Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 26,797 ਤੋਂ ਵੱਧ ਨਿਯੁਕਤੀ ਪੱਤਰ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ ਹੈ ਤਾਂ ਕਿ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇ। ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚੜ੍ਹੀ ਹੈ।



ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦੇ ਅਨਿੱਖੜ ਅੰਗ ਬਣ ਗਏ ਹਨ ਤੇ ਹੁਣ ਤੋਂ ਉਨ੍ਹਾਂ ਨੂੰ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ 11 ਮਹੀਨਿਆਂ ਦੌਰਾਨ ਇੰਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਦੇਣ ਤੋਂ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪਤਾ ਚੱਲਦਾ ਹੈ ਕਿ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਖੋਲ੍ਹਣ ਲਈ ਸਰਕਾਰ ਕਿੰਨੀ ਸੰਜੀਦਾ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੈਰਾਸ਼ੂਟਰ ਦੀ ਥਾਂ ਜ਼ਮੀਨ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜਿਆ ਵਿਅਕਤੀ ਜ਼ਮੀਨ ਤੋਂ ਉੱਠ ਕੇ ਅਰਸ਼ ਫਤਹਿ ਕਰ ਸਕਦਾ ਹੈ ਤੇ ਇਨ੍ਹਾਂ ਮਿਹਨਤੀ ਲੋਕਾਂ ਦੀ ਹੱਦ ਆਸਮਾਨ ਹੀ ਹੁੰਦਾ ਹੈ। ਇਸ ਦੇ ਉਲਟ ਪੈਰਾਸ਼ੂਟਰ ਆਸਮਾਨ ਤੋਂ ਆਉਂਦੇ ਹਨ ਤੇ ਉਨ੍ਹਾਂ ਕਦੇ ਨਾ ਕਦੇ ਜ਼ਮੀਨ ਉਤੇ ਡਿੱਗਣਾ ਹੁੰਦਾ ਹੈ।


ਇਹ ਵੀ ਪੜ੍ਹੋ : ਨੂੰਹ ਹੀ ਨਿਕਲੀ ਸੱਸ ਦੀ ਕਾਤਲ, ਚਾਕੂ ਮਾਰ-ਮਾਰ ਬੇਰਹਿਮੀ ਨਾਲ ਕੀਤਾ ਕਤਲ, ਹੱਤਿਆ ਮਗਰੋਂ ਬਿਜਲੀ ਦਾ ਕਰੰਟ ਵੀ ਲਾਇਆ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕੋ-ਇਕ ਮੰਤਵ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੇ ਟੀਚੇ ਦੀ ਪੂਰਤੀ ਲਈ ਇਹ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਭਵਿੱਖਮੁਖੀ ਯੋਜਨਾ ਬਣਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਠੇਕੇ ਉਤੇ ਕੰਮ ਕਰਦੇ 14 ਹਜ਼ਾਰ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ ਤੇ ਕੈਬਨਿਟ ਨੇ ਇੰਨੀ ਗਿਣਤੀ ਵਿੱਚ ਹੀ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਮੌਕਾ ਹੈ ਕਿ ਪੰਜਾਬ ਪੁਲਿਸ ਨੇ 2100 ਆਸਾਮੀਆਂ ਦੀ ਭਰਤੀ ਕੱਢੀ ਹੈ ਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਆਉਣ ਵਾਲੇ ਚਾਰ ਸਾਲਾਂ ਦੌਰਾਨ ਸਿਪਾਹੀ ਦੀਆਂ 1800 ਤੇ ਸਬ-ਇੰਸਪੈਕਟਰਾਂ 300 ਆਸਾਮੀਆਂ ਹਰ ਸਾਲ ਭਰੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਸਨਅਤੀ ਵਿਕਾਸ ਨੂੰ ਤੇਜ਼ ਕਰਨ ਵੱਲ ਵੱਧ ਧਿਆਨ ਦੇ ਰਹੀ ਹੈ।