Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਲੋਕਤੰਤਰ ਦੀ ਪ੍ਰਸੰਸਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਇਹੀ ਖੂਬਸੂਰਤੀ ਹੈ ਕਿ ਮੇਰੇ ਵਰਗਾ ਆਮ ਘਰ ਦਾ ਮੁੰਡਾ ਮੁੱਖ ਮੰਤਰੀ ਬਣ ਗਿਆ। ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮਿਲਟਰੀ ਲਿਟਰੇਚਰ ਫੈਸਟੀਵਲ (ਐਮਐਲਐਫ) ਵਿੱਚ ਪਹੁੰਚੇ ਸਨ।</p






 

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਸਫ਼ਲਤਾਪੂਰਵਕ ਪ੍ਰਫੁੱਲਤ ਹੋਇਆ ਹੈ ਕਿਉਂਕਿ ਹਥਿਆਰਬੰਦ ਬਲਾਂ ਨੇ ਇਸ ਦੀ ਰਾਖੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਹਥਿਆਰਬੰਦ ਸੈਨਾਵਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਨੂੰ ਵੀ ਬਰਕਰਾਰ ਰੱਖਿਆ ਹੈ। ਇਸ ਕਾਰਨ ਹੀ ਭਾਰਤ ਅੱਜ ਦੁਨੀਆ ਭਰ ਵਿੱਚ ਸਭ ਤੋਂ ਸਫ਼ਲ ਲੋਕਤੰਤਰ ਵਜੋਂ ਉਭਰਿਆ ਹੈ।

ਮਾਨ ਨੇ ਕਿਹਾ ਕਿ ਪਾਕਿਸਤਾਨ ਵੀ ਭਾਰਤ ਦੇ ਨਾਲ ਹੀ ਆਜ਼ਾਦ ਹੋਇਆ ਸੀ, ਪਰ ਉਥੇ ਲੋਕਤੰਤਰ ਕਦੇ ਵੀ ਕਾਇਮ ਨਹੀਂ ਰਿਹਾ। ਉਸ ਦਾ ਕਾਰਨ ਹੈ ਕਿ ਫ਼ੌਜ ਨੇ ਗੁਆਂਢੀ ਮੁਲਕ ਵਿੱਚ ਕਈ ਵਾਰ ਚੁਣੀਆਂ ਹੋਈਆਂ ਸਰਕਾਰਾਂ ਨੂੰ ਭੰਗ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਭਾਰਤ ਵਿੱਚ ਹਥਿਆਰਬੰਦ ਬਲਾਂ ਦੀ ਸਰਗਰਮ ਭੂਮਿਕਾ ਕਾਰਨ ਲੋਕਤੰਤਰ ਇੱਕ ਸਫਲ ਵਰਤਾਰਾ ਰਿਹਾ ਹੈ।

ਇਸ ਦੌਰਾਨ ਸੀਐਮ ਮਾਨ ਨੇ ਮਿਲਟਰੀ ਲਿਟਰੇਚਰ ਫੈਸਟੀਵਲ (ਐਮਐਲਐਫ) ਦਾ ਦਾਇਰਾ ਜ਼ਿਲ੍ਹਾ ਤੇ ਯੂਨੀਵਰਸਿਟੀ ਪੱਧਰ ਤੱਕ ਵਧਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਫ਼ੌਜਾਂ ਦੀ ਅਮੀਰ ਵਿਰਾਸਤ ਤੋਂ ਜਾਣੂੰ ਕਰਵਾਉਣ ਤੇ ਉਨ੍ਹਾਂ ਵਿੱਚ ਫੌਜ ’ਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਜ਼ਿਲ੍ਹਾ ਤੇ ਯੂਨੀਵਰਸਿਟੀ ਪੱਧਰ ’ਤੇ ਇਹ ਮੇਲਾ ਕਰਵਾਏਗੀ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਰਾਸ਼ਟਰਵਾਦ ਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ। ਮਾਨ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ, ਪੱਛਮੀ ਕਮਾਂਡ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੁਖਨਾ ਝੀਲ ’ਤੇ ਕਰਵਾਏ ਗਏ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।