ਪੰਜਾਬ 'ਚ ਆਜ਼ਾਦੀ ਦਿਹਾੜੇ ਦੀਆਂ ਰੌਣਕਾਂ
ਏਬੀਪੀ ਸਾਂਝਾ | 15 Aug 2016 04:52 AM (IST)
ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਜ਼ਾਦੀ ਦੇ 70ਵੇਂ ਦਿਹਾੜੇ 'ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਝੰਡਾ ਲਹਿਰਾਇਆ। ਇਸ ਮੌਕੇ ਜ਼ਿਲ੍ਹੇ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਬਾਦਲ ਨੇ ਆਖਿਆ ਕਿ ਪੰਜਾਬੀਆਂ ਨੇ ਘੱਟ ਗਿਣਤੀ ਹੋਣ ਦੇ ਬਾਵਜੂਦ ਵੀ ਆਜ਼ਾਦੀ ਸੰਘਰਸ਼ ਵਿੱਚ 80ਫ਼ੀਸਦੀ ਤੋਂ ਜ਼ਿਆਦਾ ਯੋਗਦਾਨ ਦਿੱਤਾ। ਉਨ੍ਹਾਂ ਆਖਿਆ ਕਿ ਪੰਜਾਬੀ ਭਾਵੇਂ ਉੱਜੜ ਗਏ ਪਰ ਉਹਨਾਂ ਆਪਣੇ ਯੋਗਦਾਨ ਨਾਲ ਦੇਸ਼ ਨੂੰ ਆਜ਼ਾਦ ਕਰਵਾ ਲਿਆ। ਉਨ੍ਹਾਂ ਆਖਿਆ ਕਿ ਖੇਤੀਬਾੜੀ ਵਿੱਚ ਪੰਜਾਬ ਦੇ ਕਿਸਾਨਾਂ ਦਾ ਵੱਡਾ ਯੋਗਦਾਨ ਹੈ। ਖ਼ਾਸ ਤੌਰ ਉੱਤੇ ਹਰੀ ਕ੍ਰਾਂਤੀ ਵਿੱਚ ਪੰਜਾਬੀਆਂ ਦਾ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਆਖਿਆ ਕਿ ਅੰਨ ਦੇ ਨਾਲ ਪੰਜਾਬ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਸਰਪਲੱਸ ਸੂਬਾ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਕੈਂਸਰ ਦਾ ਮੁਫ਼ਤ ਇਲਾਜ ਦੇਸ ਦੇ ਕਿਸੇ ਵੀ ਸੂਬੇ ਵਿੱਚ ਨਹੀਂ ਹੈ। ਪਹਿਲਾਂ ਕੈਂਸਰ ਦੇ ਇਲਾਜ ਲਈ ਹੋਰ ਸੂਬਿਆਂ ਵਿੱਚ ਜਾਣਾ ਪੈਂਦਾ ਸੀ ਪਰ ਹੁਣ ਸੂਬੇ ਵਿੱਚ ਹੀ ਇਸ ਬਿਮਾਰੀ ਦਾ ਇਲਾਜ ਹੋ ਰਿਹਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਗ਼ਰੀਬ ਬੱਚਿਆਂ ਨੂੰ ਮੁਫ਼ਤ ਸਿੱਖਿਆ ਅਤੇ ਖਾਣਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਖਿਆ ਕਿ ਕੁੱਝ ਤਾਕਤਾਂ ਸੂਬੇ ਦਾ ਮਾਹੌਲ ਖ਼ਰਾਬ ਕਰਨੀਆਂ ਚਾਹੁੰਦੀਆਂ ਹਨ ਉਨ੍ਹਾਂ ਖ਼ਿਲਾਫ਼ ਸਭ ਨੂੰ ਡਟ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸੂਬੇ ਹੋਰਨਾਂ ਥਾਵਾਂ ਉੱਤੇ ਵੀ ਆਜ਼ਾਦੀ ਦਿਹਾੜਾ ਮਨਾਇਆ ਗਿਆ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਵਿੱਚ ਤਿਰੰਗਾ ਫਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।