Punjab News: ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਮੁੜ ਟਕਰਾਅ ਵਧ ਸਕਦਾ ਹੈ। ਇਸ ਵਾਰੀ ਆਰਡੀਐਫ ਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਦੇ ਫੰਡਾਂ ਨੂੰ ਲੈ ਕੇ ਤਣਾਅ ਬਣ ਰਿਹਾ ਹੈ। ਪੰਜਾਬ ਸਰਕਾਰ ਨੇ ਇਲਜ਼ਾਮ ਲਾਇਆ ਹੈ ਕਿ ਕੇਂਦਰ ਸਰਕਾਰ ਨੇ ਆਰਡੀਐਫ ਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਦੇ ਕਰੋੜਾਂ ਰੁਪਏ ਦੇ ਫੰਡ ਰੋਕ ਲਏ ਹਨ।
ਸੂਤਰਾਂ ਮੁਤਾਬਕ ਇਸ ਮਾਮਲੇ ਵਿੱਚ ਹੁਣ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੇਂਦਰ ਸਰਕਾਰ ਵਿਰੁੱਧ ਮਤਾ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾ ਸਕਦਾ ਹੈ। ਉਂਝ ਇਸ ਗੱਲ ਦੀ ਅਜੇ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਪਰ ਇਸ ਬਾਰੇ ਚਰਚਾ ਛਿੜ ਗਈ ਹੈ।
ਸੂਤਰਾਂ ਮੁਤਾਬਕ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਿਸ ਤਰੀਕ ਨੂੰ ਬੁਲਾਇਆ ਜਾਵੇਗਾ, ਇਸ ਬਾਰੇ ਹਫ਼ਤੇ ਵਿੱਚ ਫੈਸਲਾ ਲਿਆ ਜਾਵੇਗਾ। ਦੱਸ ਦਈਏ ਕਿ 6 ਜੂਨ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਹੈ।
ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੇ ਜਾਣ ਵਾਲੇ ਫੰਡਾਂ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ 'ਤੇ ਖੁਦ ਸੀਐਮ ਭਗਵੰਤ ਮਾਨ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਸੂਤਰਾਂ ਮੁਤਾਬਕ ਇਸ ਸਬੰਧੀ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨ ਤੇ ਚਿੱਠੀਆਂ ਲਿਖਣ ਦੇ ਬਾਵਜੂਦ ਕੋਈ ਹੱਲ ਨਾ ਨਿਕਲਣ 'ਤੇ ਆਖਰ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਸੂਤਰਾਂ ਮੁਤਾਬਕ ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਨੂੰ ਦਿੱਤੇ ਫੰਡਾਂ ਦੇ ਮਾਮਲੇ ਕੀਤੀ ਜਾ ਰਹੀ ਲਾਪ੍ਰਵਾਹੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਦਿਆਂ ਸੂਬੇ ਦੇ ਰੁਕੇ ਫੰਡ ਤੁਰੰਤ ਜਾਰੀ ਕਰਨ ਲਈ ਕੇਂਦਰ ਨੂੰ ਪੱਤਰ ਲਿਖਿਆ ਜਾਵੇਗਾ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਕਣਕ ਤੇ ਝੋਨੇ ਦੀ ਖਰੀਦ 'ਤੇ 3 ਫੀਸਦੀ ਮੰਡੀ ਮੰਡੀ ਫੀਸ ਤੇ 3 ਫੀਸਦੀ ਪੇਂਡੂ ਵਿਕਾਸ ਫੰਡ ਲਗਾਇਆ ਗਿਆ ਹੈ। ਇਸ ਫੰਡ ਨੂੰ ਜਾਰੀ ਕਰਨ ਨੂੰ ਲੈ ਕੇ ਕੇਂਦਰ ਸਰਕਾਰ ਤੇ 'ਆਪ' ਸਰਕਾਰ ਵਿਚਾਲੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਫੰਡ ਬੰਦ ਕਰਨ ਕਾਰਨ ਪੰਜਾਬ ਸਰਕਾਰ ਨੂੰ ਹਰ ਸਾਲ ਕਰੀਬ 1500 ਕਰੋੜ ਰੁਪਏ ਦਾ ਨੁਕਸਾਨ ਹੋਣ ਦੀ ਗੱਲ ਕਹੀ ਜਾ ਰਹੀ ਹੈ। ਜਦਕਿ ਪਿਛਲੇ ਕਰੀਬ 4 ਹਜ਼ਾਰ ਕਰੋੜ ਰੁਪਏ ਦਾ ਫੰਡ ਵੀ ਬਕਾਇਆ ਹੈ।
ਇਸ ਸਮੱਸਿਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਵੀ ਜਾਣੂ ਕਰਵਾਇਆ ਹੈ ਪਰ ਹੁਣ ਤੱਕ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਹੁਣ ਤੱਕ ਆਰਡੀਐਫ ਫੰਡ ਜਾਰੀ ਕਰਨਾ ਤਾਂ ਦੂਰ ਦੀ ਗੱਲ ਹੈ ਸਗੋਂ ਐਨਐਚਐਮ ਫੰਡ ਵੀ ਰੋਕ ਦਿੱਤਾ ਗਿਆ ਹੈ।