ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਖੇ ਹਿੰਦੂ ਸੰਗਠਨਾਂ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਈ ਹਿੰਸਕ ਝੜਪ ਦੀ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਪੁਰਾਣੀਆਂ ਰਵਾਇਤਾਂ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ।
ਇਸ ਘਟਨਾ ’ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੰਕਟ ਦੀ ਘੜੀ ਵਿਚ ਸੰਜਮ ਵਰਤਦੇ ਹੋਏ ਪੁਲੀਸ ਤੇ ਸਿਵਲ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਤੇ ਸਾਥ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਵਿਚ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕੀਤਾ, “ਪਟਿਆਲ਼ਾ ਵਿਚ ਝੜਪ ਹੋਣ ਦੀ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਮੈਂ ਡੀ.ਜੀ.ਪੀ. ਨਾਲ ਗੱਲ ਕੀਤੀ ਅਤੇ ਇਲਾਕੇ ਵਿਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਹਾਲਾਤ ਉਤੇ ਨੇੜਿਓਂ ਨਿਗ੍ਹਾ ਰੱਖੀ ਹੋਈ ਹੈ ਅਤੇ ਸੂਬੇ ਵਿਚ ਕਿਸੇ ਨੂੰ ਵੀ ਕੋਈ ਗੜਬੜ ਨਹੀਂ ਕਰਨ ਦਿੱਤੀ ਜਾਵੇਗੀ। ਪੰਜਾਬ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਵੱਧ ਮਹੱਤਵਪੂਰਨ ਹੈ।”
ਓਧਰ ਪਟਿਆਲਾ ‘ਚ ਵਾਪਰੀ ਘਟਨਾ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann)ਨੇ ਡੀ.ਜੀ.ਪੀ. ਅਤੇ ਪੰਜਾਬ ਦੇ ਵੱਡੇ ਅਧਿਕਾਰੀ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਦੌਰਾਨ ਸੀ.ਐੱਮ ਭਗਵੰਤ ਮਾਨ ਸਖ਼ਤ ਰਵੱਈਏ ’ਚ ਨਜ਼ਰ ਆਏ ਅਤੇ ਅਧਿਕਾਰੀਆਂ ਨੂੰ ਨਸੀਹਤ ਵੀ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਰੋਧੀ ਤਾਕਤਾਂ ਨੂੰ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦੇਵਾਂਗੇ। ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।