ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਮੁਲਾਜ਼ਮਾਂ ਨੂੰ ਵੱਡੀ ਖੁਸ਼ਖਬਰੀ (Good News) ਸੁਣਾਈ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ’ਤੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸੂਬੇ ਦੇ ਮੁੱਖ ਸਕੱਤਰ ਨੂੰ ਇਸ ਸਕੀਮ ਨੂੰ ਲਾਗੂ ਕਰਨ ਦੀ ਸੰਭਾਵਨਾ ਤਲਾਸ਼ਣ ਤੇ ਕਾਰਜਪ੍ਰਣਾਲੀ ਬਾਰੇ ਗੌਰ ਕਰਨ ਲਈ ਕਿਹਾ ਹੈ ਤਾਂ ਜੋ ਸੂਬੇ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲ ਸਕੇ।
ਮੁਲਾਜ਼ਮਾਂ ਦੀ ਭਲਾਈ ਸਬੰਧੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ।
ਦੱਸ ਦਈਏ ਕਿ ਸਾਲ 2004 ਵਿੱਚ ਪੁਰਾਣੀ ਪੈਨਸ਼ਨ ਸਕੀਮ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਮੁਲਾਜ਼ਮ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕਰਦੇ ਆ ਰਹੇ ਹਨ।
ਸਾਲਾਨਾ 10 ਹਜ਼ਾਰ ਕਰੋੜ ਰੁਪਏ ਦਾ ਵਾਧੂ ਬੋਝ ਪਏਗਾ
ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋਣ ਨਾਲ ਸੂਬਾ ਸਰਕਾਰ ’ਤੇ 10 ਹਜ਼ਾਰ ਕਰੋੜ ਰੁਪਏ ਸਾਲਾਨਾ ਦਾ ਬੋਝ ਵਧੇਗਾ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ 600 ਯੂਨਿਟ ਬਿਜਲੀ ਮੁਫ਼ਤ ਕਰਨ ਦੇ ਫੈਸਲੇ ਨਾਲ ਖਜ਼ਾਨੇ ’ਤੇ ਵਿੱਤੀ ਬੋਝ ਵਧਿਆ ਹੈ। ਪੰਜਾਬ ਸਿਰ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਅਜਿਹੇ ਹਾਲਾਤ ਵਿੱਚ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਜਾਂ ਹੋਰਨਾਂ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਰਣਨੀਤੀ ਤਿਆਰ ਕਰਨੀ ਪਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।