Punjab News: ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਫਾਜ਼ਿਲਕਾ ਦੇ ਅਰਨੀਵਾਲਾ ਵਿੱਚ ਸਕੂਲਾਂ ਵਿੱਚ ਨਸ਼ਾ ਵਿਰੋਧੀ ਸਿਲੇਬਸ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਰਹੇ।

ਹੁਣ, ਪੰਜਾਬ ਦੇ ਸਕੂਲਾਂ ਵਿੱਚ ਨਸ਼ਾ ਛੁਡਾਊ ਵਿਸ਼ੇ 'ਤੇ ਕਲਾਸਾਂ ਲਗਾਈਆਂ ਜਾਣਗੀਆਂ। ਸੂਬੇ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਬਚਣ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਗਿਆ ਸਿਲੇਬਸ ਪੜ੍ਹਾਇਆ ਜਾਵੇਗਾ। ਹਰ 15 ਦਿਨਾਂ ਬਾਅਦ, 35 ਮਿੰਟ ਦੀ ਕਲਾਸ ਲੱਗੇਗੀ, ਜਿਸ ਵਿੱਚ ਬੱਚਿਆਂ ਨੂੰ ਫਿਲਮਾਂ, ਕੁਇਜ਼ ਅਤੇ ਖੇਡਾਂ ਰਾਹੀਂ ਸਿਖਾਇਆ ਜਾਵੇਗਾ ਕਿ ਉਨ੍ਹਾਂ ਨੂੰ ਨਸ਼ਿਆਂ ਤੋਂ ਕਿਉਂ ਅਤੇ ਕਿਵੇਂ ਦੂਰ ਰਹਿਣਾ ਚਾਹੀਦਾ ਹੈ।

ਇਸ ਪਹਿਲ ਦੀ ਸ਼ੁਰੂਆਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਿਲੇਬਸ ਦੀ ਸ਼ੁਰੂਆਤ ਸਰਕਾਰੀ ਸਕੂਲਾਂ ਤੋਂ ਕੀਤੀ ਗਈ। ਇਸ ਤੋਂ ਬਾਅਦ ਇਹ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਾਇਆ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਅਸੀਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇੱਕ ਵੱਡੇ ਨੇਤਾ ਵਿਰੁੱਧ ਕਾਰਵਾਈ ਕੀਤੀ ਹੈ। ਉਸ ਨੂੰ ਜੇਲ੍ਹ ਭੇਜਿਆ ਹੈ।

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਨੇਤਾ ਉਸ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਉਹ ਕਹਿ ਰਹੇ ਹਨ ਕਿ ਉਸ ਨਾਲ ਗਲਤ ਹੋਇਆ ਹੈ। ਭਾਜਪਾ ਅਤੇ ਕਾਂਗਰਸ ਦੇ ਨੇਤਾ ਹੰਝੂ ਵਹਾ ਰਹੇ ਹਨ, ਅਤੇ ਅਕਾਲੀ ਦਲ ਦੇ ਲੋਕ ਸਾਨੂੰ ਗਾਲ੍ਹਾਂ ਕੱਢ ਰਹੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਨਸ਼ੇ ਨਾ ਲੈਣ ਦੀ ਸਹੁੰ ਚੁਕਾਈ।

ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਕਈ ਉਪਰਾਲੇ ਕਰ ਰਹੀ ਹੈ, ਜਿੱਥੇ ਪਹਿਲਾਂ ਜੰਗ ਨਸ਼ਿਆਂ ਵਿਰੁੱਧ ਚਲਾਈ ਗਈ, ਉੱਥੇ ਹੀ ਹੁਣ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਵੀ ਇਸ ਸਬੰਧੀ ਪੜ੍ਹਾਈ ਸ਼ੁਰੂ ਕਰਨ ਦੀ ਸ਼ੁਰੂਆਤ ਕੀਤੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।