ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੰਦੇ ਹੋਏ ਆਂਗਨਵਾੜੀ ’ਚ 6 ਹਜ਼ਾਰ ਨੌਕਰੀਆਂ ਕੱਢਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ-ਦੋ ਮਹੀਨੇ ’ਚ ਹੀ ਆਂਗਨਵਾੜੀ ’ਚ ਭਰਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਵੱਲੋਂ ਆਉਣ ਵਾਲੇ 2-3 ਮਹੀਨਿਆਂ ਵਿੱਚ ਨੋਟੀਫਿਕੇਸ਼ਨ ਜਾਰੀ ਕਰੇਗੀ। 


 

ਉਨ੍ਹਾਂ ਕਿਹਾ ਕਿ ਜਿਸ ਦੀ ਡਿਗਰੀ ਬਿਲਕੁਲ ਸਹੀ ਹੋਵੇਗੀ ,ਉਨ੍ਹਾਂ ਨੂੰ ਹੀ ਆਂਗਨਵਾੜੀ ਵਿਚ ਨੌਕਰੀ ਮਿਲੇਗੀ ਅਤੇ ਸਿਫਾਰਿਸ਼ ਵਾਲਿਆਂ ਨੂੰ ਨੌਕਰੀ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਸ਼ੁੱਕਰਵਾਰ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੌਕੇ ਕਰਵਾਏ ਗਏ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਕੀਤਾ ਹੈ। ਉੱਥੇ ਹੀ ਸੂਬੇ ਦੇ ਬੇਰੁਜ਼ਗਾਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਆਉਣ ਵਾਲੇ ਦਿਨਾਂ 'ਚ ਨੌਕਰੀਆਂ ਦੇਣ ਦਾ ਭਰੋਸਾ ਵੀ ਦਿੱਤਾ। 

ਸੀਐਮ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦੇ 6 ਮਹੀਨੇ ਵੀ ਪੂਰੇ ਨਹੀਂ ਹੋਏ ਹਨ ਅਤੇ ਸਰਕਾਰ ਨੇ ਚਾਰ ਗਾਰੰਟੀਆਂ ਵੀ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕੁਝ ਗਾਰੰਟੀ ਵੀ ਪੂਰੀਆਂ ਕੀਤੀਆਂ ,ਜੋ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਉਸਦੇ ਏਜੰਡੇ ਵਿੱਚ ਨਹੀਂ ਸਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪਹਿਲੀ ਰੱਖੜੀ ਮੌਕੇ ਸੂਬੇ ਦੀਆਂ ਆਂਗਣਵਾੜੀ ਵਿੱਚ 6 ਹਜ਼ਾਰ ਔਰਤਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ।

 

ਉਨ੍ਹਾਂ ਕਿਹਾ ਕਿ ਸੂਬੇ ਵਿਚ ਸਾਰਿਆਂ ਨੂੰ ਨੌਕਰੀਆਂ ਉਪਲਬਧ ਹੋ ਜਾਣਗੀਆਂ ਪਰ ਇਸ ਵਿਚ ਕੁਝ ਸਮਾਂ ਲੱਗ ਸਕਦਾ ਹੈ। ਇਸ ਲਈ ਉਸ ਨੂੰ ਅਜਿਹਾ ਕੋਈ ਕਦਮ ਨਹੀਂ ਚੁੱਕਣਾ ਚਾਹੀਦਾ, ਜੋ ਉਸ ਦੇ ਪਰਿਵਾਰ ਜਾਂ ਪੰਜਾਬ ਲਈ ਚੰਗਾ ਨਾ ਹੋਵੇ। ਸ਼੍ਰੋਮਣੀ ਅਕਾਲੀ ਦਲ ਦੇ ਟੁੱਟਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦਾ ਅੰਦਰੂਨੀ ਮਾਮਲਾ ਹੈ। ਉਨ੍ਹਾਂ ਦੇ 32 ਦੰਦ ਹਨ ਅਤੇ ਅਕਾਲੀ ਦਲ ਬਾਰੇ ਉਨ੍ਹਾਂ ਦੀਆਂ ਗੱਲਾਂ ਸੱਚ ਸਾਬਤ ਹੋ ਰਹੀਆਂ ਹਨ। 

 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 1920 ਵਿੱਚ ਸ਼ੁਰੂ ਹੋਇਆ ਸੀ ਅਤੇ 100 ਸਾਲਾਂ ਬਾਅਦ 2019 ਵਿੱਚ ਖ਼ਤਮ ਹੋਵੇਗਾ। ਅੱਜ ਅਕਾਲੀ ਦਲ ਦੀ ਅੰਦਰੂਨੀ ਸਥਿਤੀ ਦੇਖ ਕੇ ਲੱਗਦਾ ਹੈ ਕਿ ਇਹ ਖਾਤਮੇ ਵੱਲ ਤੇਜ਼ੀ ਨਾਲ ਵਧ ਰਿਹਾ ਹੈ ਕਿਉਂਕਿ ਅਕਾਲੀ ਦਲ ਦੀ ਜ਼ਮੀਨੀ ਹਮਾਇਤ ਖਤਮ ਹੋ ਚੁੱਕੀ ਹੈ। ਇਸ ਪ੍ਰੋਗਰਾਮ ਵਿੱਚ ਭਗਵੰਤ ਮਾਨ ਨੇ ਇੱਕ ਵਾਰ ਫਿਰ ਭਾਈਚਾਰਾ ਸਾਂਝ ਅਤੇ ਰੰਗਲਾ ਪੰਜਾਬ ਦਾ ਆਸ਼ੀਰਵਾਦ ਮੰਗਿਆ ਤਾਂ ਜੋ ਪੰਜਾਬ ਦੇ ਪੁਰਾਣੇ ਦਿਨ ਵਾਪਸ ਲਿਆਂਦੇ ਜਾ ਸਕਣ।