Punjab News -ਮਾਨ ਸਰਕਾਰ ਨੇ ਪਿੰਡਾਂ 'ਚ ਨੌਕਰੀਆਂ ਪੈਦਾ ਕਰਨ ਦਾ ਲਾਇਆ ਜੁਗਾੜ ! 2 ਹਜ਼ਾਰ ਕਰੋੜ ਦਾ ਬਜਟ ਰੱਖਿਆ
MGNREGA scheme for development of rural areas : ਸਕੀਮ ਹਰੇਕ ਵਿੱਤੀ ਸਾਲ ਵਿੱਚ ਹਰੇਕ ਉਸ ਘਰ ਨੂੰ ਘੱਟੋ-ਘੱਟ 100 ਦਿਨਾਂ ਦਾ ਗਰੰਟੀਸ਼ੁਦਾ ਰੋਜ਼ਗਾਰ ਦੇ ਕੇ ਰੋਜ਼ੀ-ਰੋਟੀ ਦੀ ਸੁਰੱਖਿਆ ਵਿੱਚ ਵਾਧਾ ਕਰਦੀ ਹੈ, ਜਿਨ੍ਹਾਂ ਦੇ ਬਾਲਗ ਮੈਂਬਰ..
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਖੇਤਰਾਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਐਕਟ (ਮਨਰੇਗਾ) ਸਕੀਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਵਕਾਲਤ ਕੀਤੀ ਹੈ। ਇਸ ਸਕੀਮ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਮਹੱਤਵਪੂਰਨ ਹੈ ਕਿਉਂਕਿ ਇਹ ਸਕੀਮ ਹਰੇਕ ਵਿੱਤੀ ਸਾਲ ਵਿੱਚ ਹਰੇਕ ਉਸ ਘਰ ਨੂੰ ਘੱਟੋ-ਘੱਟ 100 ਦਿਨਾਂ ਦਾ ਗਰੰਟੀਸ਼ੁਦਾ ਰੋਜ਼ਗਾਰ ਦੇ ਕੇ ਰੋਜ਼ੀ-ਰੋਟੀ ਦੀ ਸੁਰੱਖਿਆ ਵਿੱਚ ਵਾਧਾ ਕਰਦੀ ਹੈ, ਜਿਨ੍ਹਾਂ ਦੇ ਬਾਲਗ ਮੈਂਬਰ ਗੈਰ-ਹੁਨਰਮੰਦ ਹੱਥੀਂ ਕੰਮ ਕਰਨ ਦੇ ਇੱਛੁਕ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਅਪ੍ਰੈਲ 2008 ਤੋਂ ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਹੈ ਅਤੇ ਰਾਜ ਸਰਕਾਰ ਇਸ ਅਹਿਮ ਯੋਜਨਾ ਦੇ ਬਜਟ ਨੂੰ ਦੋ ਹਜ਼ਾਰ ਕਰੋੜ ਰੁਪਏ ਤੱਕ ਵਧਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਕਿ ਸੂਬੇ ਵਿੱਚ 14.86 ਲੱਖ ਸਰਗਰਮ ਵਰਕਰਾਂ ਦੇ ਨਾਲ 11.53 ਲੱਖ ਸਰਗਰਮ ਜੌਬ ਕਾਰਡ ਹਨ।
ਮੁੱਖ ਮੰਤਰੀ ਨੇ ਇਸ ਗੱਲ 'ਤੇ ਅਫ਼ਸੋਸ ਜ਼ਾਹਰ ਕੀਤਾ ਕਿ ਸੂਬੇ ਲਈ ਮਨਰੇਗਾ ਤਹਿਤ ਅਧਿਸੂਚਿਤ ਮਜ਼ਦੂਰੀ ਦਰ 303 ਰੁਪਏ ਗੁਆਂਢੀ ਸੂਬੇ ਹਰਿਆਣਾ ਦੇ ਮੁਕਾਬਲੇ ਘੱਟ ਹੈ, ਜਿੱਥੇ ਇਹ 357 ਰੁਪਏ ਹੈ ਅਤੇ ਸੂਬਾ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਸਿੰਜਾਈ, ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ "ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ" ਦੇ ਕੰਮਾਂ ਨੂੰ ਪ੍ਰਵਾਨਿਤ ਸੂਚੀ ਵਿੱਚ ਸ਼ਾਮਲ ਕਰਨ ਲਈ ਵੀ ਠੋਸ ਉਪਰਾਲੇ ਕਰੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ, ਭਾਰਤ ਸਰਕਾਰ ਨੂੰ ਇਸ ਸਕੀਮ ਤਹਿਤ ਕਾਰਪਸ ਫੰਡ ਮੁਹੱਈਆ ਕਰਵਾਉਣ ਲਈ ਵੀ ਬੇਨਤੀ ਕਰੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।