ਪਿੰਡਾਂ 'ਚ ਸ਼ਹਿਰਾਂ ਵਰਗੀਆਂ ਸਹੂਲਤਾਂ! 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ, ਵਿਕਾਸ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਐਲਾਨ ਕੀਤਾ ਹੈ, ਉਨ੍ਹਾਂ ਨੇ ਕਿਹਾ ਹੈ ਕਿ ਜਲਦ ਹੀ ਪੰਜਾਬ ਦੇ ਵਿੱਚ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਬੀਮਾ ਯੋਜਨਾ ਦੀ ਸ਼ੁਰੂ ਕਰਨ ਜਾ ਰਹੇ ਹਨ। 65 ਲੱਖ ਪਰਿਵਾਰਾਂ ਨੂੰ ਇਸ ਦਾ ਫਾਇਦਾ ਹੋਏਗਾ।..

ਪਿੰਡਾਂ ਦੇ ਵਿਕਾਸ ਨੂੰ ਉਤਸ਼ਾਹ ਦੇਣ ਲਈ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਗੱਲਬਾਤ ਕਰਨ ਦੀ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲ ਦਾ ਮਕਸਦ ਪਿੰਡਾਂ ਲਈ ਸ਼ਹਿਰਾਂ ਵਰਗੀਆਂ ਵਿਸ਼ਵ-ਪੱਧਰੀ ਨਾਗਰਿਕ ਸੁਵਿਧਾਵਾਂ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦਾ ਸਮੂਹਿਕ ਵਿਕਾਸ ਸਮੇਂ ਦੀ ਲੋੜ ਹੈ, ਤਾਂ ਜੋ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਹੋਰ ਤੇਜ਼ੀ ਮਿਲ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਲੋਕ-ਕਲਿਆਣ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਅੱਗੇ ਵਧਾਉਣ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਨੇ ਹੋਰ ਕਿਹਾ ਕਿ ਇਹ ਵਿਸ਼ਾਲ ਕੰਮ ਆਮ ਲੋਕਾਂ ਦੇ ਸਰਗਰਮ ਸਹਿਯੋਗ ਅਤੇ ਸਮਰਥਨ ਤੋਂ ਬਿਨਾਂ ਸੰਭਵ ਨਹੀਂ ਹੈ।
ਲੋਕਾਂ ਨਾਲ ਭਾਵਨਾਤਮਕ ਜੁੜਾਅ ਕਾਇਮ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਰਾਜ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਿਤ ਤੌਰ ‘ਤੇ ਨਿਗਰਾਨੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮਾਂ ਦੀ ਗੁਣਵੱਤਾ ਵਿੱਚ ਸੁਧਾਰ ਆਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੇ ਵਿਕਾਸ ਨੂੰ ਰਫ਼ਤਾਰ ਦੇਣ ਲਈ ਰਾਜ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਵਿੱਚ ਆਪਣਾ ਪੂਰਾ ਸਹਿਯੋਗ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਸੂਬੇ ਦੀ ਵੱਡੀ ਆਬਾਦੀ ਪਿੰਡਾਂ ਵਿੱਚ ਵੱਸਦੀ ਹੈ, ਇਸ ਲਈ ਰਾਜ ਸਰਕਾਰ ਪਿੰਡਾਂ ਦੇ ਵਿਸ਼ਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਸ਼ਹਿਰਾਂ ਦੇ ਬਰਾਬਰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪ੍ਰਤਿਬੱਧ ਹੈ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦਾ ਇਕੱਲਾ ਮਕਸਦ ਸੂਬੇ ਅਤੇ ਖ਼ਾਸ ਕਰਕੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਇੱਕ ਰੋਡਮੈਪ ਤਿਆਰ ਕਰਨਾ ਹੈ।
ਗ੍ਰਾਮੀਣ ਖੇਤਰਾਂ ਦੇ ਵਿਸ਼ਾਲ ਵਿਕਾਸ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਇਸ ਮਕਸਦ ਦੀ ਪੂਰਤੀ ਲਈ ਪਹਿਲਾਂ ਹੀ ਕਈ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਾਸਤੇ ਆਮ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ।
ਕੈਸ਼ਲੈੱਸ ਇਲਾਜ ਯੋਜਨਾ ਜਲਦ ਸ਼ੁਰੂ ਹੋਏਗਾ
ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਜਲਦ ਹੀ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ, ਜੋ ਸੂਬੇ ਦੇ 65 ਲੱਖ ਪਰਿਵਾਰਾਂ ਲਈ ਗੁਣਵੱਤਾਪੂਰਨ ਸਿਹਤ ਸੇਵਾਵਾਂ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਲੋਕ ਰਾਜ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਾਪਤ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੇ ਕਲਿਆਣ ਲਈ ਆਉਣ ਵਾਲੇ ਬਜਟ ਸੈਸ਼ਨ ਵਿੱਚ ਹੋਰ ਵੀ ਕਈ ਲੋਕ-ਹਿਤੈਸ਼ੀ ਯੋਜਨਾਵਾਂ ਪੇਸ਼ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਕਲਿਆਣ ਲਈ ਵਚਨਬੱਧ ਹੈ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।






















