Punjab News: ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੇ ਕਤਲ ਮਗਰੋਂ ਉਨ੍ਹਾਂ ਦਾ ਪਰਿਵਾਰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਅਜਿਹਾ ਕੀਤਾ ਜਾ ਸਕਦਾ ਹੈ। ਪੁਲਿਸ ਨੇ ਪਰਿਵਾਰ ਨੂੰ ਕਿਹਾ ਹੈ ਕਿ ਜਾਂਚ ਦੌਰਾਨ ਜਿਨ੍ਹਾਂ ਵੀ ਵਿਅਕਤੀਆਂ ਦਾ ਨਾਮ ਸਾਹਮਣੇ ਆਵੇਗਾ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।
ਦੱਸ ਦਈਏ ਕਿ ਸੁਧੀਰ ਸੂਰੀ ਦੇ ਪਰਿਵਾਰ ਤੇ ਹਿੰਦੂ ਸੰਗਠਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। ਪੁਲਿਸ ਇਸ ਮਾਮਲੇ ਨੂੰ ਬੇਹੱਦ ਸੰਵੇਦਰਸ਼ੀਲ ਮੰਨ ਰਹੀ ਹੈ। ਇਸ ਲਈ ਪੂਰੀ ਜਾਂਚ ਮਗਰੋਂ ਹੀ ਕੋਈ ਵੀ ਐਕਸ਼ਨ ਲੈਣ ਦੀ ਰਣਨੀਤੀ ਤਹਿਤ ਚੱਲ ਰਹੀ ਹੈ।
ਇਸ ਬਾਰੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਤੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਕਿਹਾ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਦੇ ਮਾਮਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਭੇਜੀ ਜਾਵੇਗੀ ਕਿਉਂਕਿ ਇਹ ਕੇਂਦਰ ਸਰਕਾਰ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸੂਰੀ ਪਰਿਵਾਰ ਨੂੰ ਸੁਰੱਖਿਆ ਦੇ ਨਾਲ ਨਾਲ ਤਰਸ ਦੇ ਆਧਾਰ ’ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸੁਧੀਰ ਸੂਰੀ ਇਥੇ ਮਜੀਠਾ ਰੋਡ ਨੇੜੇ ਗੋਪਾਲ ਮੰਦਿਰ ਦੇ ਬਾਹਰ ਬੇਅਦਬੀ ਮਾਮਲੇ ਨੂੰ ਲੈ ਕੇ ਧਰਨੇ ’ਤੇ ਬੈਠੇ ਹੋਏ ਸਨ ਤਾਂ ਸੁਰੱਖਿਆ ਮੁਲਾਜ਼ਮਾਂ ਤੇ ਪੁਲੀਸ ਦੀ ਹਾਜ਼ਰੀ ’ਚ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਵੇਰਵਿਆਂ ਮੁਤਾਬਕ ਸੁਧੀਰ ਸੂਰੀ ਨੂੰ ਚਾਰ ਗੋਲੀਆਂ ਲੱਗੀਆਂ ਹਨ, ਜਿਨ੍ਹਾਂ ਵਿੱਚੋਂ ਤਿੰਨ ਗੋਲੀਆਂ ਉਸ ਦੇ ਸ਼ਰੀਰ ਵਿੱਚ ਸਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ