SYL Canal Dispute: ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਮਸਲੇ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ  ਮਨੋਹਰ ਲਾਲ ਖੱਟਰ ਵਿਚਾਲੇ ਮੀਟਿੰਗ ਹੋਈ। ਇਸ ਦੌਰਾਨ ਪੰਜਾਬ ਤੇ ਹਰਿਆਣਾ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਵਿਚਾਰੇ ਗਏ ਤੱਥਾਂ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਪਰ ਮੰਨਿਆ ਜਾ ਰਿਹਾ ਹੈ ਕਿ ਦੋਵਾਂ ਸੂਬਿਆਂ ਵਿਚਾਲੇ ਅਜੇ ਕੋਈ ਸਹਿਮਤੀ ਨਹੀਂ ਬਣੀ।


ਇਹ ਮੀਟਿੰਗ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿੱਚ ਹੋਈ। ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਦੋਵਾਂ ਮੁੱਖ ਮੰਤਰੀਆਂ ਨੂੰ ਇਸ ਮਾਮਲੇ ’ਤੇ ਮਿਲਣ ਤੇ ਸੁਖਾਵੇਂ ਹੱਲ ਕੱਢਣ ਲਈ ਕਿਹਾ ਗਿਆ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਅੱਜ ਸਿਰਫ਼ ਨਹਿਰ ਦੇ ਨਿਰਮਾਣ 'ਤੇ ਗੱਲਬਾਤ ਹੋਈ ਹੈ। ਉਨ੍ਹਾਂ ਸਪੱਸ਼ਟ ਕਿਹਾ ਹੈ ਕਿ ਪਾਣੀਆਂ ਸਬੰਧੀ ਗੱਲਬਾਤ ਬਾਅਦ ਵਿੱਚ ਕੀਤੀ ਜਾਵੇਗੀ।


ਕੈਪਟਨ ਅਮਰਿੰਦਰ ਸਿੰਘ ਦੀ ਸਲਾਹ


ਕੈਪਟਨ ਨੇ ਕਿਹਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਪਹਿਲਾਂ ਸਾਰਿਆਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਸੀ। ਕੈਪਟਨ ਨੇ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਸ ਮੁੱਦੇ ’ਤੇ ਸਪੱਸ਼ਟ ਹੋਣਾ ਪਵੇਗਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਫਾਲਤੂ ਨਹੀਂ। ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਭਗਵੰਤ ਮਾਨ ਪੰਜਾਬ ’ਚ ਪਾਣੀ ਦੇ ਸੰਕਟ ਦੀ ਜ਼ਮੀਨੀ ਸਥਿਤੀ ਤੋਂ ਜਾਣੂ ਹਨ। 


ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰਿਆਣਾ ਸਮੇਤ ਕਿਸੇ ਹੋਰ ਰਾਜ ਲਈ ਵਾਧੂ ਪਾਣੀ ਨਹੀਂ ਹੈ, ਇਸ ਲਈ ਕਿਸੇ ਨੂੰ ਵੀ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਬਕਾ ਮੁੱਖ ਮੰਤਰੀ ਨੇ ਮਾਨ ਨੂੰ ਯਮੁਨਾ ਦੇ ਪਾਣੀ ਦਾ ਮੁੱਦਾ ਪ੍ਰਭਾਵਸ਼ਾਲੀ ਤੇ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਸਲਾਹ ਦਿੱਤੀ ਹੈ। 


ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਨ ਦੇ ਸੰਕੇਤ ਮਿਲ ਰਹੇ: ਅਕਾਲੀ ਦਲ
 
ਉਧਰ, ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਲ ਐਸਵਾਈਐਲ ਬਾਰੇ ਮੀਟਿੰਗ ਵਿੱਚ ਪੰਜਾਬ ਸਰਕਾਰ ਦਾ ਸਟੈਂਡ ਜਨਤਕ ਤੌਰ ’ਤੇ ਸਪੱਸ਼ਟ ਕਰਨ। ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵੱਲੋਂ ਆਪਣੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਨ ਦੇ ਸੰਕੇਤ ਮਿਲ ਰਹੇ ਹਨ।



ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹਾਲੇ ਤੱਕ ਪੰਜਾਬੀਆਂ ਨੂੰ ਆਪਣੇ ਸਟੈਂਡ ਬਾਰੇ ਨਹੀਂ ਦੱਸਿਆ ਤੇ ਨਾ ਹੀ ਇਸ ਮਾਮਲੇ ’ਤੇ ਸਰਬ ਪਾਰਟੀ ਮੀਟਿੰਗ ਸੱਦੀ ਹੈ, ਜਿਸ ਤੋਂ ਇਹ ਸਾਫ਼ ਹੋ ਰਿਹਾ ਹੈ ਕਿ ‘ਆਪ’ ਦੇ ਸਿਆਸੀ ਲਾਹੇ ਵਾਸਤੇ ਮੁੱਖ ਮੰਤਰੀ ਮਾਨ ਹਰਿਆਣਾ ਸਰਕਾਰ ਨਾਲ ਸਮਝੌਤਾ ਕਰਨ ਲਈ ਅਰਵਿੰਦ ਕੇਜਰੀਵਾਲ ਦੇ ਦਬਾਅ ਹੇਠ ਹਨ।