ਨਵੇਂ ਕੈਬਨਿਟ ਮੰਤਰੀਆਂ ਦੀ ਪਹਿਲੀ ਲੁਧਿਆਣਾ ਫੇਰੀ 'ਚ ਮੌਜੂਦ ਨਹੀਂ ਹੋਣਗੇ ਮੁੱਖ ਮੰਤਰੀ, ਹੁਣ ਵਿੱਤ ਮੰਤਰੀ ਤੇ ਉਦਯੋਗ ਮੰਤਰੀ ਕਰਨਗੇ ਵਪਾਰੀਆਂ ਨਾਲ ਮੀਟਿੰਗ
ਇਹ ਮੀਟਿੰਗ ਸ਼ਹਿਰ ਦੇ ਇੱਕ ਮਸ਼ਹੂਰ ਹੋਟਲ 'ਚ ਰੱਖੀ ਗਈ ਹੈ ਜਿਸ 'ਚ ਸ਼ਹਿਰ ਦੇ ਵੱਡੇ ਵਪਾਰਕ ਸਮੂਹਾਂ ਨੂੰ ਸੱਦਾ ਦਿੱਤਾ ਹੈ। ਮੀਟਿੰਗ ਦੌਰਾਨ, ਮੰਤਰੀ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਤੇ ਸਰਕਾਰ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਣਗੇ।
ਲੁਧਿਆਣਾ: ਪੰਜਾਬ 'ਚ ਨਵੇਂ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਤੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਉਦਯੋਗਪਤੀਆਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਇਸ ਮੀਟਿੰਗ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਨਾ ਸੀ ਪਰ ਹੁਣ ਤਿੰਨੇ ਕੈਬਨਿਟ ਮੰਤਰੀ ਇਸ ਵਿੱਚ ਹਿੱਸਾ ਲੈਣਗੇ।
ਦੱਸ ਦਈਏ ਕਿ ਇਹ ਮੀਟਿੰਗ ਸ਼ਹਿਰ ਦੇ ਇੱਕ ਮਸ਼ਹੂਰ ਹੋਟਲ ਵਿੱਚ ਰੱਖੀ ਗਈ ਹੈ ਜਿਸ ਵਿੱਚ ਸ਼ਹਿਰ ਦੇ ਵੱਡੇ ਵਪਾਰਕ ਸਮੂਹਾਂ ਨੂੰ ਸੱਦਾ ਦਿੱਤਾ ਗਿਆ ਹੈ। ਮੀਟਿੰਗ ਦੌਰਾਨ, ਮੰਤਰੀ ਵਪਾਰੀਆਂ ਨੂੰ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਸਰਕਾਰ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਣਗੇ। ਇਸ ਮੀਟਿੰਗ ਤੋਂ ਬਾਅਦ ਤਿੰਨੇ ਮੰਤਰੀ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਜਾਣਕਾਰੀ ਸਾਂਝੀ ਕਰਨਗੇ। ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ, ਜੋ ਦੁਪਹਿਰ ਤੱਕ ਜਾਰੀ ਰਹਿਣ ਦੀ ਉਮੀਦ ਹੈ।
ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ, ਉਦਯੋਗ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤੇ ਬਾਹਰੀ ਕੰਪਨੀਆਂ ਦੁਆਰਾ ਕੀਤੇ ਜਾ ਰਹੇ ਨਿਵੇਸ਼ਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਅਰਵਿੰਦ ਕੇਜਰੀਵਾਲ ਵਪਾਰੀਆਂ ਨੂੰ ਮਿਲਣ ਲੁਧਿਆਣਾ ਆਏ ਸੀ ਤੇ ਹੁਣ ਪੰਜਾਬ ਦੇ ਕੈਬਨਿਟ ਮੰਤਰੀ ਵਪਾਰੀਆਂ ਨੂੰ ਮਿਲਣ ਲਈ ਪਹੁੰਚ ਰਹੇ ਹਨ।
ਕੇਜਰੀਵਾਲ ਦਾ ਪੰਜਾਬ ਦੌਰਾ
ਇਸ ਦੇ ਨਾਲ ਹੀ ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਬੁੱਧਵਾਰ ਦੂਜਾ ਦਿਨ ਹੈ। ਦਿੱਲੀ ਦੇ ਮੁੱਖ ਮੰਤਰੀ ਅੱਜ ਜਲੰਧਰ ਵਿੱਚ ਵਪਾਰੀਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਦੌਰਾਨ ਉਹ ਵਪਾਰੀਆਂ ਦੀਆਂ ਸਮੱਸਿਆਵਾਂ ਤੇ ਮੰਗਾਂ ਬਾਰੇ ਜਾਣਕਾਰੀ ਲੈਣਗੇ ਤੇ ਸਰਕਾਰ ਆਉਣ ਤੇ ਉਦਯੋਗ ਲਈ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ।
ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਦੇ ਵਪਾਰੀਆਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਐਲਾਨ ਕੀਤਾ ਸੀ ਕਿ ਸਰਕਾਰ ਆਉਣ ਤੋਂ ਬਾਅਦ ਵਪਾਰੀਆਂ ਦਾ ਇੱਕ ਪੈਨਲ ਬਣਾਇਆ ਜਾਵੇਗਾ ਜੋ 15 ਦਿਨਾਂ ਵਿੱਚ ਇੱਕ ਵਾਰ ਮੁੱਖ ਮੰਤਰੀ ਨਾਲ ਮੀਟਿੰਗ ਕਰੇਗਾ। ਪੈਨਲ ਵੱਲੋਂ ਦਿੱਤੇ ਗਏ ਸੁਝਾਵਾਂ 'ਤੇ ਕਾਰਵਾਈ ਕੀਤੀ ਜਾਵੇਗੀ। ਹੁਣ ਉਹ ਜਲੰਧਰ ਵਿੱਚ ਵੀ ਅਜਿਹਾ ਐਲਾਨ ਕਰ ਸਕਦੇ ਹਨ।
ਇਹ ਵੀ ਪੜ੍ਹੋ: ਵੱਡੀ ਖਬਰ! ਅੱਜ ਹਾਈਕੋਰਟ 'ਚ ਡਰੱਗ ਰੈਕੇਟ ਦੇ ਮੁੱਖ ਦੋਸ਼ੀ ਦਾ ਹੋਏਗਾ ਖੁਲਾਸਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: