Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸ਼ਨਿੱਚਰਵਾਰ ਨੂੰ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੰਤ ਨਿਰੰਜਨ ਦਾਸ ਜੀ ਨੂੰ ਸੌਂਪੀ।

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਸਿੱਖਿਆ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਅਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਭਗਤੀ ਲਹਿਰ ਦੇ ਮੋਹਰੀ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪ੍ਰਚਾਰਨ ਵਿੱਚ ਵੀ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਧੰਨ ਹਨ ਕਿ ਉਨ੍ਹਾਂ ਨੂੰ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਦਾ ਸੰਦੇਸ਼ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸੂਬਾ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਖੇਤਰਾਂ ਵਿੱਚ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਪਹਿਲਾਂ ਹੀ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਗਰੀਬ ਪੱਖੀ ਪਹਿਲਕਦਮੀ ਆਮ ਲੋਕਾਂ ਦੇ ਜੀਵਨ ਨੂੰ ਬਦਲਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਵੱਡੇ-ਵੱਡੇ ਦਮਗਜ਼ੇ ਮਾਰਨ ਵਿੱਚ ਵਿਸ਼ਵਾਸ ਨਹੀਂ ਰੱਖਦੇ, ਸਗੋਂ ਸਮਾਜ ਲਈ ਜੋ ਚੰਗਾ ਹੋਵੇ, ਉਹ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ’ਤੇ ਕੰਮ ਸ਼ੁਰੂ ਕਰਨ ਲਈ ਪਹਿਲਾਂ ਹੀ ਡਿਪਟੀ ਕਮਿਸ਼ਨਰ ਦੇ ਖਾਤੇ ਵਿੱਚ ਪੈਸੇ ਤਬਦੀਲ ਕੀਤੇ ਜਾ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਗਰੀਬਾਂ ਦੀ ਭਲਾਈ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਸਨ ਪਰ ਅਸਲ ਅਰਥਾਂ ਵਿੱਚ ਕੰਮ ਕਿਸੇ ਨੇ ਨਹੀਂ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਗਰੀਬਾਂ ਨੂੰ ਉਨ੍ਹਾਂ ਦੇ ਲੀਡਰ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਹੀ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਸਾਡੀ ਸਰਕਾਰ ਆਮ ਆਦਮੀ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਨਵੰਬਰ-ਦਸੰਬਰ, 2022 ਦੇ ਮਹੀਨਿਆਂ ਦੌਰਾਨ ਸੂਬੇ ਦੇ 87 ਫੀਸਦ ਪਰਿਵਾਰਾਂ ਦੇ  ਬਿਜਲੀ ਬਿੱਲ ਜ਼ੀਰੋ ਆਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਇੱਕ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਆਮ ਆਦਮੀ ਨੂੰ ਦਰਪੇਸ਼ ਮੁਸ਼ਕਲਾਂ ਤੋਂ ਭਲੀ-ਭਾਂਤ ਜਾਣੂੰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੰਤ ਬਾਬਾ ਨਿਰੰਜਨ ਦਾਸ ਜੀ ਦੀ ਅਗਵਾਈ ਵਾਲੀ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਪ੍ਰਬੰਧਕ ਕਮੇਟੀ, ਇਸ ਕੇਂਦਰ ਦੇ ਸਮੁੱਚੇ ਮਾਮਲਿਆਂ ਦਾ ਪ੍ਰਬੰਧ ਦੇਖੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕਮੇਟੀ ਵਿੱਚ ਗੈਰ-ਸਰਕਾਰੀ ਮੈਂਬਰਾਂ ਤੋਂ ਇਲਾਵਾ ਸਕੱਤਰ ਸੈਰ-ਸਪਾਟਾ, ਸਕੱਤਰ ਐਸ.ਸੀ./ਬੀ.ਸੀ. ਭਲਾਈ, ਵਿੱਤ ਸਕੱਤਰ ਅਤੇ ਸਥਾਨਕ ਡਿਪਟੀ ਕਮਿਸ਼ਨਰ ਇਸ ਦੇ ਮੈਂਬਰ ਹੋਣਗੇ। ਭਗਵੰਤ ਮਾਨ ਨੇ ਦੱਸਿਆ ਕਿ ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਕਮੇਟੀ ਵੱਲੋਂ ਇਸ ਮੰਤਵ ਲਈ ਲੋੜੀਂਦੀ ਜ਼ਮੀਨ ਦੀ ਖਰੀਦ ਸਮੇਤ ਕੇਂਦਰ ਦੇ ਵਿਕਾਸ ਸਬੰਧੀ ਅੱਗੇ ਦੀ ਕਾਰਵਾਈ ਬਾਰੇ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕੇਂਦਰ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਚਾਨਣ ਮੁਨਾਰੇ ਦਾ ਕੰਮ ਕਰੇਗਾ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਬਾਣੀ ਤੋਂ ਪ੍ਰੇਰਨਾ ਲੈ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਗੁਰੂ ਰਵਿਦਾਸ ਜੀ ਦੀ ਪਵਿੱਤਰ ਬਾਣੀ ਦੇ ਵੱਖ-ਵੱਖ ਪਹਿਲੂਆਂ 'ਤੇ ਖੋਜ ਕਰਨ ਲਈ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਅਤੇ ਖੋਜ ਵਿਦਵਾਨਾਂ ਦੀ ਸਹੂਲਤ ਲਈ ਅਹਿਮ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਹਰ ਕੀਮਤ 'ਤੇ ਕਾਇਮ ਰੱਖਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ, ਲੈਪਟਾਪ, ਨੌਕਰੀਆਂ, ਤਰੱਕੀ ਅਤੇ ਮੈਡਲ ਦੇਖਣਾ ਚਾਹੁੰਦੇ ਹਨ, ਨਾ ਕਿ ਹਥਿਆਰ।