਼ੀਆਂ ਭਰਿਆ ਮੌਕਾ ਹੈ ਜੋ ਸਾਨੂੰ ਬਿਹਤਰ ਮਨੁੱਖ ਬਣਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਰੱਖੜੀ ਦਾ ਤਿਉਹਾਰ ਪੂਰੇ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਕਾਮਨਾ ਕੀਤੀ ਕਿ ਇਹ ਤਿਉਹਾਰ ਸਮਾਜ ਵਿੱਚ ਆਪਸੀ ਪਿਆਰ ਅਤੇ ਸਦਭਾਵਨਾ ਲੈ ਕੇ ਆਵੇ।