ਦੂਰ-ਦੁਰਾਡੇ ਇਲਾਕਿਆਂ ਤੋਂ ਸਰਕਾਰੀ ਸਕੂਲਾਂ 'ਚ ਪੜ੍ਹਨ ਆਉਂਦੇ ਵਿਦਿਆਰਥੀਆਂ ਵਾਸਤੇ ਆਵਾਜਾਈ ਦੇ ਸਾਧਨਾਂ ਦੀ ਘਾਟ ਪੂਰੀ ਕਰਨ ਲਈ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਸਕੂਲਾਂ ਨੂੰ ਬੱਸਾਂ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਕੋਈ ਵੀ ਵਿਦਿਆਰਥੀ ਸਾਧਨ ਦੀ ਕਮੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਧਨਾਂ ਦੀ ਕਮੀ ਕਾਰਨ ਸਾਡੇ ਬੱਚੇ ਖਾਸ ਕਰਕੇ ਲੜਕੀਆਂ ਅੱਧ-ਵਿਚਾਲੇ ਪੜ੍ਹਾਈ ਛੱਡ ਜਾਂਦੀਆਂ ਸਨ ਪਰ ਹੁਣ ਹਰੇਕ ਵਿਦਿਆਰਥੀ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।



ਰੂਪਨਗਰ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ, ਸੁੱਖੋ ਮਾਜਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੁਠੇੜੀ ਦੇ ਸਰਕਾਰੀ  ਸਕੂਲਾਂ ਵਿੱਚ ਬੱਚਿਆਂ ਨੂੰ ਮਿਲ ਰਹੀ ਤਾਲੀਮ ਉਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਅੱਜ ਮੈਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤਾਂ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੋਈ ਕਿ ਸਾਰੇ ਬੱਚੇ ਆਪਣੇ ਭਵਿੱਖ ਬਾਰੇ ਬਿਲਕੁਲ ਸਪੱਸ਼ਟ ਹਨ ਕਿ ਉਨ੍ਹਾਂ ਨੇ ਜੀਵਨ ਵਿੱਚ ਕਿਹੜਾ ਪੇਸ਼ਾ ਅਪਣਾਉਣਾ ਹੈ। ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਹੁਣ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਬਹੁਤ ਸਾਰੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ। ਮੈਨੂੰ ਪੂਰਨ ਵਿਸ਼ਵਾਸ ਹੈ ਕਿ ਇਸ ਵਾਰ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਆਉਣਗੇ ਜਿਸ ਨਾਲ ਮੇਰੀ ਸਰਕਾਰ ਦੇ ਉਪਰਾਲਿਆਂ ਨੂੰ ਹੌਂਸਲਾ ਮਿਲੇਗਾ।”



ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਏਗੀ ਤੇ ਯਕੀਨਨ ਤੌਰ ਉਤੇ ਪੰਜਾਬ, ਦੇਸ਼ ਭਰ ਵਿਚ ਰੋਲ ਮਾਡਲ ਬਣ ਕੇ ਉੱਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ, “ਉਹ ਦਿਨ ਹੁਣ ਦੂਰ ਨਹੀਂ ਜਦੋਂ ਸੂਬੇ ਦੇ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਈਆ ਕਰਵਾਉਣਗੇ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਿੱਚ ਮਾਣ ਮਹਿਸੂਸ ਕਰਿਆ ਕਰਨਗੇ।” ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਜਿਹੇ ਸਕੂਲਾਂ ਨੇ ਉਥੇ ਦੇ ਸਿੱਖਿਆ ਖੇਤਰ ਦੀ ਤਸਵੀਰ ਬਦਲ ਦਿੱਤੀ ਹੈ ਅਤੇ ਅੱਜ ਉਥੇ ਸਰਕਾਰੀ ਸਕੂਲ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਹੁਣ ਸਾਡੀ ਸਰਕਾਰ ਨੇ ਸੂਬੇ ਦੀ ਸਿੱਖਿਆ ਦਾ ਪੱਧਰ ਵਿਸ਼ਵ ਦੇ ਹਾਣ ਦਾ ਬਣਾਉਣ ਦਾ ਪ੍ਰਣ ਕੀਤਾ ਹੋਇਆ ਹੈ ਅਤੇ ਭਵਿੱਖ ਵਿੱਚ ਪੰਜਾਬ ਦਾ ਤਾਲੀਮਯਾਫ਼ਤਾ ਬੱਚਾ ਦੁਨੀਆ ਦੀਆਂ ਚੋਟੀ ਦੀਆਂ ਸੰਸਥਾਵਾਂ ਵਿਚ ਮੁਕਾਮ ਹਾਸਲ ਕਰੇਗਾ। ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਪ੍ਰਬੰਧਾਂ ਦੀ ਦੇਖ-ਰੇਖ ਲਈ ਸਰਕਾਰ ਨੇ ਕੈਂਪਸ ਮੈਨੇਜਰ ਭਰਤੀ ਕੀਤੇ ਹਨ ਤਾਂ ਕਿ ਸੁਚਾਰੂ ਵਿਵਸਥਾ ਯਕੀਨੀ ਬਣਾਈ ਜਾ ਸਕੇ।



ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਪਿਛਲੇ ਸਮੇਂ ਵਿੱਚ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਸਨ ਪਰ ਸਰਕਾਰਾਂ ਨੇ ਇਨ੍ਹਾਂ ਸਕੂਲਾਂ ਦੇ ਸੁਧਾਰ ਲਈ ਕੁਝ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਿਸ ਨਾਲ ਸਾਡੇ ਹਜ਼ਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਸੀਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਲੜਕੀਆਂ ਨੂੰ ਸਾਧਨਾਂ ਦੀ ਘਾਟ ਕਾਰਨ ਪੜ੍ਹਾਈ ਅੱਧ-ਵਿਚਾਲੇ ਛੱਡਣੀ ਪਈ ਜੋ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਨੂੰ ਸਿੱਧ ਕਰਦੀਆਂ ਹਨ।